ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁਅੱਤਲ ਡੀਆਈਜੀ ਭੁੱਲਰ ਵਿਰੁੱਧ ਮੁਕੱਦਮਾ ਚਲਾਉਣ ਨੂੰ ਦਿੱਤੀ ਮਨਜ਼ੂਰੀ
ਕੇਂਦਰੀ ਗ੍ਰਹਿ ਮੰਤਰਾਲੇ ਨੇ ਮੁਅੱਤਲ ਡੀਆਈਜੀ ਭੁੱਲਰ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਪੈਰਵੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰਵਾਨਗੀ ਤੋਂ ਬਾਅਦ, ਹੁਣ ਇਹ ਮਾਮਲਾ ਸੀਬੀਆਈ ਵੱਲੋਂ ਚੰਡੀਗੜ੍ਹ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਚਲਾਇਆ ਜਾਵੇਗਾ।

ਦਿੱਲੀ- ਦਿੱਲੀ ਦੇ ਰਿਸ਼ਵਤ ਮਾਮਲੇ ਵਿੱਚ ਫਸੇ ਮੁਅੱਤਲ DIG ਭੁੱਲਰ ਖ਼ਿਲਾਫ਼ ਕਾਰਵਾਈ ਤੇਜ਼ ਹੋ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਮਨਜ਼ੂਰੀ ਤੋਂ ਬਾਅਦ ਹੁਣ ਸੀਬੀਆਈ ਵੱਲੋਂ ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਵਿੱਚ ਕੇਸ ਚਲਾਇਆ ਜਾਵੇਗਾ
ਮਿਲੀ ਜਾਣਕਾਰੀ ਅਨੁਸਾਰ, ਸਾਬਕਾ DIG ਭੁੱਲਰ ਇੱਕ ਆਈਪੀਐਸ ਅਧਿਕਾਰੀ ਹਨ, ਜਿਸ ਕਾਰਨ ਉਨ੍ਹਾਂ ਖ਼ਿਲਾਫ਼ ਅਦਾਲਤੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਦੀ ਮਨਜ਼ੂਰੀ ਲਾਜ਼ਮੀ ਸੀ। ਹੁਣ ਇਹ ਮਨਜ਼ੂਰੀ ਕੇਂਦਰੀ ਗ੍ਰਹਿ ਮੰਤਰਾਲਾ ਵੱਲੋਂ ਦੇ ਦਿੱਤੀ ਗਈ ਹੈ।
ਸੂਤਰਾਂ ਮੁਤਾਬਕ, ਇਹ ਮਾਮਲਾ ਰਿਸ਼ਵਤਖੋਰੀ ਨਾਲ ਜੁੜਿਆ ਹੋਇਆ ਹੈ ਅਤੇ ਸੀਬੀਆਈ ਲੰਮੇ ਸਮੇਂ ਤੋਂ ਜਾਂਚ ਕਰ ਰਹੀ ਸੀ। ਮਨਜ਼ੂਰੀ ਮਿਲਣ ਨਾਲ ਹੁਣ ਕਾਨੂੰਨੀ ਕਾਰਵਾਈ ਨੂੰ ਅੱਗੇ ਵਧਾਉਣ ਦਾ ਰਾਹ ਸਾਫ਼ ਹੋ ਗਿਆ ਹੈ।
ਫਿਲਹਾਲ, ਚੰਡੀਗੜ੍ਹ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵਿੱਚ ਕੇਸ ਦੀ ਸੁਣਵਾਈ ਕਦੋਂ ਸ਼ੁਰੂ ਹੋਵੇਗੀ, ਇਸ ਬਾਰੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਹਾਈ ਕੋਰਟ ਨੇ ਭੁੱਲਰ ਦੀ ਜਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਗੌਰਤਲਬ ਹੈ ਕਿ ਐਚ ਐਸ ਭੁੱਲਰ ਨੂੰ ਸੀਬੀਆਈ ਵੱਲੋਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਉਹ ਇਸ ਵੇਲੇ ਚੰਡੀਗੜ੍ਹ ਦੀ ਜੇਲ੍ਹ ਵਿੱਚ ਬੰਦ ਹਨ।
ਜਮਾਨਤ ਲਈ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਅਰਜ਼ੀ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਨਾਲ ਭੁੱਲਰ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ। ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।
ਦੱਸ ਦੇਈਏ ਕਿ 11 ਅਕਤੂਬਰ, 2025 ਨੂੰ, ਇੱਕ ਸਕ੍ਰੈਪ ਡੀਲਰ ਨੇ ਚੰਡੀਗੜ੍ਹ ਸੀਬੀਆਈ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ। ਡੀਆਈਜੀ ਭੁੱਲਰ ‘ਤੇ ਝੂਠੀ ਐਫਆਈਆਰ ਵਿੱਚ ਫਸਾ ਕੇ 8 ਲੱਖ ਰੁਪਏ ਦੀ ਮੰਗ ਕਰਨ ਦਾ ਦੋਸ਼ ਸੀ। ਸੀਬੀਆਈ ਨੇ 10 ਦਿਨਾਂ ਤੱਕ ਨਿਗਰਾਨੀ ਬਣਾਈ ਰੱਖੀ ਅਤੇ 16 ਅਕਤੂਬਰ ਨੂੰ, ਉਸਨੂੰ ਮੋਹਾਲੀ ਦਫ਼ਤਰ ਵਿੱਚ 5 ਲੱਖ ਰੁਪਏ ਦੀ ਪਹਿਲੀ ਕਿਸ਼ਤ ਸਵੀਕਾਰ ਕਰਦੇ ਹੋਏ ਰੰਗੇ ਹੱਥੀਂ ਫੜ ਲਿਆ।
ਦਿੱਲੀ ਅਤੇ ਚੰਡੀਗੜ੍ਹ ਤੋਂ ਸੀਬੀਆਈ ਟੀਮ ਨੇ ਮੋਹਾਲੀ ਦਫ਼ਤਰ, ਸੈਕਟਰ 40 ਬੰਗਲੇ ਅਤੇ ਖੰਨਾ ਫਾਰਮ ਹਾਊਸ ‘ਤੇ ਛਾਪਾ ਮਾਰਿਆ। ਉਨ੍ਹਾਂ ਨੇ ਤਿੰਨ ਬੈਗਾਂ ਅਤੇ ਦੋ ਬ੍ਰੀਫਕੇਸਾਂ ਵਿੱਚ 7 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ। ਇਸ ਤੋਂ ਇਲਾਵਾ, 1.5 ਕਿਲੋ ਸੋਨਾ, 22 ਲਗਜ਼ਰੀ ਘੜੀਆਂ, 40 ਲੀਟਰ ਵਿਦੇਸ਼ੀ ਸ਼ਰਾਬ, ਅਤੇ ਇੱਕ ਰਿਵਾਲਵਰ, ਪਿਸਤੌਲ ਅਤੇ ਏਅਰਗਨ ਵੀ ਬਰਾਮਦ ਕੀਤੀ ਗਈ। ਬੀਐਮਡਬਲਯੂ ਅਤੇ ਮਰਸੀਡੀਜ਼ ਵਰਗੀਆਂ ਲਗਜ਼ਰੀ ਕਾਰਾਂ, 15 ਜਾਇਦਾਦਾਂ ਦੇ ਦਸਤਾਵੇਜ਼ ਅਤੇ ਬੈਂਕ ਲਾਕਰ ਦੀਆਂ ਚਾਬੀਆਂ ਵੀ ਬਰਾਮਦ ਕੀਤੀਆਂ ਗਈਆਂ।
-(ਜੀ ਨਿਊਜ ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


