ਸਮਰਾਲਾ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਦਾ ਟਵੀਟ, ਲੋਕਾਂ ਨੂੰ ਕੀਤੀ ਅਪੀਲ
ਸਮਰਾਲਾ, 13 ਨਵੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਵਿਚ ਅੱਜ ਤੜਕਸਾਰ ਵੱਡਾ ਹਾਦਸਾ ਵਾਪਸ ਗਿਆ। ਦਰਅਸਲ ਅੱਜ ਸਵੇਰੇ ਹੀ ਇਕ ਤੋਂ ਬਾਅਦ ਇਕ ਗੱਡੀ ਸਮੇਤ ਲਗਭਗ 100 ਦੇ ਕਰੀਬ ਗੱਡੀਆਂ ਆਪਸ ਵਿਚ ਟਕਰਾ ਗਈਆਂ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਖੰਨਾ ਦੇ ਨੈਸ਼ਨਲ ਹਾਈਵੇ ’ਤੇ ਵਾਪਰਿਆ, ਦਰਅਸਲ ਅੱਜ ਸਵੇਰੇ ਸੰਘਣੀ ਧੁੰਦ ਛਾਈ ਹੋਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
ਇਸ ਹਾਦਸੇ ਵਿਚ ਜਿੱਥੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਉਥੇ ਹੀ ਦਰਜਨਾਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਜਦਕਿ ਕਈ ਗੱਡੀਆਂ ਦੇ ਤਾਂ ਪਰਖੱਚੇ ਉੱਡ ਗਏ। ਹਾਦਸੇ ਵਿਚ ਪੰਜਾਬ ਰੋਡਵੇਜ਼ ਦੀ ਬੱਸ ਵੀ ਲਪੇਟ ਵਿਚ ਆਈ ਹੈ। ਵੱਡੀ ਗਿਣਤੀ ਵਿਚ ਗੱਡੀਆਂ ਟਕਰਾਉਣ ਕਾਰਨ ਕਾਫ਼ੀ ਸਮਾਂ ਸੜਕ ’ਤੇ ਜਾਮ ਲੱਗਿਆ ਰਿਹਾ ਜਦਕਿ ਪੁਲਿਸ ਵਲੋਂ ਨੁਕਸਾਨੇ ਗਏ ਵਾਹਨਾਂ ਨੂੰ ਇਕ ਪਾਸੇ ਕਰਕੇ ਟ੍ਰੈਫਿਕ ਚਾਲੂ ਕਰਵਾਇਆ ਗਿਆ। ਇਸ ਹਾਦਸੇ ਵਿਚ ਜਾਨੀ ਨੁਕਸਾਨ ਦੇ ਨਾਲ ਨਾਲ ਵੱਡੇ ਪੱਧਰ ’ਤੇ ਮਾਲੀ ਨੁਕਸਾਨ ਵੀ ਹੋਇਆ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਟਵੀਟ ਕੀਤਾ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਹੁਣ ਧੁੰਦ ਕਰ ਕੇ ਲੋਕ ਸਾਵਧਾਨੀ ਨਾਲ ਗੱਡੀਆਂ ਚਲਾਉਣ। ਮੁੱਖ ਮੰਤਰੀ ਨੇ ਟਵੀਟ ਕਰ ਕੇ ਲਿਖਿਆ ਕਿ ”ਅੱਜ ਸਵੇਰੇ ਸੰਘਣੀ ਧੁੰਦ ਕਾਰਨ ਸਮਰਾਲਾ ਨੇੜੇ ਵੱਡਾ ਹਾਦਸਾ ਹੋਇਆ ਹੈ ਜਿੱਥੇ ਕਈ ਗੱਡੀਆਂ ਆਪਸ ਵਿਚ ਟਕਰਾ ਗਈਆਂ…ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ…ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ। ਲੋਕਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਆਉਣ ਵਾਲੇ ਦਿਨਾਂ ‘ਚ ਧੁੰਦ ਵਧੇਗੀ ਤੇ ਸਾਵਧਾਨੀ ਨਾਲ ਗੱਡੀਆਂ ਚਲਾਉਣ।’