ਅਕਾਲੀ-ਭਾਜਪਾ ਦੀ ਸਿਆਸੀ ਸਾਂਝ ਨੂੰ ਲੈ ਕੇ ਹਲਚਲ ਤੇਜ਼, ਸੁਖਬੀਰ ਬਾਦਲ ਦੇ ਘਰ ਦੋਵਾਂ ਧਿਰਾਂ ਦੀ ਪਹਿਲੀ ਬੈਠਕ
ਤਾਲਮੇਲ ਕਮੇਟੀ ਦੇ ਆਗੂਆਂ ਨੇ ਗੱਠਜੋੜ ਦੇ ਮੁੱਦਿਆਂ ’ਤੇ ਕੀਤੀ ਵਿਚਾਰ-ਚਰਚਾ; ਸੁਨੀਲ ਜਾਖੜ ਨੇ ਕਿਹਾ- ਦੋਵਾਂ ਪਾਰਟੀਆਂ ਵਿਚਾਲੇ ਕੋਈ ਅੜਿੱਕਾ ਨਹੀਂ

ਚੰਡੀਗੜ੍ਹ : ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਮੁੜ ਸਿਆਸੀ ਨੇੜਤਾ ਦੀ ਚਰਚਾ ਤੇਜ਼ ਹੋ ਗਈ ਹੈ। ਇਸੇ ਸਿਲਸਿਲੇ ਵਿੱਚ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਨੇ ਚੰਡੀਗੜ੍ਹ ਵਿੱਚ ਮੁਲਾਕਾਤ ਕੀਤੀ। ਭਾਜਪਾ-ਅਕਾਲੀ ਦਲ ਤਾਲਮੇਲ ਕਮੇਟੀ ਦੀ ਇਹ ਬੈਠਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਹੋਈ, ਜਿਸ ਵਿੱਚ ਗੱਠਜੋੜ ਨਾਲ ਜੁੜੇ ਕਈ ਅਹਿਮ ਮਾਮਲਿਆਂ ’ਤੇ ਗੱਲਬਾਤ ਕੀਤੀ ਗਈ।
ਬੈਠਕ ਵਿੱਚ ਭਾਜਪਾ ਵੱਲੋਂ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਕੇਵਲ ਸਿੰਘ ਢਿੱਲੋਂ ਅਤੇ ਅਨਿਲ ਸਰੀਨ ਮੌਜੂਦ ਰਹੇ। ਦੂਜੇ ਪਾਸੇ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਬੰਟੀ ਰੋਮਾਣਾ ਅਤੇ ਸਿਕੰਦਰ ਸਿੰਘ ਮਲੂਕਾ ਨੇ ਸ਼ਮੂਲੀਅਤ ਕੀਤੀ।
ਗੱਠਜੋੜ ਦੀ ਗੱਲਬਾਤ ਸੁਚਾਰੂ, ਕੋਈ ਡੈੱਡਲਾਕ ਨਹੀਂ : ਜਾਖੜ
ਮੀਟਿੰਗ ਉਪਰੰਤ ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਦੋਵਾਂ ਪਾਰਟੀਆਂ ਵਿਚਕਾਰ ਇਸ ਸਮੇਂ ਕੋਈ ਡੈੱਡਲਾਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵੀ ਪਹਿਲਾਂ ਇਸੇ ਤਰ੍ਹਾਂ ਦੀ ਗੱਲ ਕਰ ਚੁੱਕੇ ਹਨ।
ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਸਬੰਧੀ ਜਾਖੜ ਨੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਨੂੰ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਮੁਤਾਬਕ ਪ੍ਰਧਾਨ ਮੰਤਰੀ 8 ਤਰੀਕ ਨੂੰ ਪੰਜਾਬ ਪਹੁੰਚਣਗੇ।
ਪੁਰਾਣੀ ਸਿਆਸੀ ਸਾਂਝ ਦਾ ਇਤਿਹਾਸ, ਤਿੰਨ ਵਾਰ ਸੱਤਾ ’ਚ ਰਹੀਆਂ ਦੋਵੇਂ ਪਾਰਟੀਆਂ
ਸ਼੍ਰੋਮਣੀ ਅਕਾਲੀ ਦਲ ਨੇ ਸਤੰਬਰ 2020 ਵਿੱਚ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਕਾਰਨ ਐਨਡੀਏ ਨਾਲੋਂ ਆਪਣਾ ਗੱਠਜੋੜ ਖ਼ਤਮ ਕਰ ਦਿੱਤਾ ਸੀ। ਇਹ ਕਾਨੂੰਨ ਬਾਅਦ ਵਿੱਚ ਕੇਂਦਰ ਸਰਕਾਰ ਵੱਲੋਂ ਰੱਦ ਕਰ ਦਿੱਤੇ ਗਏ ਸਨ।
ਗੱਠਜੋੜ ਟੁੱਟਣ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾਂ ਵੱਖਰੇ ਤੌਰ ’ਤੇ ਲੜੀਆਂ। ਦੋਵਾਂ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਵਿੱਚ ਉਮੀਦ ਮੁਤਾਬਕ ਸਫਲਤਾ ਨਹੀਂ ਮਿਲੀ।
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਦੋ ਸੀਟਾਂ ਜਿੱਤੀਆਂ, ਜਦਕਿ ਅਕਾਲੀ ਦਲ ਦੇ ਹਿੱਸੇ ਤਿੰਨ ਸੀਟਾਂ ਆਈਆਂ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ ਇੱਕ ਵੀ ਸੀਟ ਨਹੀਂ ਜਿੱਤ ਸਕੀ। ਅਕਾਲੀ ਦਲ ਨੇ 13 ਲੋਕ ਸਭਾ ਹਲਕਿਆਂ ਵਿੱਚੋਂ ਬਠਿੰਡਾ ਦੀ ਇੱਕ ਸੀਟ ’ਤੇ ਜਿੱਤ ਦਰਜ ਕੀਤੀ।
ਇਸ ਦੇ ਬਾਵਜੂਦ ਭਾਜਪਾ ਦੇ ਵੋਟ ਹਿੱਸੇ ਵਿੱਚ ਵੱਡਾ ਵਾਧਾ ਹੋਇਆ। ਪਾਰਟੀ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿੱਚ 18.56 ਫ਼ੀਸਦੀ ਵੋਟਾਂ ਮਿਲੀਆਂ, ਜਦਕਿ 2019 ਵਿੱਚ ਇਹ ਅੰਕੜਾ 9.63 ਫ਼ੀਸਦੀ ਸੀ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਅਤੇ ਭਾਜਪਾ ਨੇ 1997, 2007 ਅਤੇ 2012 ਵਿੱਚ ਪੰਜਾਬ ਵਿੱਚ ਸਾਂਝੀਆਂ ਸਰਕਾਰਾਂ ਬਣਾਈਆਂ ਸਨ। ਹੁਣ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਹੋ ਰਹੀ ਗੱਲਬਾਤ ਨੂੰ ਆਉਣ ਵਾਲੀਆਂ ਸਿਆਸੀ ਸਰਗਰਮੀਆਂ ਦੇ ਨਜ਼ਰੀਏ ਤੋਂ ਅਹਿਮ ਮੰਨਿਆ ਜਾ ਰਿਹਾ ਹੈ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


