Saturday, August 8, 2026
Google search engine
Homeਅਪਰਾਧਕਤਲ ਕੇਸ ਦੇ ਮੁਲਜ਼ਮ ਦੀ ਭੈਣ ਨੂੰ ਹਿਰਾਸਤ ਵਿੱਚ ਲੈਣ ਦੇ ਦੋਸ਼,...

ਕਤਲ ਕੇਸ ਦੇ ਮੁਲਜ਼ਮ ਦੀ ਭੈਣ ਨੂੰ ਹਿਰਾਸਤ ਵਿੱਚ ਲੈਣ ਦੇ ਦੋਸ਼, ਪੁਰਾਣਾ ਸ਼ਾਲਾ ‘ਚ ਕਿਸਾਨ ਜਥੇਬੰਦੀਆਂ ਅਤੇ ਪੁਲਿਸ ਆਹਮੋ-ਸਾਹਮਣੇ

ਕਤਲ ਕੇਸ ਦੇ ਮੁਲਜ਼ਮ ਦੀ ਭੈਣ ਨੂੰ ਹਿਰਾਸਤ ਵਿੱਚ ਲੈਣ ਦੇ ਦੋਸ਼, ਪੁਰਾਣਾ ਸ਼ਾਲਾ ‘ਚ ਕਿਸਾਨ ਜਥੇਬੰਦੀਆਂ ਅਤੇ ਪੁਲਿਸ ਆਹਮੋ-ਸਾਹਮਣੇ

ਜਾਣਕਾਰੀ ਅਨੁਸਾਰ ਥਾਣਾ ਪੁਰਾਣਾ ਸ਼ਾਲਾ ਦੇ ਮੁਖੀ ਕੁਲਵਿੰਦਰ ਸਿੰਘ ਅਤੇ ਮਹਿਲਾ ਡੀਐਸਪੀ ਸੀਮਾ ਕੁਮਾਰੀ ਪੁਲਿਸ ਪਾਰਟੀ ਸਮੇਤ ਨੇੜਲੇ ਪਿੰਡ ਚੰਦਰਭਾਣ ਪਹੁੰਚੇ, ਜਿੱਥੋਂ ਸਾਬਕਾ ਫੌਜੀ ਮਲਕੀਤ ਸਿੰਘ ਉਰਫ਼ ਲਾਲੀ ਦੀ ਅਣਵਿਆਹੀ ਧੀ ਨੂੰ ਆਪਣੇ ਨਾਲ ਲੈ ਜਾਣ ਦੀ ਕਾਰਵਾਈ ਕੀਤੀ ਗਈ।

ਗੁਰਦਾਸਪੁਰ

ਬਿਊਰੋ ਰਿਪੋਰਟ

ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਇਲਾਕੇ ਵਿੱਚ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ ਜਦੋਂ ਕਤਲ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਨੌਜਵਾਨ ਦੀ ਭੈਣ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਦੋਸ਼ਾਂ ਮਗਰੋਂ ਕਿਸਾਨ ਜਥੇਬੰਦੀਆਂ ਅਤੇ ਪੁਲਿਸ ਵਿਚਾਲੇ ਟਕਰਾਅ ਦੀ ਸਥਿਤੀ ਪੈਦਾ ਹੋ ਗਈ। ਜਾਣਕਾਰੀ ਅਨੁਸਾਰ ਥਾਣਾ ਪੁਰਾਣਾ ਸ਼ਾਲਾ ਦੇ ਮੁਖੀ ਕੁਲਵਿੰਦਰ ਸਿੰਘ ਅਤੇ ਮਹਿਲਾ ਡੀਐਸਪੀ ਸੀਮਾ ਕੁਮਾਰੀ ਪੁਲਿਸ ਪਾਰਟੀ ਸਮੇਤ ਨੇੜਲੇ ਪਿੰਡ ਚੰਦਰਭਾਣ ਪਹੁੰਚੇ, ਜਿੱਥੋਂ ਸਾਬਕਾ ਫੌਜੀ ਮਲਕੀਤ ਸਿੰਘ ਉਰਫ਼ ਲਾਲੀ ਦੀ ਅਣਵਿਆਹੀ ਧੀ ਨੂੰ ਆਪਣੇ ਨਾਲ ਲੈ ਜਾਣ ਦੀ ਕਾਰਵਾਈ ਕੀਤੀ ਗਈ।

ਦੱਸਿਆ ਜਾ ਰਿਹਾ ਹੈ ਕਿ 5 ਜੁਲਾਈ ਨੂੰ ਪਿੰਡ ਭੂੰਡੋਵਾਲ ਦੇ ਰਹਿਣ ਵਾਲੇ ਰੋਹਿਤ ਸਿੰਘ ਦੇ ਕਤਲ ਮਾਮਲੇ ਵਿੱਚ ਦਰਜ ਐੱਫਆਈਆਰ ਵਿੱਚ ਕਈ ਵਿਅਕਤੀਆਂ ਦੇ ਨਾਲ-ਨਾਲ ਸਾਬਕਾ ਫੌਜੀ ਮਲਕੀਤ ਸਿੰਘ ਉਰਫ਼ ਲਾਲੀ ਦੇ ਪੁੱਤਰ ਗੁਰਸੇਵਕ ਸਿੰਘ ਦਾ ਨਾਮ ਵੀ ਸ਼ਾਮਲ ਹੈ। ਘਟਨਾ ਤੋਂ ਬਾਅਦ ਗੁਰਸੇਵਕ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਭਾਲ ਲਈ ਪੁਲਿਸ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਸਬੰਧ ਵਿੱਚ ਪੁਲਿਸ ਟੀਮ ਵੱਲੋਂ ਅਚਾਨਕ ਉਸ ਦੇ ਘਰ ਛਾਪਾ ਮਾਰਿਆ ਗਿਆ।

ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਗੁਰਸੇਵਕ ਸਿੰਘ ਦੇ ਨਾ ਮਿਲਣ ‘ਤੇ ਪੁਲਿਸ ਨੇ ਉਸ ਦੀ ਭੈਣ ਨੂੰ ਜਬਰਨ ਆਪਣੇ ਨਾਲ ਲੈ ਜਾਣ ਦੀ ਕੋਸ਼ਿਸ਼ ਕੀਤੀ, ਜਦਕਿ ਉਸ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ ਸੀ। ਪਰਿਵਾਰ ਨੇ ਮੌਕੇ ‘ਤੇ ਇਸ ਕਾਰਵਾਈ ਦਾ ਵਿਰੋਧ ਕੀਤਾ ਅਤੇ ਪਿੰਡ ਵਾਸੀਆਂ ਨੇ ਵੀ ਪੁਲਿਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਦੇ ਦੋਸ਼ਾਂ ਮੁਤਾਬਕ ਪੁਲਿਸ ਨੇ ਕਿਸੇ ਦੀ ਗੱਲ ਨਹੀਂ ਸੁਣੀ ਅਤੇ ਆਪਣੀ ਕਾਰਵਾਈ ਜਾਰੀ ਰੱਖੀ।

ਇਸ ਘਟਨਾ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂਆਂ ਅਤੇ ਵਰਕਰਾਂ ਨੇ ਪੁਰਾਣਾ ਸ਼ਾਲਾ ਚੌਕ ਵਿੱਚ ਇਕੱਠੇ ਹੋ ਕੇ ਥਾਣਾ ਮੁਖੀ ਅਤੇ ਮਹਿਲਾ ਡੀਐਸਪੀ ਦੀਆਂ ਸਰਕਾਰੀ ਗੱਡੀਆਂ ਦਾ ਘਿਰਾਓ ਕਰ ਦਿੱਤਾ। ਧਰਨਾਕਾਰੀਆਂ ਦੇ ਇਕੱਠ ਅਤੇ ਵਧਦੇ ਲੋਕ ਰੋਸ ਨੂੰ ਵੇਖਦਿਆਂ ਪੁਲਿਸ ਨੇ ਹਿਰਾਸਤ ਵਿੱਚ ਲਈ ਗਈ ਲੜਕੀ ਨੂੰ ਮੌਕੇ ‘ਤੇ ਹੀ ਰਿਹਾਅ ਕਰ ਦਿੱਤਾ। ਇਹ ਕਾਰਵਾਈ ਧਰਨਾਕਾਰੀਆਂ ਅਤੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਕੀਤੀ ਗਈ।

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਾਬਕਾ ਫੌਜੀ ਦੇ ਪੁੱਤਰ ਖ਼ਿਲਾਫ਼ ਕਾਨੂੰਨੀ ਕਾਰਵਾਈ ਬਣਦੀ ਹੈ ਤਾਂ ਪੁਲਿਸ ਉਸ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ਅਤੇ ਉਨ੍ਹਾਂ ਨੂੰ ਇਸ ‘ਤੇ ਕੋਈ ਇਤਰਾਜ਼ ਨਹੀਂ। ਪਰ ਉਨ੍ਹਾਂ ਦਾ ਦੋਸ਼ ਸੀ ਕਿ ਕਿਸੇ ਹੋਰ ਪਰਿਵਾਰਕ ਮੈਂਬਰ, ਖ਼ਾਸ ਕਰਕੇ ਧੀ ਜਾਂ ਭੈਣ ਨੂੰ ਬਿਨਾਂ ਕਿਸੇ ਸਬੂਤ ਜਾਂ ਸਬੰਧ ਦੇ ਹਿਰਾਸਤ ਵਿੱਚ ਲੈਣਾ ਕਾਨੂੰਨੀ ਅਤੇ ਨੈਤਿਕ ਤੌਰ ‘ਤੇ ਗਲਤ ਹੈ। ਆਗੂਆਂ ਨੇ ਕਿਹਾ ਕਿ ਪੁਰਾਣਾ ਸ਼ਾਲਾ ਦੇ ਥਾਣਾ ਮੁਖੀ ਕੁਲਵਿੰਦਰ ਸਿੰਘ ਨੇ, ਜੋ ਇਸ ਇਲਾਕੇ ਨਾਲ ਹੀ ਸੰਬੰਧਤ ਹਨ, ਆਪਣੀ ਕਾਰਵਾਈ ਰਾਹੀਂ ਲੋਕਾਂ ਵਿੱਚ ਭਾਰੀ ਨਾਰਾਜ਼ਗੀ ਪੈਦਾ ਕੀਤੀ ਹੈ। ਉਨ੍ਹਾਂ ਦੇ ਨਾਲ ਮਹਿਲਾ ਡੀਐਸਪੀ ਸੀਮਾ ਕੁਮਾਰੀ ਦੀ ਕਾਰਵਾਈ ਨੂੰ ਲੈ ਕੇ ਵੀ ਇਲਾਕੇ ਦੇ ਲੋਕਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ।

ਪੀੜਤ ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੀਆਂ ਵੀਡੀਓ ਰਿਕਾਰਡਿੰਗਾਂ ਉਨ੍ਹਾਂ ਕੋਲ ਮੌਜੂਦ ਹਨ। ਪਰਿਵਾਰ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਸਬੂਤਾਂ ਦੇ ਆਧਾਰ ‘ਤੇ ਸੰਬੰਧਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਲੜਾਈ ਲੜੇਗਾ ਅਤੇ ਲੋੜ ਪੈਣ ‘ਤੇ ਹਾਈਕੋਰਟ ਦਾ ਵੀ ਦਰਵਾਜ਼ਾ ਖੜਕਾਇਆ ਜਾਵੇਗਾ। ਉੱਧਰ, ਜਦੋਂ ਧਰਨਾ ਸਥਾਨ ‘ਤੇ ਮੌਜੂਦ ਥਾਣਾ ਮੁਖੀ ਕੁਲਵਿੰਦਰ ਸਿੰਘ ਅਤੇ ਮਹਿਲਾ ਡੀਐਸਪੀ ਸੀਮਾ ਕੁਮਾਰੀ ਤੋਂ ਪੱਤਰਕਾਰਾਂ ਨੇ ਇਸ ਮਾਮਲੇ ਸਬੰਧੀ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਅਧਿਕਾਰੀਆਂ ਨੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਸਵਾਰ ਹੋ ਕੇ ਉੱਥੋਂ ਗੁਰਦਾਸਪੁਰ ਵੱਲ ਰਵਾਨਾ ਹੋ ਗਏ।

-(ਬਾਬੂਸ਼ਾਹੀ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments