ਅਹਿਮ ਖ਼ਬਰ – ਵਿਧਾਇਕ ਨੇ ਕੀਤਾ ਮਾਡੂਲਰ ਆਪ੍ਰੇਸ਼ਨ ਥੀਏਟਰ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ
ਕਿਹਾ, ਹੁਣ ਆਧੁਨਿਕ ਤਕਨੀਕ ਵਾਲੀਆਂ ਮਸ਼ੀਨਾਂ ਨਾਲ ਹੋਵੇਗਾ ਗੰਭੀਰ ਬਿਮਾਰੀਆਂ ਦਾ ਇਲਾਜ
6 ਕਰੋੜ ਰੁਪਏ ਦੀ ਲਾਗਤ ਨਾਲ ਇਮਾਰਤ ਅਤੇ ਅਤਿ ਆਧੁਨਿਕ ਆਪ੍ਰੇਸ਼ਨ ਮਸ਼ੀਨਾਂ ਦੀ ਕੀਤੀ ਗਈ ਹੈ ਖਰੀਦ
ਫਰੀਦਕੋਟ, 31 ਮਾਰਚ – (ਪੰਜਾਬ ਡਾਇਰੀ) ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਮਾਡੂਲਰ ਆਪ੍ਰੇਸ਼ਨ ਥੀਏਟਰ ਦੀ 6 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਇਮਾਰਤ ਅਤੇ ਅਤਿ ਆਧੁਨਿਕ ਮਸ਼ੀਨਾਂ ਜਿਸ ਵਿੱਚ 5 ਮਾਡੂਲਰ ਆਪ੍ਰੇਸ਼ਨ ਥੀਏਟਰ ਸ਼ਾਮਿਲ ਹਨ, ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕੀਤਾ। ਇਸ ਮੌਕੇ ਉੱਪ ਕੁਲਪਤੀ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਡਾ. ਅਵਨੀਸ਼ ਕੁਮਾਰ, ਰਜਿਸਟਰਾਰ ਡਾ. ਨਿਰਮਲ ਓਸੇਪਚਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਸੇਖੋਂ ਨੇ ਕਿਹਾ ਕਿ ਫਰੀਦਕੋਟ ਦਾ ਮੈਡੀਕਲ ਕਾਲਜ ਮਾਲਵੇ ਦੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਅਤਿ ਆਧੁਨਿਕ ਮਸ਼ੀਨਾਂ ਦੇ ਆਉਣ ਨਾਲ ਹੁਣ ਨਿਊਰੋ, ਕਾਰਡੀਓ, ਪਾਇਡੈਟ੍ਰਿਕ ਸਰਜਰੀ, ਪਲਾਸਟਿਕ ਸਰਜਰੀ, ਆਪ੍ਰੇਸ਼ਨ ਹੋਰ ਸੁਖਾਲੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਪਹਿਲਾਂ ਵੀ ਪਲਾਸਟਿਕ ਸਰਜਰੀ ਆਦਿ ਦੀ ਸਹੂਲਤ ਵੀ ਮੁਹੱਈਆ ਸੀ, ਪਰ ਉਸ ਨਾਲ ਡਾਕਟਰਾਂ ਨੂੰ ਆਪ੍ਰੇਸ਼ਨ ਕਰਨ ਵਿੱਚ ਜ਼ਿਆਦਾ ਸਮਾਂ ਲੱਗਦਾ ਸੀ। ਉਨ੍ਹਾਂ ਇਹ ਵੀ ਦੱਸਿਆਂ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਮਰੀਜਾਂ ਦੇ ਇਲਾਜ ਅਤੇ ਸਹੂਲਤਾਂ ਵਿੱਚ ਹੋਰ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਰੈਫਰਲ ਹਸਪਤਾਲਾਂ ਵਜੋਂ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਾਰੇ ਹਸਪਤਾਲਾਂ ਵਿੱਚ ਲੋਕਾਂ ਦੇ ਇਲਾਜ ਲਈ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਆਪਣੇ ਇਲਾਜ ਸਬੰਧੀ ਕਿਸੇ ਤਰ੍ਹਾਂ ਦੀ ਵੀ ਦਿੱਕਤ ਪੇਸ਼ ਨਾ ਆਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਇਹ ਚਾਹੁੰਦੇ ਹਨ ਕਿ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਵੀ ਪ੍ਰਾਈਵੇਟ ਹਸਪਤਾਲਾਂ ਵਰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆ ਜਾਣ ਤਾਂ ਜੋ ਇਸ ਦਾ ਲਾਹਾ ਹਰੇਕ ਗਰੀਬ ਮਰੀਜ਼ ਵੀ ਉਠਾ ਸਕੇ।
ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਸਿਲੇਖ ਮਿੱਤਲ, ਪ੍ਰਿ. ਮੈਡੀਕਲ ਕਾਲਜ ਡਾ. ਰਾਜੀਵ ਸ਼ਰਮਾ, ਡਾ. ਸਰਬਜੀਤ ਕੌਰ ਮੁੱਖੀ ਐਨਥੀਜੀਆਂ ਵਿਭਾਗ, ਐਕਸੀਅਨ ਰਾਜ ਕੁਮਾਰ ਤੋਂ ਇਲਾਵਾ ਪੈਰਾ ਮੈਡੀਕਲ ਸਟਾਫ ਵੀ ਹਾਜ਼ਰ ਸੀ।