‘ਕੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਿਲਣ ਵਾਲੀ 3000-4500 ਰੁਪਏ ਦੀ ਰਕਮ ਰੁਕ ਜਾਵੇਗੀ?’ ਹਾਈਕੋਰਟ ਨੇ ਫੰਡ ਜਾਰੀ ਕਰਨ ‘ਤੇ ਲਗਾਈ ਅੰਤਰਿਮ ਰੋਕ
ਇਹ ਹੁਕਮ ਉਸ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤਾ ਗਿਆ, ਜਿਸ ਵਿੱਚ ਯੋਜਨਾ ਲਈ ਪੰਜਾਬ ਬਿਲਡਿੰਗ ਐਂਡ ਕੰਸਟ੍ਰਕਸ਼ਨ ਵਰਕਰ ਭਲਾਈ ਬੋਰਡ ਦੇ ਫੰਡਾਂ ਦੀ ਵਰਤੋਂ ਨੂੰ ਚੁਣੌਤੀ ਦਿੱਤੀ ਗਈ ਸੀ।

ਚੰਡੀਗੜ੍ਹ
ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਯੋਜਨਾ ਲਈ ਜਾਰੀ ਕੀਤੇ ਗਏ ਫੰਡਾਂ ਦੇ ਹੋਰ ਟ੍ਰਾਂਸਫਰ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਇਹ ਹੁਕਮ ਉਸ ਪਟੀਸ਼ਨ ਦੀ ਸੁਣਵਾਈ ਦੌਰਾਨ ਦਿੱਤਾ ਗਿਆ, ਜਿਸ ਵਿੱਚ ਯੋਜਨਾ ਲਈ ਪੰਜਾਬ ਬਿਲਡਿੰਗ ਐਂਡ ਕੰਸਟ੍ਰਕਸ਼ਨ ਵਰਕਰ ਭਲਾਈ ਬੋਰਡ ਦੇ ਫੰਡਾਂ ਦੀ ਵਰਤੋਂ ਨੂੰ ਚੁਣੌਤੀ ਦਿੱਤੀ ਗਈ ਸੀ।
ਹਾਈਕੋਰਟ ਨੇ ਉਸ ਪਟੀਸ਼ਨ ‘ਤੇ ਸੁਣਵਾਈ ਕੀਤੀ, ਜਿਸ ਵਿੱਚ ਦਲੀਲ ਦਿੱਤੀ ਗਈ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਰਕਮ ਪੰਜਾਬ ਬਿਲਡਿੰਗ ਐਂਡ ਕੰਸਟ੍ਰਕਸ਼ਨ ਵਰਕਰ ਭਲਾਈ ਬੋਰਡ ਦੇ ਫੰਡਾਂ ਵਿੱਚੋਂ ਜਾਰੀ ਕੀਤੀ ਗਈ। ਪਟੀਸ਼ਨਕਰਤਾ ਨੇ ਕਿਹਾ ਕਿ ਇਹ ਪ੍ਰਕਿਰਿਆ ਕਾਨੂੰਨ ਦੇ ਅਨੁਕੂਲ ਨਹੀਂ ਹੈ ਅਤੇ ਇਸ ‘ਤੇ ਰੋਕ ਲਗਾਈ ਜਾਣੀ ਚਾਹੀਦੀ ਹੈ।
1996 ਦੇ ਕਾਨੂੰਨ ਤਹਿਤ ਹੋਇਆ ਸੀ ਬੋਰਡ ਦਾ ਗਠਨ
ਪਟੀਸ਼ਨ ਵਿੱਚ ਕਿਹਾ ਗਿਆ ਕਿ ਇਹ ਬੋਰਡ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰ ਐਕਟ, 1996 ਤਹਿਤ ਬਣਾਇਆ ਗਿਆ ਸੀ। ਬਾਅਦ ਵਿੱਚ ਇਸ ਨੂੰ ਸੋਸ਼ਲ ਸਿਕਿਉਰਿਟੀ ਕੋਡ, 2020 ਵਿੱਚ ਸ਼ਾਮਲ ਕਰ ਦਿੱਤਾ ਗਿਆ ਅਤੇ ਪਿਛਲੇ ਸਾਲ 21 ਨਵੰਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕੀ ਹੈ।
ਪਟੀਸ਼ਨਕਰਤਾ ਦਾ ਦਾਅਵਾ ਹੈ ਕਿ ਨਵੇਂ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਇਹ ਬੋਰਡ ਕਾਨੂੰਨੀ ਤੌਰ ‘ਤੇ ਪ੍ਰਭਾਵੀ ਨਹੀਂ ਰਿਹਾ। ਇਸ ਲਈ ਇਸ ਦੇ ਜ਼ਰੀਏ ਕਿਸੇ ਵੀ ਯੋਜਨਾ ਲਈ ਫੰਡ ਜਾਰੀ ਕਰਨਾ ਕਾਨੂੰਨੀ ਪ੍ਰਬੰਧਾਂ ਦੇ ਉਲਟ ਹੈ। ਪਟੀਸ਼ਨ ਵਿੱਚ ਬੋਰਡ ਨੂੰ ਰੱਦ ਕਰਨ ਅਤੇ ਇਸ ਰਾਹੀਂ ਹੋਣ ਵਾਲੇ ਫੰਡ ਟ੍ਰਾਂਸਫਰ ‘ਤੇ ਪਾਬੰਦੀ ਲਗਾਉਣ ਦੀ ਵੀ ਮੰਗ ਕੀਤੀ ਗਈ ਹੈ।
ਪੰਜਾਬ ਸਰਕਾਰ ਨੂੰ ਨੋਟਿਸ, ਅਗਲੀ ਸੁਣਵਾਈ ਤੱਕ ਫੰਡ ਟ੍ਰਾਂਸਫਰ ‘ਤੇ ਰੋਕ
ਮਾਮਲੇ ਦੀ ਸੁਣਵਾਈ ਕਰਦਿਆਂ ਕਾਰਜਕਾਰੀ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਅਗਲੇ ਹੁਕਮਾਂ ਤੱਕ ਇਸ ਬੋਰਡ ਰਾਹੀਂ ਕਿਸੇ ਵੀ ਹੋਰ ਸਰਕਾਰੀ ਯੋਜਨਾ ਲਈ ਫੰਡ ਟ੍ਰਾਂਸਫਰ ਕਰਨ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


