ਓਪੀ ਸੋਨੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਨੇ ਕੀਤਾ ਸੀ ਗ੍ਰਿਫਤਾਰ
ਸ਼੍ਰੀ ਅਮ੍ਰਿਤਸਰ ਸਾਹਿਬ, 19 ਜੁਲਾਈ (ਡੇਲੀ ਪੋਸਟ ਪੰਜਾਬੀ)- ਵਿਜੀਲੈਂਸ ਵੱਲੋਂ ਆਮਦਨ ਤੋਂ ਵਧ ਜਾਇਦਾਦ ਬਣਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਉਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਸਾਬਕਾ ਉਪ ਮੁੱਖ ਮੰਤਰੀ ਨੂੰ ਗੁਰੂ ਨਾਨਕ ਦੇਵ ਹਸਪਤਾਲ ਤੋਂ ਸਿੱਧੇ ਕੋਰਟ ਵਿਚ ਲਿਆਂਦਾ ਗਿਆ ਸੀ। ਅਜੇ ਉਨ੍ਹਾਂ ਦੀ ਸਿਹਤ ਵਿਚ ਥੋੜ੍ਹਾ ਸੁਧਾਰ ਹੈ। ਕੋਰਟ ਵਿਚ ਸਾਬਕਾ ਉਪ ਮੁੱਖ ਮੰਤਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਉਨ੍ਹਾਂ ਦੇ ਸਮਰਥਕ ਵੀ ਉਥੇ ਪਹੁੰਚੇ ਸਨ। ਸਮਰਥਕਾਂ ਨੇ ਉਨ੍ਹਾਂ ਨਾਲ ਜੰਮ ਕੇ ਨਾਅਰੇਬਾਜ਼ੀ ਕੀਤੀ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ 9 ਜੁਲਾਈ ਨੂੰ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਖਿਲਾਫ ਆਮਦਨ ਤੋਂ ਵਧ ਜਾਇਜਾਦ ਰੱਖਣ ਦਾ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਮੁਤਾਬਕ ਉਨ੍ਹਾਂ ਨੇ ਸਾਲ 2016 ਤੋਂ ਲੈ ਕੇ ਸਾਲ 2066 ਤੱਕ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ।
ਇਕ ਅਪ੍ਰੈਲ 2016 ਤੋਂ ਲੈ ਕੇ 2022 ਤੱਕ ਕੁੱਲ ਆਮਦਨ 4,52,18,771 ਰੁਪਏ ਸੀ ਜਦੋਂ ਕਿ ਉਨ੍ਹਾਂ ਵੱਲੋਂ ਖਰਚ 12,48,42,692 ਰੁਪਏ ਕੀਤਾ ਗਿਆ। ਸੋਨੀ ਵੱਲੋਂ ਕੀਤਾ ਗਿਆ ਇਹ ਖਰਚ ਉਨ੍ਹਾਂ ਦੀ ਆਮਦਨ ਤੋਂ ਵਧ 7,96,23,921 ਰੁਪਏ ਮਤਲਬ 175.08 ਫੀਸਦੀ ਵੱਧ ਸੀ।