Friday, September 4, 2026
Google search engine
Homeਅਪਰਾਧਕਾਲਾ ਝੰਡਾ ਦਿਖਾਉਣ ਤੋਂ ਬਾਅਦ ਗ੍ਰਿਫ਼ਤਾਰ ਨੌਜਵਾਨ ਹਸਪਤਾਲ ਪਹੁੰਚਿਆ, ਪੁਲਿਸ ਹਿਰਾਸਤ ’ਚ...

ਕਾਲਾ ਝੰਡਾ ਦਿਖਾਉਣ ਤੋਂ ਬਾਅਦ ਗ੍ਰਿਫ਼ਤਾਰ ਨੌਜਵਾਨ ਹਸਪਤਾਲ ਪਹੁੰਚਿਆ, ਪੁਲਿਸ ਹਿਰਾਸਤ ’ਚ ਕੁੱਟਮਾਰ ਦੇ ਪਰਿਵਾਰ ਵੱਲੋਂ ਦੋਸ਼

ਕਾਲਾ ਝੰਡਾ ਦਿਖਾਉਣ ਤੋਂ ਬਾਅਦ ਗ੍ਰਿਫ਼ਤਾਰ ਨੌਜਵਾਨ ਹਸਪਤਾਲ ਪਹੁੰਚਿਆ, ਪੁਲਿਸ ਹਿਰਾਸਤ ’ਚ ਕੁੱਟਮਾਰ ਦੇ ਪਰਿਵਾਰ ਵੱਲੋਂ ਦੋਸ਼

ਪਰਿਵਾਰ ਅਤੇ ਆਗੂਆਂ ਨੇ ਪੁਲਿਸ ’ਤੇ ਨੌਜਵਾਨ ਨਾਲ ਕਥਿਤ ਤੌਰ ’ਤੇ ਕੁੱਟਮਾਰ ਅਤੇ ਅਣਮਨੁੱਖੀ ਵਿਵਹਾਰ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।

ਸੰਗਰੂਰ

ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਛੱਤ ’ਤੇ ਚੜ੍ਹ ਕੇ ਕਾਲਾ ਝੰਡਾ ਦਿਖਾਉਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕਾਬੂ ਕੀਤੇ ਗਏ ਨੌਜਵਾਨ ਮੋਹਨਜੀਤ ਸਿੰਘ ਨੂੰ ਉਸਦੇ ਪਰਿਵਾਰਕ ਮੈਂਬਰਾਂ ਅਤੇ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਸਿਵਲ ਹਸਪਤਾਲ ਸੰਗਰੂਰ ਵਿੱਚ ਦਾਖ਼ਲ ਕਰਵਾਇਆ ਗਿਆ। ਪਰਿਵਾਰ ਅਤੇ ਆਗੂਆਂ ਨੇ ਪੁਲਿਸ ’ਤੇ ਨੌਜਵਾਨ ਨਾਲ ਕਥਿਤ ਤੌਰ ’ਤੇ ਕੁੱਟਮਾਰ ਅਤੇ ਅਣਮਨੁੱਖੀ ਵਿਵਹਾਰ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।

ਪਰਿਵਾਰ ਅਤੇ ਸਿਆਸੀ ਆਗੂਆਂ ਨੇ ਮੰਗ ਕੀਤੀ ਹੈ ਕਿ ਮੋਹਨਜੀਤ ਸਿੰਘ ਦਾ ਮੈਡੀਕਲ ਡਾਕਟਰਾਂ ਦੇ ਵਿਸ਼ੇਸ਼ ਬੋਰਡ ਰਾਹੀਂ ਕਰਵਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਅਤੇ ਕਥਿਤ ਤਸ਼ੱਦਦ ਦੇ ਦੋਸ਼ਾਂ ਦੀ ਜਾਂਚ ਕਰਕੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਮੋਹਨਜੀਤ ਸਿੰਘ ਦੇ ਚਾਚਾ ਮਾਸਟਰ ਬਲਦੇਵ ਸਿੰਘ ਸ਼ੇਰੋਂ ਨੇ ਦੱਸਿਆ ਕਿ ਮੋਹਨਜੀਤ ਲੰਬੇ ਸਮੇਂ ਤੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਦਾ ਆ ਰਿਹਾ ਹੈ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਸ਼ੇਰੋਂ ਇਲਾਕੇ ਵਿੱਚ ਨਸ਼ਿਆਂ ਦੀ ਵਿਕਰੀ ਸਬੰਧੀ ਲੋਕਾਂ ਵਿੱਚ ਚਿੰਤਾ ਬਣੀ ਹੋਈ ਹੈ।

ਪਰਿਵਾਰ ਮੁਤਾਬਕ ਬੁੱਧਵਾਰ ਨੂੰ ਮੁੱਖ ਮੰਤਰੀ ਦੀ ਪਿੰਡ ਸ਼ੇਰੋਂ ਵਿੱਚ ਲੋਕ ਮਿਲਣੀ ਸੀ। ਇਸ ਮੌਕੇ ਮੋਹਨਜੀਤ ਸਿੰਘ ਮੁੱਖ ਮੰਤਰੀ ਦੇ ਸਾਹਮਣੇ ਨਸ਼ਿਆਂ ਨਾਲ ਸਬੰਧਤ ਮੁੱਦਾ ਉਠਾਉਣਾ ਚਾਹੁੰਦਾ ਸੀ। ਪਰ ਉਸਨੂੰ ਮੁੱਖ ਮੰਤਰੀ ਨਾਲ ਮਿਲਣ ਦਾ ਮੌਕਾ ਨਾ ਮਿਲਣ ਕਾਰਨ ਉਹ ਇੱਕ ਮਕਾਨ ਦੀ ਛੱਤ ’ਤੇ ਚੜ੍ਹ ਗਿਆ ਅਤੇ ਉੱਥੋਂ ਕਾਲਾ ਝੰਡਾ ਦਿਖਾ ਕੇ ਆਪਣਾ ਵਿਰੋਧ ਜਤਾਉਣ ਲੱਗਾ।

ਪਰਿਵਾਰ ਅਨੁਸਾਰ ਜਦੋਂ ਪੁਲਿਸ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਡੀਐਸਪੀ ਸੁਨਾਮ ਅਤੇ ਐਸਐਚਓ ਚੀਮਾ ਪੁਲਿਸ ਮੁਲਾਜ਼ਮਾਂ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਮੋਹਨਜੀਤ ਸਿੰਘ ਅਤੇ ਉਸਦੇ ਇੱਕ ਸਾਥੀ ਨੂੰ ਕਾਬੂ ਕਰ ਲਿਆ, ਜੋ ਕਥਿਤ ਤੌਰ ’ਤੇ ਇਸ ਪੂਰੇ ਘਟਨਾਕ੍ਰਮ ਦੀ ਵੀਡੀਓ ਬਣਾ ਰਿਹਾ ਸੀ। ਪਰਿਵਾਰ ਨੇ ਦੋਸ਼ ਲਾਇਆ ਕਿ ਹਿਰਾਸਤ ਦੌਰਾਨ ਦੋਵਾਂ ਨਾਲ ਕੁੱਟਮਾਰ ਕੀਤੀ ਗਈ।

ਮੋਹਨਜੀਤ ਸਿੰਘ ਨੂੰ ਸੰਗਰੂਰ ਸਿਵਲ ਹਸਪਤਾਲ ਲੈ ਕੇ ਪਹੁੰਚੇ ਭਾਜਪਾ ਜ਼ਿਲ੍ਹਾ ਪ੍ਰਧਾਨ-2 ਦਾਮਨ ਬਾਜਵਾ, ਹਰਮਨਦੇਵ ਬਾਜਵਾ, ਕਾਂਗਰਸੀ ਆਗੂ ਰਾਜਿੰਦਰ ਦੀਪਾ, ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂ ਸਤਨਾਮ ਸਿੰਘ ਰੱਤੋਕੇ, ਵਾਰਿਸ ਪੰਜਾਬ ਦੇ ਆਗੂ ਚਮਨਦੀਪ ਸਿੰਘ ਮਿਲਖੀ ਅਤੇ ਵਕੀਲ ਮਨਪ੍ਰੀਤ ਸਿੰਘ ਨਮੋਲ ਨੇ ਵੀ ਪੁਲਿਸ ’ਤੇ ਗੰਭੀਰ ਦੋਸ਼ ਲਗਾਏ।

ਆਗੂਆਂ ਦਾ ਕਹਿਣਾ ਸੀ ਕਿ ਸੁਨਾਮ ਦੇ ਹਸਪਤਾਲ ਵਿੱਚ ਮੋਹਨਜੀਤ ਸਿੰਘ ਦਾ ਮੈਡੀਕਲ ਸਿਰਫ਼ ਰਸਮੀ ਕਾਰਵਾਈ ਤੱਕ ਸੀਮਤ ਰਿਹਾ, ਜਿਸ ਤੋਂ ਬਾਅਦ ਉਹ ਉਸਨੂੰ ਸੰਗਰੂਰ ਸਿਵਲ ਹਸਪਤਾਲ ਲੈ ਕੇ ਆਏ ਹਨ। ਉਨ੍ਹਾਂ ਮੰਗ ਕੀਤੀ ਕਿ ਡਾਕਟਰਾਂ ਦਾ ਬੋਰਡ ਬਣਾ ਕੇ ਵਿਸਥਾਰ ਨਾਲ ਮੈਡੀਕਲ ਜਾਂਚ ਕੀਤੀ ਜਾਵੇ ਅਤੇ ਪੁਲਿਸ ਹਿਰਾਸਤ ਵਿੱਚ ਕਥਿਤ ਕੁੱਟਮਾਰ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

ਸਿਆਸੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਜਾਂ ਪੀੜਤ ਨੂੰ ਕਿਸੇ ਤਰ੍ਹਾਂ ਦਾ ਦਬਾਅ ਪਾਇਆ ਗਿਆ ਤਾਂ ਵੱਖ-ਵੱਖ ਸਿਆਸੀ ਧਿਰਾਂ ਇਕਜੁੱਟ ਹੋ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਨਗੀਆਂ। ਉਨ੍ਹਾਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਥਿਤ ਦੋਸ਼ਾਂ ਦੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments