ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਆਵੇਗਾ ਜੇਲ੍ਹ ਤੋਂ ਬਾਹਰ ! ਮਿਲੇਗੀ ਆਰਜ਼ੀ ਰਿਹਾਈ ?
ਚੰਡੀਗੜ੍ਹ, 13 ਜੂਨ (ਏਬੀਪੀ ਸਾਂਝਾ)- ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ 24 ਜੂਨ ਤੋਂ ਪਹਿਲਾਂ ਪਹਿਲਾਂ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਹਲਾਂਕਿ ਹਾਲੇ ਤੱਕ ਪੰਜਾਬ ਸਰਕਾਰ ਨੇ ਆਰਜ਼ੀ ਰਿਹਾਈ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। ਪਰ ਕਾਨੂੰਨ ਮੁਤਾਬਕ ਨਵੇਂ ਚੁਣੇ ਐਮਪੀ ਨੂੰ ਸਹੁੰ ਚੁੱਕਣੀ ਹੁੰਦੀ ਹੈ। ਜਿਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਤੋਂ ਬਾਹਰ ਆਉਣਾ ਪਵੇਗਾ। ਕਿਉਂਕਿ ਲੋਕ ਸਭਾ ਦਾ ਸੈਸ਼ਨ ਵੀ ਸ਼ੁਰੂ ਹੋਣ ਵਾਲਾ ਹੈ।
ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਹੁਣ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਪਹਿਲੇ ਸੈਸ਼ਨ ਵਿੱਚ ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਸੈਸ਼ਨ ਦੇ ਪਹਿਲੇ ਤਿੰਨ ਦਿਨਾਂ ਵਿੱਚ ਨਵੇਂ ਚੁਣੇ ਗਏ ਮੈਂਬਰ ਸਹੁੰ ਚੁੱਕਣਗੇ ਅਤੇ ਸਦਨ ਦੇ ਸਪੀਕਰ ਦੀ ਚੋਣ ਕੀਤੀ ਜਾਵੇਗੀ। ਸੈਸ਼ਨ 3 ਜੁਲਾਈ ਨੂੰ ਸਮਾਪਤ ਹੋਵੇਗਾ।
ਰਾਸ਼ਟਰਪਤੀ ਦਰੋਪਦੀ ਮੁਰਮੂ 27 ਜੂਨ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ ਅਤੇ ਨਵੀਂ ਸਰਕਾਰ ਦੇ ਅਗਲੇ ਪੰਜ ਸਾਲਾਂ ਦੇ ਕੰਮ ਦੀ ਰੂਪਰੇਖਾ ਪੇਸ਼ ਕਰਨਗੇ। ਇਸ ਤੋਂ ਇਲਾਵਾ 264ਵੀਂ ਰਾਜ ਸਭਾ ਦਾ ਸੈਸ਼ਨ 27 ਜੂਨ ਤੋਂ ਸ਼ੁਰੂ ਹੋਵੇਗਾ।
ਅਜਿਹੇ ਵਿੱਚ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੂੰ ਵੀ ਸੰਸਦ ਵਿੱਚ ਸ਼ਾਮਲ ਹੋਣਾ ਪਵੇਗਾ। ਪੰਜਾਬ ਵਿੱਚ ਸਭ ਤੋਂ ਵੱਧ ਵੋਟਾਂ ਹਾਸਲ ਕਰਨ ਵਾਲੇ ਸਿਰਫ਼ ਅੰਮ੍ਰਿਤਪਾਲ ਸਿੰਘ ਹੀ ਹਨ। ਅਤੇ ਸਭ ਤੋਂ ਵੱਧ ਅੰਤਰ ਨਾਲ ਵੀ ਅੰਮ੍ਰਿਤਪਾਲ ਸਿੰਘ ਨੇ ਚੋਣ ਜਿੱਤੀ ਸੀ।
ਫਿਲਹਾਲ ਅੰਮ੍ਰਿਤਪਾਲ ਸਿੰਘ ਅਸਮ ਦੀ ਡਿਬਰੂਗੜ੍ਹ ਜੇਲ ਵਿੱਚ ਬੰਦ ਹੈ। ਐਨ.ਐਸ.ਏ ਦੇ ਤਹਿਤ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ 9 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਹਾਲੇ ਤੱਕ ਅੰਮ੍ਰਿਤਪਾਲ ਸਿੰਘ ਰਿਹਾਈ ਸਬੰਧੀ ਸਰਕਾਰ ਨੇ ਵੀ ਕੋਈ ਫੈਸਲਾ ਨਹੀਂ ਲਿਆ ਹੈ।