ਲੋਕ ਸਭਾ ਚੋਣਾਂ ‘ਚ ਹਾਰ ਮਗਰੋਂ ਪੰਜਾਬ ਕੈਬਨਿਟ ‘ਚ ਹੋਏਗਾ ਫੇਰਬਦਲ! ਕਈਆਂ ਤੋਂ ਖੁੱਸੇਗਾ ਮੰਤਰਾਲਾ, ਤੇ ਕਈਆਂ ਦੇ ਬਦਲਣਗੇ ਵਿਭਾਗ
ਚੰਡੀਗੜ੍ਹ, 12 ਜੂਨ (ਏਬੀਪੀ ਸਾਂਝਾ)- ਲੋਕ ਸਭਾ ਚੋਣਾਂ ਵਿੱਚ ਵੱਡਾ ਝਟਕਾ ਲੱਗਣ ਮਗਰੋਂ ਸੱਤਾਧਿਰ ਆਮ ਆਦਮੀ ਪਾਰਟੀ ਵਿੱਚ ਮੰਥਨ ਦਾ ਦੌਰ ਜਾਰੀ ਹੈ। ਇੱਕ ਪਾਸੇ ਹਾਈਕਮਾਨ ਮਿਸ਼ਨ 13-0 ਦੀ ਅਸਫਲਤਾ ਦੇ ਕਾਰਨ ਲੱਭ ਰਹੀ ਹੈ ਤੇ ਨਾਲ ਹੀ ਪਾਰਟੀ ਤੇ ਸਰਕਾਰ ਵਿੱਚ ਵੱਡੇ ਫੇਰ-ਬਦਲ ਦੀ ਵੀ ਚਰਚਾ ਸ਼ੁਰੂ ਹੋ ਗਈ ਹੈ।
ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ (ਆਪ) ਵਿੱਚ ਮੰਤਰੀ ਮੰਡਲ ਦੇ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਨੇ ਹਲਕਾ ਵਿਧਾਇਕਾਂ, ਆਗੂਆਂ ਤੇ ਉਮੀਦਵਾਰਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਵਿੱਚ ਹੋਈ ਹਾਰ ਦੇ ਕਾਰਨਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਪਾਰਟੀ ਦੇ ਕੌਮੀ ਜਨਰਲ ਸਕੱਤਰ ਡਾ: ਸੰਦੀਪ ਪਾਠਕ ਨੇ ਵੀ ਵਿਧਾਇਕਾਂ ਨਾਲ ਮੀਟਿੰਗ ਕੀਤੀ।
ਪਾਰਟੀ ਸੂਤਰਾਂ ਅਨੁਸਾਰ ਭਗਵੰਤ ਮਾਨ ਅੱਜ ਦਿੱਲੀ ਜਾਣਗੇ। ਉਹ ਪਾਰਟੀ ਹਾਈਕਮਾਂਡ ਨਾਲ ਮੰਤਰੀ ਮੰਡਲ ਦੇ ਫੇਰਬਦਲ ਦੇ ਮੁੱਦੇ ‘ਤੇ ਚਰਚਾ ਕਰਨਗੇ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ।
ਦਰਅਸਲ ਸੰਦੀਪ ਪਾਠਕ ਦੀ ਅਗਵਾਈ ਹੇਠ ਮੁੱਹਾਲੀ ਵਿੱਚ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਬਣਾਂਵਾਲੀ, ਦਵਿੰਦਰ ਸਿੰਘ ਲਾਡੀ ਢੋਸ, ਹਰਮੀਤ ਸਿੰਘ ਪਠਾਨਮਾਜਰਾ, ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਗਰੇਵਾਲ ਭੋਲਾ, ਵਰਿੰਦਰ ਗੋਇਲ ਤੇ ਰਵਜੋਤ ਸਿੰਘ ਸ਼ਾਮਲ ਸਨ। ਇੰਨਾ ਹੀ ਨਹੀਂ ਅੰਮ੍ਰਿਤਸਰ ਕੇਂਦਰੀ ਤੋਂ ਵਿਧਾਇਕ ਅਜੇ ਗੁਪਤਾ ਵੀ ਮੌਜੂਦ ਸਨ। ਇਸ ਮੀਟਿੰਗ ਨੂੰ ਵੀ ਇਸੇ ਫੇਰਬਦਲ ਨਾਲ ਜੋੜਿਆ ਜਾ ਰਿਹਾ ਹੈ।
ਸੂਤਰਾਂ ਦੀ ਮੰਨੀਏ ਤਾਂ ਪਾਰਟੀ ਲੋਕ ਸਭਾ ਚੋਣਾਂ ਦੇ ਨਤੀਜਿਆਂ ਸਮੇਤ ਸਾਰੇ ਨੁਕਤਿਆਂ ‘ਤੇ ਵਿਚਾਰ ਕਰ ਰਹੀ ਹੈ। ਅਜਿਹੇ ‘ਚ ਜਿਹੜੇ ਮੰਤਰੀ ਆਪਣੇ ਸਰਕਲ ‘ਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ, ਉਨ੍ਹਾਂ ਦੀ ਸ਼ਕਤੀ ਵੀ ਘਟਾਈ ਜਾ ਸਕਦੀ ਹੈ।
ਦੱਸ ਦਈਏ ਕਿ ਲੋਕ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ 13 ਲੋਕ ਸਭਾ ਸੀਟਾਂ ‘ਚੋਂ ਸਿਰਫ 3 ਹੀ ਜਿੱਤ ਸਕੀ ਹੈ। ਇਨ੍ਹਾਂ ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਆਨੰਦਪੁਰ ਸਾਹਿਬ ਤੋਂ ਮਲਵਿੰਦਰ ਕੰਗ ਤੇ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਦੇ ਨਾਂ ਸ਼ਾਮਲ ਹਨ। ਚੋਣਾਂ ‘ਚ 4 ਮੰਤਰੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਇਸੇ ਤਰ੍ਹਾਂ 3 ਵਿਧਾਇਕਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
ਦਰਅਸਲ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੇ 117 ‘ਚੋਂ 92 ਸੀਟਾਂ ਜਿੱਤ ਕੇ ਇਤਿਹਾਸ ਰਚਿਆ ਸੀ। ਉਸ ਸਮੇਂ ਪਾਰਟੀ ਦਾ ਵੋਟ ਸ਼ੇਅਰ 46 ਫੀਸਦੀ ਦੇ ਕਰੀਬ ਸੀ, ਜੋ ਹੁਣ ਘੱਟ ਕੇ 26 ਫੀਸਦੀ ਰਹਿ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਦਾ ਵੋਟ ਸ਼ੇਅਰ ‘ਆਪ’ ਤੋਂ ਵੀ ਅੱਗੇ ਨਿਕਲ ਗਿਆ। ਜਦਕਿ ਭਾਜਪਾ ਕਰੀਬ 19 ਫੀਸਦੀ ਵੋਟ ਬੈਂਕ ਨਾਲ ਤੀਜੇ ਸਥਾਨ ‘ਤੇ ਪਹੁੰਚ ਗਈ।
ਦੱਸ ਦਈਏ ਕਿ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ 17 ਮੰਤਰੀ ਬਣਾਏ ਜਾ ਸਕਦੇ ਹਨ। ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਇੱਕ ਅਹੁਦਾ ਖਾਲੀ ਹੋ ਗਿਆ ਹੈ। ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ 15 ਮੰਤਰੀ ਹਨ।
ਇਨ੍ਹਾਂ ਮੰਤਰੀਆਂ ਵਿੱਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਡਾ: ਬਲਬੀਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਨ ਸਿੰਘ ਈਟੀਓ, ਚੇਤਨ ਸਿੰਘ ਜੋੜਾਮਾਜਰਾ, ਡਾ. ਅਨਮੋਲ ਗਗਨ ਮਾਨ, ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਦੇ ਨਾਮ ਹਨ। ਇਸ ਲਈ 2 ਨਵੇਂ ਮੰਤਰੀ ਬਣਾਏ ਜਾ ਸਕਦੇ ਹਨ। ਇਸ ਦੇ ਨਾਲ ਹੀ ਕੁਝ ਆਗੂਆਂ ਨੂੰ ਨਿਗਮਾਂ ਤੇ ਬੋਰਡਾਂ ਵਿੱਚ ਚੇਅਰਮੈਨ ਬਣਾ ਕੇ ਅਡਜਸਟ ਕੀਤਾ ਜਾ ਸਕਦਾ ਹੈ।