ਕੈਬਨਿਟ ਮੰਤਰੀ ਅਮਨ ਅਰੋੜਾ ਨੇ 2 ਸਾਲ ਦੀ ਸਜ਼ਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿਚ ਦਿਤੀ ਚੁਣੌਤੀ
ਚੰਡੀਗੜ੍ਹ, 10 ਜਨਵਰੀ (ਰੋਜਾਨਾ ਸਪੋਕਸਮੈਨ)- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ 15 ਸਾਲ ਪੁਰਾਣੇ ਇਕ ਕੇਸ ਵਿਚ ਸੁਨਾਮ ਦੀ ਅਦਾਲਤ ਵਲੋਂ ਸੁਣਾਈ ਗਈ ਦੋ ਸਾਲ ਦੀ ਸਜ਼ਾ ਨੂੰ ਸੰਗਰੂਰ ਦੀ ਜ਼ਿਲ੍ਹਾ ਅਦਾਲਤ ਵਿਚ ਚੁਣੌਤੀ ਦਿਤੀ ਹੈ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 15 ਜਨਵਰੀ ਨੂੰ ਕਰੇਗੀ। ਅਦਾਲਤ ਵਲੋਂ ਦੋਵਾਂ ਧਿਰਾਂ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤੇ ਗਏ ਹਨ।
ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਸੀ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਉਨ੍ਹਾਂ ਨੂੰ ਹਟਾਉਣ ਸਬੰਧੀ ਰੀਪੋਰਟ ਮੰਗੀ ਸੀ।
21 ਦਸੰਬਰ ਨੂੰ ਸੰਗਰੂਰ ਜ਼ਿਲ੍ਹੇ ਦੀ ਇਕ ਅਦਾਲਤ ਨੇ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ 2008 ਨਾਲ ਸਬੰਧਤ ਇਕ ਮਾਮਲੇ ਵਿਚ ਦਿਤੀ ਗਈ ਸੀ। ਇਸ ਵਿਚ ਅਮਨ ਅਰੋੜਾ ਦਾ ਅਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ।
ਉਨ੍ਹਾਂ ’ਤੇ ਇਲਜ਼ਾਮ ਸੀ ਕਿ 15 ਸਾਲ ਪਹਿਲਾਂ ਅਮਨ ਅਰੋੜਾ ਨੇ ਘਰ ‘ਚ ਦਾਖਲ ਹੋ ਕੇ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿਚ ਅਮਨ ਅਰੋੜਾ ਅਤੇ ਹੋਰਨਾਂ ਵਿਰੁਧ ਆਈਪੀਸੀ ਦੀ ਧਾਰਾ 452 ਅਤੇ 323 ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੰਗਰੂਰ ਦੀ ਅਦਾਲਤ ਨੇ ਧਾਰਾ 452 ਤਹਿਤ 2 ਸਾਲ ਅਤੇ ਧਾਰਾ 323 ਤਹਿਤ 1 ਸਾਲ ਦੀ ਸਜ਼ਾ ਸੁਣਾਈ ਸੀ। ਦੋਵੇਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ। ਹਾਲਾਂਕਿ ਉਨ੍ਹਾਂ ਕੋਲ ਇਸ ਫੈਸਲੇ ਵਿਰੁਧ ਅਪੀਲ ਦਾਇਰ ਕਰਨ ਲਈ 30 ਦਿਨ ਹਨ।