ਕਾਨੂੰਨੀ ਨੋਟਿਸ ਤੋਂ ਬਾਅਦ ਵੀ GTC ਵੱਲੋਂ ਗੁਰਬਾਣੀ ਪ੍ਰਸਾਰਣ ਜਾਰੀ, SGPC ਨੇ ਕਿਹਾ– ਕਾਨੂੰਨੀ ਕਾਰਵਾਈ ਲਈ ਰਹੋ ਤਿਆਰ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰਾਂ ਨੂੰ ਚੁਣੌਤੀ ਦੇਣ ਵਾਲੇ ਕਿਸੇ ਵੀ ਪੱਖ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਅਮ੍ਰਿਤਸਰ ਸਾਹਿਬ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਗਾਇਆ ਹੈ ਕਿ GTC News Channel ਵੱਲੋਂ ਕਾਨੂੰਨੀ ਨੋਟਿਸ ਮਿਲਣ ਦੇ ਬਾਵਜੂਦ ਗੁਰਬਾਣੀ ਦਾ ਕਥਿਤ ਗੈਰ-ਅਧਿਕਾਰਤ ਪ੍ਰਸਾਰਣ ਜਾਰੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰਾਂ ਨੂੰ ਚੁਣੌਤੀ ਦੇਣ ਵਾਲੇ ਕਿਸੇ ਵੀ ਪੱਖ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਅਧਿਕਾਰਾਂ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼: ਧਾਮੀ
ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਮਹਿਲ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਥ ਦੀ ਨੁਮਾਇੰਦਾ ਸੰਸਥਾ ਹੈ ਅਤੇ ਇਸ ਦੇ ਅਧਿਕਾਰਾਂ ਨੂੰ ਸਿੱਧੀ ਚੁਣੌਤੀ ਦੇਣ ਵਾਲੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਸਮਾਂ ਆਉਣ ‘ਤੇ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਅਜਿਹੀਆਂ ਕਾਰਵਾਈਆਂ ਦੇ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੇ ਅਨੁਸਾਰ, ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਇਸ ਦੇ ਪਿੱਛੇ ਕੌਣ ਹੈ ਅਤੇ ਉਸਦੇ ਕੀ ਮਕਸਦ ਹਨ, ਇਹ ਆਉਣ ਵਾਲੇ ਦਿਨਾਂ ਵਿੱਚ ਸਾਹਮਣੇ ਆ ਜਾਣਗੇ।
ਪੰਜਾਬ ਸਰਕਾਰ ‘ਤੇ ਵੀ ਸਾਧਿਆ ਨਿਸ਼ਾਨਾ
ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਦੀ ਵੀ ਆਲੋਚਨਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਵਿੱਚ ਲੋਕਾਂ ਨਾਲ ਜੁੜੇ ਅਹਿਮ ਅਤੇ ਭਖਦੇ ਮੁੱਦਿਆਂ ‘ਤੇ ਚਰਚਾ ਕਰਨ ਦੀ ਥਾਂ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਾਣ-ਬੁੱਝ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਦੋਸ਼ ਲਗਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਧਾਰਮਿਕ ਮਸਲਿਆਂ ਨੂੰ ਉਭਾਰਿਆ ਜਾ ਰਿਹਾ ਹੈ, ਤਾਂ ਜੋ ਬੇਰੁਜ਼ਗਾਰੀ, ਨਸ਼ਿਆਂ, ਵਿਕਾਸ ਅਤੇ ਹੋਰ ਬੁਨਿਆਦੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਸਕੇ।
ਗੁਰਬਾਣੀ ਪ੍ਰਸਾਰਣ ਨੂੰ ਬੇਵਜ੍ਹਾ ਵਿਵਾਦ ਬਣਾਇਆ ਜਾ ਰਿਹਾ: ਧਾਮੀ
ਪੀਟੀਸੀ ਵੱਲੋਂ ਕੀਤੇ ਜਾ ਰਹੇ ਗੁਰਬਾਣੀ ਪ੍ਰਸਾਰਣ ਸਬੰਧੀ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਗਤ ਨੂੰ ਇਸ ਮਾਮਲੇ ਨਾਲ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ GTC ਨਾਮ ਦਾ ਨਵਾਂ ਚੈਨਲ ਸ਼ੁਰੂ ਹੋਣ ਤੋਂ ਬਾਅਦ ਹੀ ਇਸ ਮੁੱਦੇ ਨੂੰ ਬੇਵਜ੍ਹਾ ਉਭਾਰਿਆ ਜਾ ਰਿਹਾ ਹੈ, ਜਦਕਿ ਗੁਰਬਾਣੀ ਨਾਲ ਜੁੜੀਆਂ ਸੰਗਤ ਦੀਆਂ ਭਾਵਨਾਵਾਂ ਨੂੰ ਕਿਸੇ ਵੀ ਤਰ੍ਹਾਂ ਦੇ ਵਿਵਾਦ ਦਾ ਹਿੱਸਾ ਨਹੀਂ ਬਣਾਇਆ ਜਾਣਾ ਚਾਹੀਦਾ।
ਦਲ-ਪੰਥ ਅਤੇ ਸੰਪਰਦਾਵਾਂ ਦਾ SGPC ਨੂੰ ਸਮਰਥਨ
ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚਾ ਦਲ-ਪੰਥ ਅਤੇ ਵੱਖ-ਵੱਖ ਸੰਪਰਦਾਵਾਂ ਸ਼੍ਰੋਮਣੀ ਕਮੇਟੀ ਦੇ ਨਾਲ ਖੜ੍ਹੀਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੱਢੇ ਗਏ ਮੀਰੀ-ਪੀਰੀ ਖਾਲਸਾ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਹੋਈ ਸ਼ਮੂਲੀਅਤ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਪੰਥ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਖੜ੍ਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੰਥ ਦੀ ਨੁਮਾਇੰਦਾ ਸੰਸਥਾ ਹੈ ਅਤੇ ਇਸ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਜਾਂ ਚੁਣੌਤੀ ਦੇਣ ਵਾਲੀਆਂ ਹਰ ਕੋਸ਼ਿਸ਼ ਦਾ ਪੰਥਕ ਪੱਧਰ ‘ਤੇ ਡਟ ਕੇ ਜਵਾਬ ਦਿੱਤਾ ਜਾਵੇਗਾ। ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਸਰਕਾਰ ਨੂੰ ਪੰਜਾਬ ਦੇ ਅਸਲ ਅਤੇ ਗੰਭੀਰ ਮੁੱਦਿਆਂ ਦੇ ਹੱਲ ਵੱਲ ਧਿਆਨ ਦੇਣਾ ਚਾਹੀਦਾ ਹੈ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


