ਕੈਨੇਡਾ ‘ਚ ਅਕਾਲੀ ਆਗੂ ਬੰਟੀ ਰੋਮਾਣਾ ਦੀ ਐਂਟਰੀ ਰੋਕੀ, ਟੋਰਾਂਟੋ ਹਵਾਈ ਅੱਡੇ ਤੋਂ ਪਰਤਣਾ ਪਿਆ; ਜਾਣੋ ਕੀ ਹੈ ਪੂਰਾ ਮਾਮਲਾ
ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਬੰਟੀ ਰੋਮਾਣਾ ਨੇ ਦੱਸਿਆ ਕਿ ਕੈਨੇਡਾ ਵਿੱਚ ਦਾਖਲੇ ਦੀ ਮਨਜ਼ੂਰੀ ਨਾ ਮਿਲਣ ਕਾਰਨ ਉਹ ਵਾਪਸ ਭਾਰਤ ਪਰਤ ਰਹੇ ਹਨ।

ਫਰੀਦਕੋਟ
ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਅਤੇ ਫਰੀਦਕੋਟ ਹਲਕੇ ਦੇ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੂੰ ਟੋਰਾਂਟੋ ਹਵਾਈ ਅੱਡੇ ਤੋਂ ਹੀ ਭਾਰਤ ਵਾਪਸ ਮੁੜਨਾ ਪਿਆ।
ਮਿਲੀ ਜਾਣਕਾਰੀ ਅਨੁਸਾਰ, ਵੀਰਵਾਰ ਦੇਰ ਰਾਤ ਟੋਰਾਂਟੋ ਏਅਰਪੋਰਟ ‘ਤੇ ਕੈਨੇਡੀਅਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਬੰਟੀ ਰੋਮਾਣਾ ਨੇ ਦੱਸਿਆ ਕਿ ਕੈਨੇਡਾ ਵਿੱਚ ਦਾਖਲੇ ਦੀ ਮਨਜ਼ੂਰੀ ਨਾ ਮਿਲਣ ਕਾਰਨ ਉਹ ਵਾਪਸ ਭਾਰਤ ਪਰਤ ਰਹੇ ਹਨ।
ਸ਼ਿਕਾਇਤ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਦਿੱਤਾ ਗਿਆ ਹਵਾਲਾ
ਬੰਟੀ ਰੋਮਾਣਾ ਦੇ ਅਨੁਸਾਰ, ਉਨ੍ਹਾਂ ਵਿਰੁੱਧ ਕੈਨੇਡੀਅਨ ਇਮੀਗ੍ਰੇਸ਼ਨ ਵਿਭਾਗ ਅਤੇ ਹਵਾਈ ਅੱਡਾ ਅਥਾਰਟੀ ਕੋਲ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਸ਼ਿਕਾਇਤ ਵਿੱਚ ਉਨ੍ਹਾਂ ਖਿਲਾਫ ਦਰਜ ਵੱਖ-ਵੱਖ ਕੇਸਾਂ ਦਾ ਜ਼ਿਕਰ ਕੀਤਾ ਗਿਆ, ਜਿਨ੍ਹਾਂ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਅਤੇ ਸਿਟੀ ਕੌਂਸਲ ਚੋਣਾਂ ਨਾਲ ਜੁੜੇ ਮਾਮਲੇ ਵੀ ਸ਼ਾਮਲ ਸਨ। ਨਾਲ ਹੀ, ਇਨ੍ਹਾਂ ਕੇਸਾਂ ਵਿੱਚ ਚੱਲ ਰਹੀਆਂ ਅਦਾਲਤੀ ਕਾਰਵਾਈਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਸੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਖਿਲਾਫ ਦਰਜ ਸਾਰੇ ਕੇਸ ਰਾਜਨੀਤਿਕ ਸਰਗਰਮੀਆਂ ਅਤੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨਾਲ ਸੰਬੰਧਤ ਹਨ ਅਤੇ ਇਨ੍ਹਾਂ ਵਿੱਚੋਂ ਕੋਈ ਵੀ ਮਾਮਲਾ ਅਪਰਾਧਿਕ ਸੁਭਾਅ ਦਾ ਨਹੀਂ ਹੈ। ਰੋਮਾਣਾ ਦਾ ਦਾਅਵਾ ਹੈ ਕਿ ਸ਼ਿਕਾਇਤ ਵਿੱਚ ਇਹ ਵੀ ਕਿਹਾ ਗਿਆ ਕਿ ਉਹ ਕੈਨੇਡਾ ਇੱਕ ਰਾਜਨੀਤਿਕ ਦੌਰੇ ‘ਤੇ ਆਏ ਹਨ, ਜਿਸ ਦੀ ਉੱਥੋਂ ਦੇ ਨਿਯਮਾਂ ਤਹਿਤ ਆਗਿਆ ਨਹੀਂ। ਇਸੇ ਆਧਾਰ ‘ਤੇ ਕੈਨੇਡੀਅਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਦੇਸ਼ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ।
ਇਸ ਮਾਮਲੇ ਨੂੰ ਲੈ ਕੇ ਬੰਟੀ ਰੋਮਾਣਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਵਿਰੁੱਧ ਇਹ ਸ਼ਿਕਾਇਤ ਮਨੀਲਾ ਵਿੱਚ ਰਹਿੰਦੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਭ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਇਸ਼ਾਰੇ ‘ਤੇ ਕੀਤਾ ਗਿਆ, ਕਿਉਂਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਹੇ ਸਮਰਥਨ ਤੋਂ ਸਰਕਾਰ ਘਬਰਾਈ ਹੋਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕ ਇਸ ਦਾ ਢੁੱਕਵਾਂ ਜਵਾਬ ਦੇਣਗੇ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


