ਪੰਜਾਬ ਵਿਚ ਗਰਮੀ ਨੇ ਤੋੜੇ ਰਿਕਾਰਡ, ਇਸ ਸ਼ਹਿਰ ‘ਚ ਸਭ ਤੋਂ ਵੱਧ ਤਾਪਮਾਨ, 5 ਦਿਨਾਂ ਲਈ ਰੈੱਡ ਅਲਰਟ
ਚੰਡੀਗੜ੍ਹ, 20 ਮਈ (ਨਿਊਜ 18)- ਪੂਰੇ ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਹੈ। ਰਾਜਸਥਾਨ, ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਵਿੱਚ ਗਰਮੀ ਨੇ ਰਿਕਾਰਡ ਤੋੜ ਦਿੱਤੇ ਹਨ। ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ, ਗੁਰੂਗ੍ਰਾਮ ਅਤੇ ਆਸਪਾਸ ਦੇ ਇਲਾਕਿਆਂ ‘ਚ ਵੀ ਭਿਆਨਕ ਗਰਮੀ (Weather Upadate) ਤੋਂ ਲੋਕ ਪਰੇਸ਼ਾਨ ਹਨ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਆਉਣ ਵਾਲੇ ਦਿਨਾਂ ਵਿੱਚ ਦਿੱਲੀ, ਉੱਤਰ ਪ੍ਰਦੇਸ਼, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਤਾਪਮਾਨ 43 ਤੋਂ 45 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ।
ਪੰਜਾਬ ਤੇ ਹਰਿਆਣਾ ਵਿਚ ਪਿਛਲੇ ਇਕ ਹਫ਼ਤੇ ਤੋਂ ਚੱਲ ਰਹੀ ਲੂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਗਰਮੀ ਕਰਕੇ ਲੋਕ ਘਰਾਂ ਵਿਚ ਤੜੇੇ ਰਹਿਣ ਲਈ ਮਜਬੂਰ ਹਨ। ਪੰਜਾਬ ਦਾ ਪਠਾਨਕੋਟ ਸ਼ਹਿਰ 45.5 ਡਿਗਰੀ ਦੇ ਸਿਖਰਲੇ ਤਾਪਮਾਨ ਨਾਲ ਅੱਜ ਸਭ ਤੋਂ ਗਰਮ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿਚ 20, 21, 22 ਤੇ 23 ਮਈ ਨੂੰ ਅਤਿ ਦੀ ਗਰਮੀ ਪੈਣ ਦੀ ਚਿਤਾਵਨੀ ਜਾਰੀ ਕਰਦਿਆਂ ਰੈੱਡ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4-5 ਦਿਨਾਂ ਵਿੱਚ ਸੂਬੇ ਦਾ ਤਾਪਮਾਨ 46 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਗਰਮ ਹਵਾਵਾਂ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਸੂਬੇ ਵਿਚ ਪਿਛਲੇ ਇਕ ਹਫਤੇ ਤੋਂ ਪੈ ਰਹੀ ਅਤਿ ਦੀ ਗਰਮੀ ਕਰਕੇ ਬੱਚਿਆਂ ਨੂੰ ਸਕੂਲ ਜਾਣ ਵਿਚ ਦਿੱਕਤ ਆ ਰਹੀ ਹੈ ਅਤੇ ਨੌਜਵਾਨਾਂ ਨੂੰ ਨਿੱਤ ਕੰਮ ਉਤੇ ਜਾਣ ਸਮੇਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਗਿਆਨੀਆਂ ਵੱਲੋਂ ਵੀ ਲੋਕਾਂ ਨੂੰ ਲੋੜ ਅਨੁਸਾਰ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ।ਪੰਜਾਬ ਵਿੱਚ ਪਠਾਨਕੋਟ ਸਭ ਤੋਂ ਗਰਮ ਸ਼ਹਿਰ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਹੈ।
ਇਸ ਦੇ ਨਾਲ ਹੀ ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੇਦਰ ਦੇ ਮੁਤਾਬਕ ਤੇਲੰਗਾਨਾ, ਕਰਨਾਟਕ, ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼, ਲਕਸ਼ਦੀਪ, ਉੜੀਸਾ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਨਿਕੋਬਾਰ ਟਾਪੂ ਅਤੇ ਉੱਤਰ ਪੂਰਬੀ ਭਾਰਤ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ, ਕੋਂਕਣ, ਗੋਆ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ‘ਚ ਵੀ ਮੀਂਹ ਪੈ ਸਕਦਾ ਹੈ।