ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦਾ ਅਲਰਟ ਜਾਰੀ
ਚੰਡੀਗੜ੍ਹ, 9 ਮਈ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਨਾਲ-ਨਾਲ ਦੇਸ਼ ਦੇ ਕਈ ਰਾਜਾਂ ਵਿੱਚ ਗਰਮੀ ਦਾ ਭਿਆਨਕ ਰੂਪ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ 3 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ਤੇ ਇਸਦੇ ਨਾਲ ਲੱਗਦੇ ਸੂਬਿਆਂ ਵਿੱਚ 10 ਅਤੇ 11 ਮਈ ਨੂੰ ਮੌਸਮ ਬਦਲਣ ਦੀ ਸੰਭਾਵਨਾ ਹੈ । ਜਿਸ ਕਾਰਨ 10 ਮਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈ ਸਕਦਾ ਹੈ । ਇਸਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ ।
ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 9 ਮਈ ਨੂੰ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ, ਛੱਤੀਸਗੜ੍ਹ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸਦੇ ਨਾਲ ਹੀ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਉੱਤਰ-ਪੂਰਬੀ ਭਾਰਤ, ਕਰਨਾਟਕ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ । ਇਸਦੇ ਨਾਲ ਹੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਜੇਕਰ ਇੱਥੇ ਦੇਸ਼ ਦੀ ਰਾਜਧਾਨੀ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਵਿੱਚ ਵੀ ਹਾਲੇ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ । ਮੰਗਲਵਾਰ ਨੂੰ ਦਿੱਲੀ ਅਤੇ ਉਸਦੇ ਆਸਪਾਸ ਦੇ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ । ਮੌਸਮ ਵਿਭਾਗ ਅਨੁਸਾਰ 10 ਮਈ ਤੱਕ ਦਿੱਲੀ ਵਾਸੀਆਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਨਹੀਂ ਮਿਲੇਗੀ, ਹਾਲਾਂਕਿ 11-12 ਮਈ ਨੂੰ ਦਿੱਲੀ-ਐਨਸੀਆਰ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ ।