ਕੈਨੇਡਾ ਤੋਂ ਡਿਪੋਰਟ ਹੋਣਗੇ ਪੰਜਾਬ ਦੇ 25 ਵਿਦਿਆਰਥੀ,1500 ਫਰਜ਼ੀ ਦਾਖ਼ਲਾ ਪੱਤਰ ਫੜੇ
ਨਵੀਂ ਦਿੱਲੀ, 28 ਅਕਤੂਬਰ (ਰੋਜਾਨਾ ਸਪੋਕਸਮੈਨ)- ਕੈਨੇਡਾ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖ਼ਤ ਕਰਨਾ ਸ਼ੁਰੂ ਕਰ ਦਿੱਤਾ ਹੈ। ਸ਼ੁੱਕਰਵਾਰ ਦੇਰ ਰਾਤ ਐਲਾਨੇ ਗਏ ਨਵੇਂ ਵੀਜ਼ਾ ਨਿਯਮਾਂ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਦਾਖ਼ਲਾ ਪੱਤਰ ਤਸਦੀਕ ਕੀਤਾ ਜਾਵੇਗਾ। ਉਥੋਂ ਤਸਦੀਕ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਜਾਰੀ ਕੀਤਾ ਜਾਵੇਗਾ।
ਨਵੇਂ ਸਟੱਡੀ ਵੀਜ਼ਾ ਨਿਯਮਾਂ ਨੂੰ ਜਾਰੀ ਕਰਦਿਆਂ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਫਰਜ਼ੀ ਦਾਖ਼ਲਾ ਪੱਤਰ ਸਾਡੇ ਲਈ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ ਹਨ। ਕਈ ਵਾਰ ਵਿਦਿਆਰਥੀਆਂ ਨੂੰ ਵੀ ਇਸ ਧੋਖਾਧੜੀ ਬਾਰੇ ਪਤਾ ਨਹੀਂ ਹੁੰਦਾ। ਅਜਿਹੇ ਮਾਮਲਿਆਂ ਵਿੱਚ ਅਸੀਂ ਵਿਦਿਆਰਥੀਆਂ ਦੀ ਮਦਦ ਵੀ ਕਰਾਂਗੇ। ਮੈਂ ਪਿਛਲੇ ਕਈ ਹਫ਼ਤਿਆਂ ਵਿੱਚ ਬਹੁਤ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮਿਲਿਆ ਹਾਂ ਅਤੇ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਅਸਲੀ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਜਦਕਿ ਫਰਜ਼ੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਫਰਜ਼ੀ ਦਾਖਲੇ ਦੇ ਮਾਮਲਿਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ੇਸ਼ IRCC ਟਾਸਕ ਫੋਰਸ ਬਣਾਈ ਹੈ।
ਜਾਅਲੀ ਦਾਖਲਾ ਪੱਤਰ ਪਾਏ ਜਾਣ ਤੋਂ ਬਾਅਦ ਉਹਨਾਂ ਨੇ ਪਹਿਲਾਂ ਹੀ 1500 ਤੋਂ ਵੱਧ ਵਿਦਿਆਰਥੀਆਂ ਦੀਆਂ ਵੀਜ਼ਾ ਅਰਜ਼ੀਆਂ ਜ਼ਬਤ ਕੀਤੀਆਂ ਹਨ। ਇਹਨਾਂ ਵਿਚੋਂ 450 ਵਿਦਿਆਰਥੀ ਫਰਜ਼ੀ ਦਾਖਲਾ ਪੱਤਰਾਂ ਦੀ ਮਦਦ ਨਾਲ ਕਿਸੇ ਤਰ੍ਹਾਂ ਕੈਨੇਡਾ ਪਹੁੰਚ ਗਏ। ਇਨ੍ਹਾਂ ਵਿੱਚੋਂ 263 ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚੋਂ 63 ਕੇਸ ਸੱਚੇ ਅਤੇ 103 ਫਰਜ਼ੀ ਪਾਏ ਗਏ ਹਨ। ਇਨ੍ਹਾਂ ਵਿਚੋਂ 25 ਦੇ ਕਰੀਬ ਕੇਸ ਪੰਜਾਬ ਦੇ ਵਿਦਿਆਰਥੀਆਂ ਨਾਲ ਵੀ ਸਬੰਧਤ ਹਨ।
ਫਰਜ਼ੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਅਜਿਹੇ ਮਾਮਲਿਆਂ ਵਿਚ ਜਿੱਥੇ ਵਿਦਿਆਰਥੀਆਂ ਦੀ ਕੋਈ ਗਲਤੀ ਨਹੀਂ ਪਾਈ ਜਾਂਦੀ, ਉਨ੍ਹਾਂ ਨੂੰ ਇੱਕ ਅਸਥਾਈ ਸਟੱਡੀ ਵੀਜ਼ਾ ਦਿੱਤਾ ਜਾਵੇਗਾ ਅਤੇ ਆਪਣੀ ਪੜ੍ਹਾਈ ਜਾਰੀ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਹਾਲਾਂਕਿ ਜਲੰਧਰ ਦੇ ਵੀਜ਼ਾ ਸਲਾਹਕਾਰ ਵੱਲੋਂ ਭੇਜੇ ਗਏ 700 ਵਿਦਿਆਰਥੀਆਂ ਦਾ ਮਾਮਲਾ ਵੱਖਰਾ ਹੈ, ਜਿਸ ਦੀ ਵੱਖਰੀ ਜਾਂਚ ਚੱਲ ਰਹੀ ਹੈ।