ਲਾਰੈਂਸ ਬਿਸ਼ਨੋਈ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਦੋ ਗ੍ਰਿਫਤਾਰ
ਚੰਡੀਗੜ੍ਹ, 12 ਜੂਨ (ਨਿਊਜ 18)- ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ‘ਤੇ ਪੰਜਾਬ ਪੁਲਿਸ ਨੇ ਨਕੇਲ ਕੱਸੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਅੰਤਰਰਾਜੀ ਗਰੋਹ ਦੇ ਦੋ ਕਾਰਕੁਨਾਂ ਹਰਸ਼ਦੀਪ ਸਿੰਘ ਅਤੇ ਸ਼ੁਭਮ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲਾਰੈਂਸ ਬਿਸ਼ਨੋਈ ਦੇ ਇਹ ਦੋ ਗੁੰਡੇ ਰਾਜਸਥਾਨ ਵਿੱਚ ਲਾਰੈਂਸ ਨੇੜੇ ਭੁਪਿੰਦਰ ਸਿੰਘ ਤੋਂ ਗੈਰ-ਕਾਨੂੰਨੀ ਹਥਿਆਰ ਖਰੀਦ ਕੇ ਪੰਜਾਬ ਅਤੇ ਹੋਰ ਗੁਆਂਢੀ ਰਾਜਾਂ ਵਿੱਚ ਸਪਲਾਈ ਕਰਦੇ ਸਨ।
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਸ਼ਦੀਪ ਸਿੰਘ ਪਿੰਡ ਰੱਤੋਕੇ ਤਰਨਤਾਰਨ ਦਾ ਵਸਨੀਕ ਹੈ ਅਤੇ ਸ਼ੁਭਮ ਕੁਮਾਰ ਗੁਰੂ ਨਾਨਕਪੁਰਾ ਅੰਮ੍ਰਿਤਸਰ ਦਾ ਵਸਨੀਕ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚੋਂ ਦੋ 9 ਐਮਐਮ ਗਲਾਕ ਅਤੇ ਇੱਕ .30 ਬੋਰ ਦਾ ਪਿਸਤੌਲ ਹੈ। ਇਸ ਤੋਂ ਇਲਾਵਾ 13 ਕਾਰਤੂਸ ਅਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ (ਕੇ. ਏ. 42 ਐਮ 5357) ਵੀ ਜ਼ਬਤ ਕਰ ਲਈ ਗਈ ਹੈ। ਥਾਣਾ ਘਰਿੰਡਾ ਵਿਖੇ ਉਕਤ ਦੋਵੇਂ ਮੁਲਜ਼ਮਾਂ ਦੇ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।
ਡੀਜੀਪੀ ਯਾਦਵ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇਸ ਰੈਕੇਟ ਦੇ ਇੱਕ ਹੋਰ ਰਾਜਸਥਾਨੀ ਸਰਗਨਾ ਭੁਪਿੰਦਰ ਸਿੰਘ, ਜੋ ਕਿ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ, ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਮੁਲਜ਼ਮ ਭੁਪਿੰਦਰ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ। ਹਰਸ਼ਦੀਪ ਸਿੰਘ ਅਤੇ ਭੁਪਿੰਦਰ ਸਿੰਘ ਦਾ ਅਪਰਾਧਿਕ ਪਿਛੋਕੜ ਹੈ, ਜਿਨ੍ਹਾਂ ਖ਼ਿਲਾਫ਼ ਐਨਡੀਪੀਐਸ ਅਤੇ ਅਸਲਾ ਐਕਟ ਦੇ ਕੇਸ ਦਰਜ ਹਨ। ਉਸ ਦੀ ਪਛਾਣ ਫ਼ਿਰੋਜ਼ਪੁਰ ਜੇਲ੍ਹ ਵਿੱਚ ਹੋਈ।
ਇਸ ਮੌਕੇ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਹਰਸ਼ਦੀਪ ਅਤੇ ਸ਼ੁਭਮ ਹਥਿਆਰਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ। ਇਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ਨੇ ਥਾਣਾ ਘਰਿੰਡਾ ਦੇ ਇਲਾਕੇ ‘ਚ ਟਰੈਪ ਲਗਾ ਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ |