ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਵੱਲੋਂ ਪੁਲੀਸ ਸੁਰੱਖਿਆ ਲੈਣ ਤੋਂ ਇਨਕਾਰ
ਏ.ਡੀ.ਜੀ.ਪੀ ਨੇ ਦੱਸਿਆ ਕਿ ਜਾਨ ਨੂੰ ਖਤਰਾ
ਫਰੀਦਕੋਟ, 31 ਮਾਰਚ – (ਪ੍ਰਸ਼ੋਤਮ ਕੁਮਾਰ) – ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਪੁਲੀਸ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਵਧੀਕ ਡੀ.ਜੀ.ਪੀ ਵੱਲੋਂ ਜਿਲ੍ਹਾ ਪੁਲੀਸ ਨੂੰ ਹਦਾਇਤ ਕੀਤੀ ਗਈ ਸੀ ਕਿ ਕਿਸਾਨ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਪੁਲੀਸ ਸੁਰੱਖਿਆ ਦਿੱਤੀ ਜਾਵੇ। ਜਿਸ ਤਹਿਤ ਜਿਲ੍ਹਾ ਪੁਲੀਸ ਮੁਖੀ ਫ਼ਰੀਦਕੋਟ ਦੇ ਦਫ਼ਤਰ ਨੇ ਰਜਿੰਦਰ ਸਿੰਘ ਨੂੰ ਤਿੰਨ ਸੁਰੱਖਿਆ ਕਰਮਚਾਰੀ ਮੁਹੱਈਆ ਕਰਵਾਉਣ ਲਈ ਕਿਹਾ ਸੀ ਪਰੰਤੂ ਰਜਿੰਦਰ ਸਿੰਘ ਨੇ ਅੱਜ ਇਹ ਸੁਰੱਖਿਆ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਖੇਤੀ ਕਾਨੂੰਨਾਂ ਖਿਲਾਫ਼ 15 ਮਹੀਨੇ ਤੱਕ ਚੱਲੇ ਕਿਸਾਨ ਅੰਦੋਲਨ ਵਿੱਚ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਅਹਿਮ ਭੂਮਿਕਾ ਨਿਭਾਈ ਸੀ ਅਤੇ ਅੰਦੋਲਨ ਦੌਰਾਨ ਪੈਦਾ ਹੋਏ ਕਈ ਵਿਵਾਦਾਂ ਕਾਰਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੂੰ ਸ਼ੋਸ਼ਲ ਮੀਡੀਆ ਉੱਪਰ ਕਈ ਤਰ੍ਹਾਂ ਦੀਆਂ ਧਮਕੀਆਂ ਮਿਲ ਰਹੀਆਂ ਸਨ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਉਸ ਨੂੰ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਸੀ। ਇਸ ਤੋਂ ਪਹਿਲਾਂ ਵੀ ਅਕਤੂਬਰ 2021 ਵਿੱਚ ਇਸ ਕਿਸਾਨ ਆਗੂ ਨੂੰ ਪੁਲੀਸ ਸੁਰੱਖਿਆ ਦੇਣ ਦਾ ਫੈਸਲਾ ਹੋਇਆ ਸੀ ਪਰੰਤੂ ਰਜਿੰਦਰ ਸਿੰਘ ਨੇ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਸਾਦਿਕ ਪੁਲੀਸ ਨੇ ਰਜਿੰਦਰ ਸਿੰਘ ਵੱਲੋਂ ਪੁਲੀਸ ਸੁਰੱਖਿਆ ਨਾ ਲੈਣ ਬਾਰੇ ਬਿਆਨ ਵੀ ਦਰਜ ਕੀਤਾ ਹੈ ਜੋ ਅੱਗੇ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਕਿਸਾਨ ਆਗੂ ਸਰਦੂਲ ਸਿੰਘ, ਜਗਜੀਤ ਸਿੰਘ, ਰਜਿੰਦਰ ਸਿੰਘ ਕਿੰਗਰਾ ਅਤੇ ਗੁਰਮੀਤ ਸਿੰਘ ਨੇ ਕਿਹਾ ਕਿ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਸੁਰੱਖਿਆ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਸਾਨ ਆਗੂ ਦੀ ਸੁਰੱਖਿਆ ਬਾਰੇ ਚਿੰਤਾ ਪ੍ਰਗਟ ਕਰਦਿਆ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਅਤੇ ਜਿਲ੍ਹਾ ਪੁਲੀਸ ਮੁਖੀ ਨੂੰ ਕਿਸਾਨ ਆਗੂ ਦੀ ਸੁਰੱਖਿਆ ਲਈ ਤੁਰੰਤ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ।
ਕੈਪਸ਼ਨ: 31 ਐਫਡੀਕੇ 01- ਰਜਿੰਦਰ ਸਿੰਘ ਦੀਪ ਸਿੰਘ ਵਾਲਾ।