ਰਾਜ ਸਭਾ ਮੈਂਬਰ ਸਾਹਨੀ ਵੱਲੋਂ ਪਟਿਆਲਾ ਲਈ 5.5 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
ਪਟਿਆਲਾ, 5 ਫਰਵਰੀ (ਬਾਬੂਸ਼ਾਹੀ)- ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪਟਿਆਲਾ ਲਈ 5.5 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੀ ਸਰਕਟ ਹਾਊਸ ਪਟਿਆਲਾ ਮੌਜੂਦ ਸਨ।
ਅੱਜ ਇੱਥੇ ਸਰਕਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਮ.ਪੀ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੀ ਸਨ ਫਾਂਉਡੇਸ਼ਨ ਵਲੋਂ ਰੈਡ ਕਰਾਸ ਨਾਲ ਇੱਕ ਸਮਝੌਤਾ ਕੀਤਾ ਜਾਵੇਗਾ, ਇਸ ਤਹਿਤ 50 ਲੱਖ ਰੁਪਏ ਖਰਚਕੇ ਪਟਿਆਲਾ ਸਥਿਤ ਸਾਕੇਤ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਨੂੰ 30 ਬੈਡ ਤੋਂ 50 ਬੈਡਜ ਵਜੋਂ ਅਪਗਰੇਡ ਕਰਕੇ ਇੱਥੇ ਨਸ਼ਾ ਮੁਕਤੀ ਲਈ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਮਾਡਲ ਸਕਿਲ ਡਿਵੈਲਪਮੈਂਟ ਸੈਂਟਰ ਬਣਾਇਆ ਜਾਵੇਗਾ। ਇਸ ਤੋਂ ਬਿਨ੍ਹਾਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨਸ਼ਾ ਮੁਕਤੀ ਕੇਂਦਰ ਵਿਖੇ ਵੀ ਹੁਨਰ ਵਿਕਾਸ ਲਈ ਕੇਂਦਰ ਖੋਲ੍ਹਿਆ ਜਾਵੇਗਾ।ਉਹ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇੜੇ ਜੇਲ੍ਹ ਰੋਡ ‘ਤੇ ਲੰਮੇ ਸਮੇਂ ਤੋਂ ਅਧੂਰੀ ਪਈ ਬਿਲਡਿੰਗ ਵਿਖੇ ਵੀ ਗਏ।
ਉਨ੍ਹਾਂ ਐਲਾਨ ਕੀਤਾ ਕਿ ਇਸ ਬਿਲਡਿੰਗ ਉੱਪਰ ਲਗਭਗ 2 ਕਰੋੜ ਰੁਪਏ ਖਰਚ ਕਰਕੇ ਮਾਡਲ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਸਥਾਪਿਤ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਬਿਲਡਿੰਗ ਬਹੁਤ ਪੁਰਾਣੀ ਅਤੇ ਅਧੂਰੀ ਪਈ ਹੈ ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਖੰਡਰ ਬਣਾ ਕੇ ਰੱਖਿਆ ਹੋਇਆ ਸੀ, ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਬਿਲਡਿੰਗ ਨੂੰ ਵਰਤੋਂ ’ਚ ਲਿਆਵੇਗੀ।ਰਾਜ ਸਭਾ ਮੈਂਬਰ ਨੇ ਅੱਗੇ ਦੱਸਿਆ ਕਿ ਪਟਿਆਲਾ ਸ਼ਹਿਰੀ ਹਲਕੇ ਵਿੱਚ ਕਮਿਉਨਿਟੀ ਸੈਂਟਰ ਲਈ 50 ਲੱਖ ਰੁਪਏ ਦਿੱਤੇ ਜਾਣਗੇ।
ਐਮ.ਪੀ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਉਹ ਪਹਿਲਾਂ ਹੀ ਐਲਾਨ ਕਰਕੇ ਆਏ ਹਨ ਕਿ 2 ਕਰੋੜ ਰੁਪਏ ਪੰਜਾਬੀ ਯੂਨੀਵਰਸਿਟੀ ਦੀ ਲਾਇਬ੍ਰੇਰੀ ਵਾਸਤੇ ਇੱਕ ਹੋਰ ਰੀਡਿੰਗ ਹਾਲ ਬਣਾਉਣ ਲਈ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਇਸ ਦੇ ਨੌਂ ਹਜ਼ਾਰ ਤੋਂ ਵਧੇਰੇ ਵਿਦਿਆਰਥੀ ਇਸ ਦਾ ਪੂਰਾ ਲਾਭ ਉਠਾ ਸਕਣ।ਉਨ੍ਹਾਂ ਨੇ ਕਿਹਾ ਕਿ 1.25 ਕਰੋੜ ਰੁਪਏ ਨਾਲ ਯੂਨੀਵਰਸਿਟੀ ਦੇ ਤਲਵੰਡੀ ਸਾਬੋ ਇੰਜੀਨੀਅਰਿੰਗ ਕਾਲਜ ਵਿਖੇ ਇੰਟਰਨੈਸ਼ਨਲ ਲੈਵਲ ਦਾ ਸਕਿਲ ਡਿਵੈਲਪਮੈਂਟ ਸੈਂਟਰ ਬਣਾਇਆ ਜਾਵੇਗਾ।ਉਨ੍ਹਾਂ ਨੇ ਗੁਰੂ ਤੇਗ ਬਹਾਦਰ ਹਾਲ ਦੇ ਨਵੀਂਨੀਕਰਨ ਵਾਸਤੇ 25 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਵੀ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਗੁਰੂ ਤੇਗ ਬਹਾਦਰ ਐਡੀਟੋਰੀਅਮ ਉਤਰੀ ਜ਼ੋਨ ਦਾ ਸਭ ਤੋਂ ਸ਼ਾਨਦਾਰ ਐਡੀਟੋਰੀਅਮ ਹੋਵੇ ਅਤੇ ਵਿਦਿਆਰਥੀਆਂ ਦੀਆਂ ਵੱਧ ਤੋਂ ਵੱਧ ਗਤੀਵਿਧੀਆਂ ਏਥੇ ਹੀ ਹੋਣ। ਇਸ ਦੌਰਾਨ ਉਨ੍ਹਾਂ ਨੇ ਆਪਣੀ ਪੜ੍ਹਾਈ ਦੌਰਾਨ ਯੂਨੀਵਰਸਿਟੀ ਵਿੱਚ ਬਿਤਾਏ ਗਏ ਪਲਾਂ ਨੂੰ ਯਾਦ ਕੀਤਾ ਅਤੇ ਅਜਿਹਾ ਕਰਦੇ ਹੋਏ ਉਹ ਬਹੁਤ ਹੀ ਭਾਵੁਕ ਦਿਖਾਈ ਦਿੱਤੇ।ਉਹਨਾਂ ਦੱਸਿਆ ਕਿ ਯੂਨੀਵਰਸਿਟੀ ਦੇ ਕੰਮ ਕਾਜ ਦੇ ਸੰਬੰਧ ਵਿੱਚ ਵੱਖ ਵੱਖ ਪੱਖਾਂ ਤੋਂ ਕੀਤੇ ਗਏ ਸੁਧਾਰਾਂ ਦੇ ਨਤੀਜੇ ਵਜੋਂ ਪਹਿਲਾਂ ਦੇ ਮੁਕਾਬਲੇ ਵਿੱਤੀ ਸਥਿਤੀ ਬੇਹਤਰ ਹੋਈ ਹੈ। ਸਰਕਾਰ ਵੱਲੋਂ ਯੂਨੀਵਰਸਿਟੀ ਦੀ ਗਰਾਂਟ 12 ਕਰੋੜ ਰੁਪਏ ਤੋਂ ਵਧਾ ਕੇ 30 ਕਰੋੜ ਰੁਪਏ ਪ੍ਰਤੀ ਮਹੀਨਾ ਕੀਤੀ ਗਈ ਹੈ। ਇਸ ਦੇ ਨਤੀਜੇ ਵਜੋਂ ਯੂਨੀਵਰਸਿਟੀ ਆਰਥਿਕ ਸੰਕਟ ਵਿੱਚੋਂ ਨਿਕਲਣ ਚ ਸਫਲ ਹੋਈ ਹੈ। ਇਸ ਕਰਕੇ ਉਹ ਸਰਕਾਰ, ਵਿਦਿਆਰਥੀਆਂ ਅਤੇ ਲੋਕਾਂ ਦੀਆਂ ਖਾਹਿਸ਼ਾਂ ਨੂੰ ਪੂਰੀਆਂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਇੱਕ ਸ਼ਾਨਦਾਰ ਮੁਕਾਮ ਤੇ ਪਹੁੰਚਾਇਆ ਜਾਵੇਗਾ।
ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਵੱਲੋਂ ਪਟਿਆਲਾ ਨੂੰ ਦਿੱਤੇ ਕਰੋੜਾਂ ਰੁਪਏ ਦੇ ਗੱਫਿਆਂ ਦਾ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਤੱਕ ਕਿਸੇ ਵੀ ਸਰਕਾਰ ਨੇ ਪਟਿਆਲਾ ਦੀ ਸਾਰ ਨਹੀਂ ਲਈ ਅਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਸ਼ਹਿਰ ਨੂੰ ਇੱਕ ਨੰਬਰ ਬਣਾਇਆ ਜਾਵੇਗਾ।