ਡੀ.ਸੀ ਦਫਤਰ ਦੇ ਸਾਹਮਣੇ ਵਿਸ਼ਾਲ ਰੋਸ ਰੈਲੀ ਕਰਕੇ ਸਰਕਾਰ ਦਾ ਕੀਤਾ ਪਿੱਟ ਸਿਆਪਾ- ਅਮਰੀਕ ਸਿੰਘ ਸੰਧੂ
– ਕਲਮ ਛੋੜ ਹੜਤਾਲ ਪੰਦਰਵੇਂ ਦਿਨ ਵੀ ਜਾਰੀ
ਫ਼ਰੀਦਕੋਟ, 25 ਨਵੰਬਰ (ਪੰਜਾਬ ਡਾਇਰੀ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਅੱਜ ਲਗਾਤਾਰ ਪੰਦਰਵੇਂ ਦਿਨ ਵੀ ਪੰਜਾਬ ਦੇ ਮਨਿਸਟਰੀਅਲ ਮੁਲਾਜ਼ਮ ਵੱਲੋਂ ਕਲਮ ਛੋੜ ਹੜਤਾਲ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਕਰਕੇ ਸਮੁੱਚਾ ਦਫਤਰੀ ਕੰਮ ਠੱਪ ਕਰਕੇ ਦਫਤਰਾਂ ਦੇ ਸਾਹਮਣੇ ਰੋਸ ਰੈਲੀਆਂ ਕੀਤੀਆਂ ਗਈਆ| ਇਹਨਾਂ ਰੋਸ ਰੈਲੀਆਂ ਵਿੱਚ ਵੱਡੀ ਗਿਣਤੀ ਵਿੱਚ ਮਨਿਸਟੀਰੀਅਲ ਮੁਲਾਜ਼ਮਾ ਵੱਲੋਂ ਸ਼ਾਮਿਲ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ|
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨ ਜੈਨ ਜ਼ਿਲ੍ਹਾ ਜਨਰਲ ਸਕੱਤਰ, ਸੇਵਕ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਦਿਲਬਾਗ ਸਿੰਘ ਐਡੀਸ਼ਨਲ ਜਨਰਲ ਸਕੱਤਰ, ਬਖਸ਼ੀਸ਼ ਸਿੰਘ ਵਿੱਤ ਸਕੱਤਰ, ਧਰਮਿੰਦਰ ਸਿੰਘ ਸਹਾਇਕ ਵਿੱਤ ਸਕੱਤਰ ਡੀ.ਸੀ ਦਫਤਰ, ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਜਸਵਿੰਦਰ ਸਿੰਘ ਸਾਬਕਾ ਪ੍ਰਧਾਨ ਆਬਕਾਰੀ ਤੇ ਕਰ ਵਿਭਾਗ, ਅਮਰਜੀਤ ਸਿੰਘ ਪੰਨੂ ਪ੍ਰਧਾਨ ਸਿੱਖਿਆ ਵਿਭਾਗ ਅਤੇ ਚੰਦਨ ਦੂਆ ਇੰਡਸਟਰੀ ਵਿਭਾਗ ਨੇ ਦੱਸਿਆ ਕਿ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਗਵਾਈ ਵਿੱਚ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਮਿਤੀ 8-11-2023 ਚੱਲ ਰਹੀ ਕਲਮ ਛੋੜ ਹੜਤਾਲ ਵਿੱਚ ਮਿਤੀ 28-11-2023 ਤੱਕ ਦਾ ਵਾਧਾ ਕੀਤਾ ਗਿਆ ਹੈ।ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕੋਈ ਵੀ ਕੈਬਨਿਟ ਮੰਤਰੀ ਕਿਸੇ ਵੀ ਜ਼ਿਲੇ ਵਿੱਚ ਸਰਕਾਰੀ ਪ੍ਰੋਗਰਾਮ ਵਿੱਚ ਆਉਂਦਾ ਹੈ ਤਾਂ ਉਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਜ਼ਾਹਰ ਕੀਤਾ ਜਾਵੇਗਾ|
ਮਿਤੀ 24-11-2023 ਨੂੰ ਡੀ.ਸੀ ਦਫਤਰ ਦੇ ਸਾਹਮਣੇ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਵਿਸ਼ਾਲ ਰੋਸ ਰੈਲੀ ਕਰਕੇ ਬਾਜ਼ਾਰਾਂ ਵਿੱਚ ਮਾਰਚ ਕਰਨ ਉਪਰੰਤ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਸਾੜੀ ਜਾਵੇਗੀ| ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਵੱਲੋ ਡੀ.ਸੀ ਦਫਤਰ ਦੇ ਸਾਹਮਣੇ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਸਰਕਾਰ ਨੇ ਪਿਛਲੇ ਸਮੇਂ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਦੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੇ ਅਤੇ ਨਾ ਹੀ ਵਾਅਦੇ ਮੁਤਾਬਕ ਜਥੇਬੰਦੀ ਨੂੰ ਦੁਬਾਰਾ ਮੀਟਿੰਗ ਲਈ ਸਮਾਂ ਦਿੱਤਾ ਹੈ| ਜਿਸ ਕਰਕੇ ਮਨਿਸਟੀਰੀਅਲ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ|
ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਵੱਲੋਂ ਮਜਬੂਰਨ ਮਿਤੀ 28-11-2023 ਨੂੰ ਮੀਟਿੰਗ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਅਤੇ ਸੜਕਾਂ ਤੇ ਉਤਰਨ ਤੋਂ ਵੀ ਗੁਰੇਜ ਨਹੀਂ ਕੀਤਾ ਜਾਵੇਗਾ|