ਚੁਸ਼ਪਿੰਦਰਬੀਰ ਸਿੰਘ ਚਹਿਲ ਅਪਣੇ ਸਮਰਥਕਾਂ ਸਣੇ ਆਮ ਆਦਮੀ ਪਾਰਟੀ ਵਿਚ ਸ਼ਾਮਲ
ਚੰਡੀਗੜ੍ਹ, 6 ਮਈ (ਰੋਜਾਨਾ ਸਪੋਕਸਮੈਨ)- ਆਮ ਆਦਮੀ ਪਾਰਟੀ ਨੂੰ ਮਾਲਵੇ ‘ਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਕੇ ‘ਆਪ’ ਦਾ ਪੱਲਾ ਫੜਿਆ। ਅੱਜ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਚੁਸਪਿੰਦਰਬੀਰ ਚਾਹਲ ਅਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ। ਮੁੱਖ ਮੰਤਰੀ ਨੇ ਇਨ੍ਹਾਂ ਸਾਰਿਆਂ ਦਾ ਪਾਰਟੀ ‘ਚ ਸਵਾਗਤ ਕੀਤਾ।
ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸ਼ਪਿੰਦਰਬੀਰ ਸਿੰਘ ਚਹਿਲ ਨੇ ਅਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੂੰ ਭੇਜਿਆ। ਉਨ੍ਹਾਂ ਨੇ ਅਸਤੀਫ਼ੇ ਵਿਚ ਲਿਖਿਆ, “ਮੈਂ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਤੋਂ ਨਿਰਾਸ਼ ਹੋ ਕੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ”।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਤੋਂ ਸਿੱਧੂ ਮੂਸੇਵਾਲਾ ਨੂੰ ਉਮੀਦਵਾਰ ਐਲਾਨਣ ’ਤੇ ਵੀ ਚੁਸ਼ਪਿੰਦਰਬੀਰ ਚਹਿਲ ਨੇ ਵਿਰੋਧ ਜਤਾਇਆ ਸੀ। ਉਨ੍ਹਾਂ ਦਾ ਕਹਿਣਾ ਸੀ, “ਲੱਚਰ ਅਤੇ ਗੈਰ-ਸੱਭਿਅਕ ਗਾਇਕੀ ਸਹਾਰੇ ਟਿਕਟ ਭਾਲਣ ਵਾਲੇ ਗਾਇਕ ਨੂੰ ਲੋਕ ਲਹਿਰਾਂ ਨਾਲ ਜੁੜੇ ਇਸ ਜ਼ਿਲ੍ਹੇ ਦੇ ਵਾਸੀ ਬਿਲਕੁਲ ਪਸੰਦ ਨਹੀਂ ਕਰਨਗੇ”।