ਜੇਲ੍ਹ ‘ਚ ਬੰਦ ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ, ਸਵੇਰ ਤੋਂ ਨਹੀਂ ਖਾਧਾ ਕੁਝ ਵੀ
ਪਟਿਆਲਾ, 5 ਦਸੰਬਰ (ਡੇਲੀ ਪੋਸਟ ਪੰਜਾਬੀ)- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਮੰਗਲਵਾਰ ਨੂੰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹਰ ਰੋਜ਼ ਦੀ ਤਰ੍ਹਾਂ ਮੰਗਲਵਾਰ ਸਵੇਰੇ ਜਦੋਂ ਜੇਲ੍ਹ ਸਟਾਫ਼ ਉਸ ਕੋਲ ਖਾਣਾ ਲੈ ਕੇ ਪਹੁੰਚਿਆ ਤਾਂ ਉਨ੍ਹਾਂ ਨੇ ਖਾਣ ਤੋਂ ਇਨਕਾਰ ਕਰ ਦਿੱਤਾ।
ਬਲਵੰਤ ਸਿੰਘ ਦੇ ਭੁੱਖ ਹੜਤਾਲ ’ਤੇ ਚਲੇ ਜਾਣ ਦੀ ਪੁਸ਼ਟੀ ਕਰਦਿਆਂ ਅਧਿਕਾਰੀਆਂ ਨੇ ਕਿਹਾ ਕਿ ਜੇਲ੍ਹ ਵਿੱਚ ਉਨ੍ਹਾਂ ਦੀ ਭੈਣ ਤੋਂ ਇਲਾਵਾ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਬਲਵੰਤ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ ਪਰ ਪਟੀਸ਼ਨ ‘ਤੇ ਕੇਂਦਰ ਵੱਲੋਂ ਕੋਈ ਜਵਾਬ ਨਾ ਮਿਲਣ ‘ਤੇ ਉਨ੍ਹਾਂ ਨੇ ਰੋਸ ਪ੍ਰਗਟਾਇਆ ਹੈ।
ਜਿਸ ਤੋਂ ਬਾਅਦ ਉਨ੍ਹਾਂ 5 ਦਸੰਬਰ ਤੋਂ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਸਨ ਪਰ ਉਨ੍ਹਾਂ ਦੇ ਭਰੋਸੇ ਤੋਂ ਬਾਅਦ ਵੀ ਕੋਈ ਨਤੀਜਾ ਨਹੀਂ ਨਿਕਲਿਆ ਜਿਸ ਕਰਕੇ ਭਾਈ ਰਾਜੋਆਣਾ ਭੁੱਖ ਹੜਤਾਲ ‘ਤੇ ਚਲੇ ਗਏ। ਬਲਵੰਤ ਸਿੰਘ ਰਾਜੋਆਣਾ ਦੀ ਭੈਣ ਅਜੇ ਤੱਕ ਉਨ੍ਹਾਂ ਨੂੰ ਨਹੀਂ ਮਿਲੀ ਪਰ ਉਨ੍ਹਾਂ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ ਮੁਲਾਕਾਤ ਤੋਂ ਬਾਅਦ ਉਹ ਅੱਜ ਦੁਪਹਿਰ 12 ਵਜੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਨਗੇ।
ਭਾਈ ਰਾਜੋਆਣਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਭੁੱਖ ਹੜਤਾਲ ਦਾ ਅਲਟੀਮੇਟਮ ਦੇਣ ‘ਤੇ ਸ਼੍ਰੋਮਣੀ ਕਮੇਟੀ ਨੇ ਮੀਟਿੰਗ ਸੱਦੀ ਸੀ, ਜਿਸ ਮਗਰੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੂੰ ਜਿਉਂਦੇ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ ਸਿੱਖ ਕੌਮ 5 ਦਸੰਬਰ ਨੂੰ ਹੜਤਾਲ ਨਹੀਂ ਕਰਨਾ ਚਾਹੁੰਦੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਾਰੀਆਂ ਸਿੱਖ ਜਥੇਬੰਦੀਆਂ ਨੂੰ 20 ਦਸੰਬਰ ਨੂੰ ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ।
ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚ ਕੱਢਿਆ ਜਾਵੇਗਾ। ਇਹ ਰੋਸ ਮਾਰਚ ਰਾਸ਼ਟਰਪਤੀ ਭਵਨ ਤੱਕ ਕੱਢਿਆ ਜਾਵੇਗਾ। ਉਹ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਸਾਰੇ 26 ਲੱਖ ਭਰੇ ਫਾਰਮ ਸੌਂਪਣਗੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਪ੍ਰਵਾਸੀ ਭਾਰਤੀ ਸਿੱਖਾਂ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮੁੱਦਾ ਸਰਕਾਰ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ 20 ਦਸੰਬਰ ਦੇ ਧਰਨੇ ਵਿੱਚ ਇਕੱਠੇ ਹੋਣ ਦੀ ਅਪੀਲ ਕੀਤੀ।