ਰਾਮ ਰਹੀਮ ਨੇ ਮੁੜ ਮੰਗੀ ਫਰਲੋ, ਕਿਹਾ-ਇਸੇ ਮਹੀਨੇ ਚਾਹੀਦੀ, ਹਾਈ ਕੋਰਟ ਨੇ ਸਖ਼ਤੀ ਨਾਲ ਦਿੱਤਾ ਜਵਾਬ
ਚੰਡੀਗੜ੍ਹ, 14 ਜੂਨ (ਏਬੀਪੀ ਸਾਂਝਾ)- ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਪੰਜਾਬ-ਹਰਿਆਣਾ ਹਾਈਕੋਰਟ ਤੋਂ ਮੁੜ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਹੈ। ਉਸ ਨੇ ਇਸ ਸਬੰਧੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ। ਰਾਮ ਰਹੀਮ ਨੇ ਆਪਣੀ ਫਰਲੋ ਪਟੀਸ਼ਨ ‘ਚ ਕਿਹਾ ਕਿ ਇਸ ਮਹੀਨੇ ਡੇਰਾ ਸੱਚਾ ਸੌਦਾ ਦਾ ਪ੍ਰੋਗਰਾਮ ਹੈ, ਜਿਸ ‘ਚ ਉਨ੍ਹਾਂ ਨੇ ਸ਼ਿਰਕਤ ਕਰਨੀ ਹੈ।
ਇਸ ਦੇ ਜਵਾਬ ਵਿੱਚ ਹਾਈਕੋਰਟ ਨੇ ਕਿਹਾ ਕਿ ਉਹ ਪ੍ਰੋਗਰਾਮ ਮੁਲਤਵੀ ਕਰ ਦੇਣ। ਹਾਈਕੋਰਟ ਨੇ ਗੁੱਸੇ ਵਿਚ ਇਹ ਵੀ ਕਿਹਾ ਕਿ ਪਹਿਲਾਂ ਤੁਸੀਂ ਪ੍ਰੋਗਰਾਮ ਦਾ ਆਯੋਜਨ ਕਰਦੇ ਹੋ, ਫਿਰ ਤੁਸੀਂ ਅਦਾਲਤ ਵਿਚ ਆ ਕੇ ਪਟੀਸ਼ਨ ਦਾਇਰ ਕਰਦੇ ਹੋ, ਇਸ ਵਿਚ ਹਿੱਸਾ ਲੈਣ ਲਈ ਦਬਾਅ ਪਾਉਂਦੇ ਹੋ। ਕਾਰਜਕਾਰੀ ਚੀਫ਼ ਜਸਟਿਸ ਦਾ ਬੈਂਚ ਹੁਣ ਇਸ ਅਰਜ਼ੀ ‘ਤੇ ਜੁਲਾਈ ‘ਚ ਸੁਣਵਾਈ ਕਰੇਗਾ, ਕਿਉਂਕਿ ਇਹ ਕੇਸ ਉਸੇ ਬੈਂਚ ‘ਚ ਚੱਲ ਰਿਹਾ ਹੈ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਡੇਰਾ ਮੁਖੀ ਨੇ ਫਰਲੋ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ ਕਿ ਮੈਂ 14 ਦਿਨਾਂ ਦੀ ਫਰਲੋ ਦਾ ਹੱਕਦਾਰ ਸੀ, ਪਰ ਅਦਾਲਤ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ।
ਦੱਸ ਦਈਏ ਕਿ ਇਹ ਪਹਿਲੀ ਵਾਰ ਹੈ ਜਦੋਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋਈਆਂ ਹਨ। ਹਾਈਕੋਰਟ ਦੀ ਸਖ਼ਤੀ ਦੇ ਚੱਲਦਿਆਂ ਸਰਕਾਰ ਨੇ ਇਸ ਵਾਰ ਚੋਣਾਂ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ। ਜਦੋਂ ਕਿ 2022 ਤੋਂ ਹੁਣ ਤੱਕ ਉਹ 192 ਦਿਨਾਂ ਲਈ 6 ਵਾਰ ਫਰਲੋ ਅਤੇ 3 ਵਾਰ ਪੈਰੋਲ ‘ਤੇ ਬਾਹਰ ਆ ਚੁੱਕਾ ਹੈ।
ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ ‘ਚੋਂ ਬਾਹਰ ਲਿਆਉਣ ‘ਤੇ ਆਪਣਾ ਵਿਰੋਧ ਪ੍ਰਗਟਾਇਆ ਸੀ। ਇਸ ਤੋਂ ਬਾਅਦ 29 ਫਰਵਰੀ ਨੂੰ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ ‘ਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ।