ਕਾਂਗਰਸ ਹਾਈਕਮਾਨ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਸੱਦਿਆ ਦਿੱਲੀ, ਜਲਦ ਹੋਵੇਗਾ ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ, 27 ਅਪ੍ਰੈਲ (ਜਗਬਾਣੀ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਆਪਣੇ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਾਕੀ ਰਹਿੰਦੇ ਉਮੀਦਵਾਰਾਂ ਦਾ ਆਉਂਦੇ ਇਕ ਦੋ ਦਿਨਾਂ ਤੱਕ ਐਲਾਨ ਹੋ ਜਾਵੇਗਾ। ਇਸ ਸਬੰਧੀ ਦਿੱਲੀ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਦਿੱਲੀ ਵਿਖੇ ਸੱਦਾ ਦੇ ਦਿੱਤਾ ਤਾਂ ਪੰਜਾਬ ਦੀ ਲੀਡਰਸ਼ਿਪ ਦਿੱਲੀ ਪਹੁੰਚਣਾ ਸ਼ੁਰੂ ਹੋ ਚੁੱਕੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਪ੍ਰਧਾਨ ਮਲਿੱਕਾਰਜੁਨ ਖੜਗੇ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੂੰ ਅੱਜ ਦਿੱਲੀ ਬੁਲਾਇਆ ਹੈ। ਇਸ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸ ਪਾਰਟੀ ਦੇ ਪੰਜਾਬ ਦੇ ਇੰਚਾਰਜ ਦਵਿੰਦਰ ਯਾਦਵ, ਸੀ.ਐੱਲ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ ਭਾਗ ਲੈਣਗੇ। ਇਸ ਤੋਂ ਇਲਾਵਾ ਮੀਟਿੰਗ ਵਿਚ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਭਗਤ ਚਰਨਦਾਸ ਹਾਜ਼ਰ ਰਹਿਣਗੇ।
ਜਾਣਕਾਰੀ ਮੁਤਾਬਕ ਹਾਈ ਕਮਾਨ ਨੇ ਰਹਿੰਦੇ ਉਮੀਦਵਾਰਾਂ ਦੇ ਨਾਵਾਂ ਨੂੰ ਫਾਈਨਲ ਕਰ ਲਿਆ ਹੈ। ਸਿਰਫ ਇਕ ਰਾਏ ਲਈ ਜਾਏਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਜਿਹੜੇ ਨਾਂ ਸਾਹਮਣੇ ਆ ਰਹੇ ਹਨ ਉਨ੍ਹਾਂ ’ਚ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਮੈਦਾਨ ਦੇ ਵਿਚ ਉਤਾਰਿਆ ਜਾ ਸਕਦਾ ਹੈ, ਤਾਂ ਸਾਬਕਾ ਮੰਤਰੀ ਰਾਣਾ ਗੁਰਜੀਤ ਦੇ ਬੇਟੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਨੂੰ ਖਡੂਰ ਸਾਹਿਬ ਤੋਂ ਮੈਦਾਨ ਦੇ ਵਿਚ ਉਤਾਰਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਫਿਰੋਜ਼ਪੁਰ ਤੋਂ ਮੈਦਾਨ ਦੇ ਵਿਚ ਉਤਾਰਿਆ ਜਾ ਸਕਦਾ ਹੈ ਤਾਂ ਗੁਰਦਾਸਪੁਰ ਤੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਨਾਂ ਸਾਹਮਣੇ ਆ ਰਿਹਾ ਹੈ। ਇਸੇ ਤਰ੍ਹਾਂ ਲੁਧਿਆਣਾ ਤੋਂ ਲਗਾਤਾਰ ਬੈਂਸ ਭਰਾਵਾਂ ਦੀ ਚਰਚਾ ਚੱਲ ਰਹੀ ਸੀ ਕਿ ਉਹ ਕਾਂਗਰਸ ਦੇ ਵਿਚ ਸ਼ਾਮਲ ਹੋ ਸਕਦੇ ਹਨ, ਜਿਸ ਤੋਂ ਤੋਂ ਬਾਅਦ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਪਰ ਖ਼ਬਰਾਂ ਇਹੀ ਸਾਹਮਣੇ ਆ ਰਹੀਆਂ ਹੈ ਕਿ ਫਿਲਹਾਲ ਬੈਂਸ ਭਰਾਵਾਂ ਨੂੰ ਕੋਈ ਕਾਂਗਰਸ ਦੇ ਵਿਚ ਸ਼ਾਮਲ ਕਰਵਾਉਣਾ ਹੈ ਜਾਂ ਨਹੀਂ ਇਸ ਬਾਰੇ ਕੋਈ ਸਪੱਸ਼ਟ ਸੂਚਨਾ ਨਹੀਂ ਹੈ, ਪਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਨਾਂ ਸਭ ਤੋਂ ਉੱਪਰ ਚੱਲ ਰਿਹਾ ਹੈ ਕਿ ਉਨ੍ਹਾਂ ਨੂੰ ਹੀ ਉਮੀਦਵਾਰ ਬਣਾਇਆ ਜਾ ਸਕਦਾ ਹੈ। ਹਾਲਾਂਕਿ ਸੀਨੀਅਰ ਕਾਂਗਰਸੀ ਆਗੂ ਪ੍ਰਗਟ ਸਿੰਘ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਅਤੇ ਸੰਜੇ ਤਲਵਾੜ ਵੀ ਲੁਧਿਆਣਾ ਤੋਂ ਟਿਕਟ ਦੀ ਦੌੜ ਵਿਚ ਹਨ।
ਵਰਨਣਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲ ਕਾਂਗਰਸ ਪਾਰਟੀ ਨੂੰ ਅੰਦਰ ਖਾਤੇ ਬਗਾਵਤ ਝੱਲਣੀ ਪੈ ਰਹੀ ਹੈ। ਕਈ ਲੀਡਰ ਪਾਰਟੀ ਛੱਡ ਕੇ ਦੂਜਿਆਂ ਨਾਲ ਮਿਲ ਗਏ ਹਨ ਅਤੇ ਕਈ ਹਾਲੇ ਵੀ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਕਾਂਗਰਸ ਨੇ ਹੁਣ ਤੱਕ ਅੱਠ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ, ਜਲੰਧਰ ਤੋਂ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ, ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੂਜੀ ਸੂਚੀ ਵਿਚ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਦੇ ਨਾਂ ਸ਼ਾਮਲ ਕੀਤੇ ਗਏ ਹਨ।