ਪ੍ਰਦੂਸ਼ਣ ‘ਤੇ SC ਚਿੰਤਤ, ਕਿਹਾ-‘ਨਜਿੱਠਣ ਦੇ ਦਾਅਵੇ ਸਿਰਫ਼ ਕਾਗਜ਼ਾਂ ‘ਤੇ, ਜ਼ਮੀਨੀ ਹਕੀਕਤ ਕੁਝ ਹੋਰ’
ਦਿੱਲੀ, 1 ਨਵੰਬਰ (ਡੇਲੀ ਪੋਸਟ ਪੰਜਾਬੀ)- ਹਵਾ ਪ੍ਰਦੂਸ਼ਣ ਦੀ ਸਥਿਤੀ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਘਰ ਤੋਂ ਬਾਹਰ ਕਦਮ ਰੱਖਣਾ ਵੀ ਮੁਸ਼ਕਲ ਹੋ ਗਿਆ ਹੈ। ਕੁਝ ਦਹਾਕੇ ਪਹਿਲਾਂ ਤੱਕ ਇਹ ਦਿੱਲੀ ਦਾ ਸਭ ਤੋਂ ਚੰਗਾ ਸਮਾਂ ਹੁੰਦਾ ਸੀ ਪਰ ਹੁਣ ਹਾਲਾਤ ਵੱਖ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਦੂਸ਼ਣ ਨਾਲ ਨਜਿੱਠਣ ਦੇ ਦਾਅਵੇ ਸਿਰਫ ਕਾਗਜ਼ਾਂ ‘ਤੇ ਹਨ ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ।
ਦਿੱਲੀ ਤੋਂ ਇਲਾਵਾ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਤੋਂ ਹਲਫਨਾਮਾ ਦਾਇਰ ਕਰਕੇ ਪ੍ਰਦੂਸ਼ਣ ਰੋਕਣ ਲਈ ਕੀਤੇ ਗਏ ਉਪਾਵਾਂ ਦੀ ਜਾਣਕਾਰੀ ਮੰਗੀ ਹੈ। ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਸੁਧਾਂਸ਼ੂ ਧੂਲੀਆ ਤੇ ਜਸਟਿਸ ਪੀਕੇ ਮਿਸ਼ਰ ਦੀ ਬੈਂਚ ਨੇ ਕਿਹਾ ਕਿ ਸਾਰੇ ਸੂਬੇ ਇਕ ਹਫਤੇ ਵਿਚ ਹਲਫਨਾਮਾ ਦਾਇਰ ਕਰਕੇ ਜਾਣਕਾਰੀ ਦੇਣਗੇ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪਰਾਲੀ ਸਾੜਨਾ ਹਵਾ ਪ੍ਰਦੂਸ਼ਣ ਦੇ ਮੁੱਖ ਕਾਰਨਾਂ ਵਿਚੋਂ ਇਕ ਹੈ। ਪੰਜਾਬ ਵਿਚ ਭਾਰੀ ਗਿਣਤੀ ਵਿਚ ਪਰਾਲੀ ਸਾੜੀ ਜਾ ਰਹੀ ਹੈ। ਮਾਮਲੇ ਦੀ ਅਗਲੀ ਸੁਣਵਾਈ 7 ਨਵੰਬਰ ਨੂੰ ਹੋਵੇਗੀ।
ਜਸਟਿਸ ਕੌਲ ਨੇ ਕਿਹਾ ਕਿ ਹੁਣ ਵੀ ਦਿੱਲੀ ਵਿਚ ਏਕਿਊਆਈ ਬੇਹੱਦ ਖਰਾਬ ਸਥਿਤੀ ਵਿਚ ਹੈ। AQI ਵਿਚ ਕੋਈ ਸੁਧਾਰ ਨਹੀਂ ਹੋ ਰਿਹਾ ਤੇ ਆਉਣ ਵਾਲੀਆਂ ਪੀੜ੍ਹੀਆਂ ‘ਤੇ ਇਸ ਦਾ ਬੁਰਾ ਅਸਰ ਪਵੇਗਾ। ਕੇਂਦਰ ਸਰਕਾਰ ਵੱਲੋਂ ਪ੍ਰਦੂਸ਼ਣ ਨੂੰ ਰੋਕਣ ਲਈ ਕਈ ਠੋਸ ਕਦਮ ਚੁੱਕੇ ਜਾ ਰਹੇ ਹਨ।