Tuesday, May 19, 2026
Google search engine
Homeਤਾਜ਼ਾ ਖਬਰਆਵਾਰਾ ਕੁੱਤਿਆਂ ਮਾਮਲੇ ‘ਚ ਸੁਪਰੀਮ ਕੋਰਟ ਦਾ ਸਖ਼ਤ ਫੈਸਲਾ, 2025 ਦੇ ਹੁਕਮਾਂ...

ਆਵਾਰਾ ਕੁੱਤਿਆਂ ਮਾਮਲੇ ‘ਚ ਸੁਪਰੀਮ ਕੋਰਟ ਦਾ ਸਖ਼ਤ ਫੈਸਲਾ, 2025 ਦੇ ਹੁਕਮਾਂ ਨੂੰ ਹੀ ਦਿੱਤੀ ਜਾਰੀ ਰੱਖਣ ਦੀ ਮਨਜ਼ੂਰੀ

ਅਦਾਲਤ ਨੇ ਆਵਾਰਾ ਕੁੱਤਿਆਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਪਹਿਲਾਂ ਦਿੱਤੇ ਹੁਕਮਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।

ਦਿੱਲੀ
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਆਵਾਰਾ ਕੁੱਤਿਆਂ ਨਾਲ ਸੰਬੰਧਿਤ ਮਾਮਲਿਆਂ ਵਿੱਚ ਵੱਡਾ ਫੈਸਲਾ ਸੁਣਾਉਂਦੇ ਹੋਏ ਦੇਸ਼ ਭਰ ਵਿੱਚ 2025 ਦੌਰਾਨ ਜਾਰੀ ਕੀਤੇ ਗਏ ਹੁਕਮਾਂ ਨੂੰ ਲਾਗੂ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਆਵਾਰਾ ਕੁੱਤਿਆਂ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਪਹਿਲਾਂ ਦਿੱਤੇ ਹੁਕਮਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।

ਸੁਪਰੀਮ ਕੋਰਟ ਨੇ ਕਿਹਾ ਕਿ ਸੜਕਾਂ ਅਤੇ ਜਨਤਕ ਥਾਵਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਉਣ ਸਬੰਧੀ ਜਾਰੀ ਹੁਕਮ ਜਾਰੀ ਰਹਿਣਗੇ। ਪਟੀਸ਼ਨਾਂ ਵਿੱਚ ਮੰਗ ਕੀਤੀ ਗਈ ਸੀ ਕਿ ਫੜੇ ਗਏ ਆਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਕਰਕੇ ਉਨ੍ਹਾਂ ਨੂੰ ਮੁੜ ਸੜਕਾਂ ‘ਤੇ ਛੱਡਿਆ ਜਾਵੇ, ਪਰ ਅਦਾਲਤ ਨੇ ਇਸ ਅਪੀਲ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ।

ਲੋਕਾਂ ਦੀ ਸੁਰੱਖਿਆ ਸਭ ਤੋਂ ਪਹਿਲਾਂ : ਸੁਪਰੀਮ ਕੋਰਟ
ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਲੋਕਾਂ ਦੀ ਜਾਨ ਅਤੇ ਸੁਰੱਖਿਆ ਸਭ ਤੋਂ ਵੱਧ ਮਹੱਤਵਪੂਰਨ ਹੈ। ਅਦਾਲਤ ਨੇ ਕਿਹਾ ਕਿ ਸੜਕਾਂ ‘ਤੇ ਘੁੰਮ ਰਹੇ ਬਿਮਾਰ ਜਾਂ ਬਹੁਤ ਖਤਰਨਾਕ ਕੁੱਤਿਆਂ ਨੂੰ ਕਾਨੂੰਨੀ ਪ੍ਰਕਿਰਿਆ ਤਹਿਤ ਟੀਕੇ ਲਗਾ ਕੇ ਮਾਰਿਆ ਵੀ ਜਾ ਸਕਦਾ ਹੈ। ਬੈਂਚ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਦਾਲਤੀ ਹੁਕਮਾਂ ਦੀ ਪਾਲਣਾ ਲਾਜ਼ਮੀ ਹੈ ਅਤੇ ਜਿਹੜੇ ਲੋਕ ਜਾਂ ਸੰਸਥਾਵਾਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨਗੇ, ਉਨ੍ਹਾਂ ਵਿਰੁੱਧ ਮਾਣਹਾਨੀ ਦੀ ਕਾਰਵਾਈ ਹੋ ਸਕਦੀ ਹੈ।

ਸੁਣਵਾਈ ਦੌਰਾਨ ਅਦਾਲਤ ਨੇ ਵੱਖ-ਵੱਖ ਰਾਜਾਂ ਵਿੱਚ ਕੁੱਤਿਆਂ ਦੇ ਕੱਟਣ ਦੀਆਂ ਵਧਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ। ਰਾਜਸਥਾਨ ਦੇ ਸ਼੍ਰੀਗੰਗਾਨਗਰ ਵਿੱਚ ਇੱਕ ਮਹੀਨੇ ਦੌਰਾਨ ਕੁੱਤਿਆਂ ਦੇ ਕੱਟਣ ਦੇ 1084 ਮਾਮਲੇ ਦਰਜ ਕੀਤੇ ਗਏ, ਜਦਕਿ ਤਾਮਿਲਨਾਡੂ ਵਿੱਚ ਸਾਲ ਦੇ ਪਹਿਲੇ ਚਾਰ ਮਹੀਨਿਆਂ ਵਿੱਚ ਲਗਭਗ 2 ਲੱਖ ਮਾਮਲੇ ਸਾਹਮਣੇ ਆਏ।

ਸੁਪਰੀਮ ਕੋਰਟ ਵੱਲੋਂ ਜਾਰੀ ਕੀਤੇ ਗਏ ਮਹੱਤਵਪੂਰਨ ਨਿਰਦੇਸ਼
ਸੁਪਰੀਮ ਕੋਰਟ ਨੇ ਪਸ਼ੂ ਭਲਾਈ ਬੋਰਡ (AWBI) ਦੇ ਨਿਯਮਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਰਾਜ ਸਰਕਾਰਾਂ ਵੱਲੋਂ ਉਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਹਰ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਕਾਰਜਸ਼ੀਲ ਐਨੀਮਲ ਬਰਥ ਕੰਟਰੋਲ ਸੈਂਟਰ (ABCC) ਸਥਾਪਤ ਕੀਤੇ ਜਾਣ ਅਤੇ ਜ਼ਰੂਰਤ ਅਨੁਸਾਰ ਉਨ੍ਹਾਂ ਦੀ ਗਿਣਤੀ ਵਧਾਈ ਜਾਵੇ।

ਅਦਾਲਤ ਨੇ ਇਹ ਵੀ ਕਿਹਾ ਕਿ ਦੇਸ਼ ਭਰ ਵਿੱਚ ਰੇਬੀਜ਼ ਵਿਰੋਧੀ ਦਵਾਈਆਂ ਦੀ ਪੂਰੀ ਉਪਲਬਧਤਾ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਰਾਸ਼ਟਰੀ ਰਾਜਮਾਰਗਾਂ ਤੋਂ ਆਵਾਰਾ ਜਾਨਵਰਾਂ ਅਤੇ ਕੁੱਤਿਆਂ ਨੂੰ ਹਟਾਉਣ ਲਈ ਖਾਸ ਪ੍ਰਬੰਧ ਕੀਤੇ ਜਾਣ। ਜੇਕਰ ਕਾਨੂੰਨ ਅਨੁਸਾਰ ਲੋੜ ਪਵੇ ਤਾਂ ਰੇਬੀਜ਼ ਪ੍ਰਭਾਵਿਤ ਜਾਂ ਬਹੁਤ ਖਤਰਨਾਕ ਕੁੱਤਿਆਂ ਲਈ ਯੁਥਨੇਸੀਆ ਦੀ ਵਰਤੋਂ ਕਰਨ ਦੀ ਵੀ ਇਜਾਜ਼ਤ ਦਿੱਤੀ ਗਈ ਹੈ।

ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੋ ਨਗਰ ਨਿਗਮ ਜਾਂ ਸਰਕਾਰੀ ਅਧਿਕਾਰੀ ਅਦਾਲਤੀ ਹੁਕਮਾਂ ਨੂੰ ਲਾਗੂ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਐਫਆਈਆਰ ਜਾਂ ਹੋਰ ਸਖ਼ਤ ਕਾਨੂੰਨੀ ਕਾਰਵਾਈ ਨਾ ਕੀਤੀ ਜਾਵੇ।

2025 ਵਿੱਚ ਸੁਪਰੀਮ ਕੋਰਟ ਨੇ ਕੀ ਹੁਕਮ ਦਿੱਤੇ ਸਨ?
ਗੌਰਤਲਬ ਹੈ ਕਿ ਅਗਸਤ 2025 ਵਿੱਚ ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਆਰ. ਮਹਾਦੇਵਨ ਦੀ ਬੈਂਚ ਨੇ ਦਿੱਲੀ-ਐਨਸੀਆਰ ਦੀਆਂ ਗਲੀਆਂ ਤੋਂ ਆਵਾਰਾ ਕੁੱਤਿਆਂ ਨੂੰ ਹਟਾ ਕੇ ਉਨ੍ਹਾਂ ਨੂੰ ਆਸਰਾ ਘਰਾਂ ਵਿੱਚ ਭੇਜਣ ਦੇ ਹੁਕਮ ਦਿੱਤੇ ਸਨ। ਉਸ ਸਮੇਂ ਅਦਾਲਤ ਨੇ ਕੁੱਤਿਆਂ ਦੀ ਨਸਬੰਦੀ ਅਤੇ ਟੀਕਾਕਰਨ ਦੀ ਪ੍ਰਕਿਰਿਆ ਨੂੰ ਵੀ ਲਾਗੂ ਕਰਨ ਲਈ ਕਿਹਾ ਸੀ ਅਤੇ ਇਸ ਪ੍ਰਕਿਰਿਆ ਵਿੱਚ ਰੁਕਾਵਟ ਪੈਦਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ।

ਇਸ ਤੋਂ ਬਾਅਦ ਨਵੰਬਰ 2025 ਵਿੱਚ ਸੁਪਰੀਮ ਕੋਰਟ ਨੇ ਸਾਰੇ ਰਾਜਾਂ ਅਤੇ ਰਾਸ਼ਟਰੀ ਰਾਜਮਾਰਗ ਅਥਾਰਟੀ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਸੀ। ਅਦਾਲਤ ਨੇ ਸਕੂਲਾਂ, ਕਾਲਜਾਂ, ਹਸਪਤਾਲਾਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਖੇਡ ਮੈਦਾਨਾਂ ਤੋਂ ਆਵਾਰਾ ਕੁੱਤਿਆਂ ਨੂੰ ਹਟਾਉਣ ਦੇ ਨਿਰਦੇਸ਼ ਵੀ ਦਿੱਤੇ ਸਨ। ਨਾਲ ਹੀ ਵਿਦਿਅਕ ਅਤੇ ਸਿਹਤ ਸੰਸਥਾਵਾਂ ਦੇ ਆਲੇ-ਦੁਆਲੇ ਸੁਰੱਖਿਆ ਘੇਰੇ ਬਣਾਉਣ ਲਈ ਕਿਹਾ ਗਿਆ ਸੀ ਤਾਂ ਜੋ ਆਵਾਰਾ ਕੁੱਤੇ ਇਨ੍ਹਾਂ ਥਾਵਾਂ ਵਿੱਚ ਦਾਖਲ ਨਾ ਹੋ ਸਕਣ।

ਇਨ੍ਹਾਂ ਹੁਕਮਾਂ ਦੇ ਵਿਰੋਧ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ‘ਤੇ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਸੁਣਵਾਈ ਕੀਤੀ ਸੀ। ਅਦਾਲਤ ਨੇ 29 ਜਨਵਰੀ 2026 ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜੋ ਹੁਣ ਸੁਣਾਇਆ ਗਿਆ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments