ਕੌਮੀ ਪੱਧਰ ਦੀਆਂ 10 ਟਰੇਡ ਯੂਨੀਅਨਜ ਵੱਲੋਂ 28 ਅਤੇ 29 ਮਾਰਚ ਨੂੰ ਦੋ ਰੋਜ਼ਾ ਹੜਤਾਲ ਕਰਨ ਦਾ ਸੱਦਾ
28 ਮਾਰਚ ਨੂੰ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਦਫ਼ਤਰ ਸਾਹਮਣੇ ਸਾਂਝੀ ਰੋਸ ਰੈਲੀ ਕਰਨ ਦਾ ਫ਼ੈਸਲਾ
ਫਰੀਦਕੋਟ, 24 ਮਾਰਚ – ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕੌਮੀ ਪੱਧਰ ਦੀਆ 10 ਟਰੇਡ ਯੂਨੀਅਨਾਂ ਵੱਲੋਂ 28 ਤੇ 29 ਮਾਰਚ ਨੂੰ ਦੇਸ਼ ਵਿਆਪੀ ਹੜਤਾਲ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਐਕਸ਼ਨ ਨੂੰ ਜ਼ਿਲ੍ਹਾ ਫ਼ਰੀਦਕੋਟ ਵਿੱਚ ਸਫ਼ਲ ਬਣਾਉਣ ਲਈ ਫਰੀਦਕੋਟ ਜ਼ਿਲ੍ਹੇ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜੱਥੇਬੰਦੀਆਂ ਦੇ ਆਗੂਆਂ ਦੀ ਇੱਕ ਮੀਟਿੰਗ ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ, ਮੁਲਾਜ਼ਮਾਂ ਦੇ ਸੂਬਾਈ ਆਗੂ ਜਤਿੰਦਰ ਕੁਮਾਰ ਤੇ ਪ੍ਰੇਮ ਚਾਵਲਾ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਇਸ ਮੀਟਿੰਗ ਵਿੱਚ ਸਿਵਲ ਪੈਨਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੰਤ ਸਿੰਘ, ਜਗਤਾਰ ਸਿੰਘ ਗਿੱਲ, ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾਈ ਆਗੂ ਅਸ਼ੋਕ ਕੌਸ਼ਲ, ਜ਼ਿਲ੍ਹਾ ਆਗੂ ਪ੍ਰਦੀਪ ਸਿੰਘ ਬਰਾੜ ਤੇ ਪੂਰਨ ਸਿੰਘ ਸੰਧਵਾਂ, ਪੀ ਆਰ ਟੀ ਸੀ ਮੁਲਾਜ਼ਮਾਂ ਦੇ ਸੂਬਾ ਪ੍ਰਧਾਨ ਸਿਮਰਜੀਤ ਸਿੰਘ ਬਰਾੜ, ਡੈਮੋਕਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਫ਼ਰੀਦਕੋਟ ਦੀ ਆਗੂ ਸੁਖਵਿੰਦਰ ਸਿੰਘ ਸੁੱਖੀ ਤੇ ਗਗਨ ਪਾਹਵਾ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਗੁਰਤੇਜ ਸਿੰਘ ਖਹਿਰਾ ਤੇ ਗੁਰਪ੍ਰੀਤ ਸਿੰਘ ਔਲਖ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ, ਭਾਰਤ ਸੰਚਾਰ ਨਿਗਮ ਲਿਮਟਿਡ ਦੇ ਆਗੂ ਐਮ.ਐਲ. ਰਾਏ, ਭਾਰਤੀ ਜੀਵਨ ਬੀਮਾ ਨਿਗਮ ਦੇ ਆਗੂ ਸਤੀਸ਼ ਵਧਵਾ, ਅਮਰੀਕ ਸਿੰਘ ਸੰਧੂ ਸੂਬਾਈ ਆਗੂ ਤੇ ਜ਼ਿਲ੍ਹਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਮੰਡੀ ਬੋਰਡ ਮੁਲਾਜ਼ਮਾਂ ਦੇ ਸੂਬਾਈ ਆਗੂ ਵੀਰ ਇੰਦਰਜੀਤ ਸਿੰਘ ਪੁਰੀ ਨੇ ਵਿਚਾਰ ਪੇਸ਼ ਕਰਦਿਆਂ ਹੜਤਾਲ ਵਿੱਚ ਸ਼ਾਮਲ ਹੋਣ ਵਾਲੀਆਂ ਜੱਥੇਬੰਦੀਆ ਨਾਲ ਰਾਬਤਾ ਕਾਇਮ ਕਰਕੇ ਸਾਂਝੀ ਮੁਹਿੰਮ ਦੀ ਵਿਉਂਤਬੰਦੀ ਕਰਨ ਦਾ ਨਿਰਣਾ ਲਿਆ ਗਿਆ। ਫ਼ੈਸਲਾ ਕੀਤਾ ਗਿਆ ਕਿ 28 ਮਾਰਚ ਨੂੰ ਸਵੇਰੇ ਠੀਕ 10 ਵਜੇ ਡਿਪਟੀ ਕਮਿਸ਼ਨਰ ਦੇ ਦਫਤਰ ਮਿੰਨੀ ਸਕੱਤਰੇਤ ਸਾਹਮਣੇ ਜਾਮਣਾਂ ਹੇਠ ਰੋਸ ਰੈਲੀ ਕੀਤੀ ਜਾਵੇਗੀ।
ਆਗੂਆਂ ਨੇ ਅੱਗੇ ਦੱਸਿਆ ਕਿ ਇਸ ਦੇਸ਼ ਵਿਆਪੀ ਹੜਤਾਲ ਦੇ ਮੁੱਖ ਮੁੱਦੇ ਹਨ ਕਿ ਕੇਂਦਰ ਸਰਕਾਰ ਵੱਲੋਂ ਨਿੱਜੀਕਰਨ ਨੂੰ ਉਤਸ਼ਾਹਤ ਕਰਨ ਵਾਲੀਆਂ ਨੀਤੀਆਂ ਦਾ ਵਿਰੋਧ, ਕਿਰਤ ਕਾਨੂੰਨਾਂ ਨੂੰ ਖਤਮ ਕਰਕੇ 4 ਲੇਬਰ ਕੋਡਜ਼ ਦਾ ਵਿਰੋਧ ਕਰਨਾ, ਕੰਟਰੈਕਟ ਕਾਮੇ ਪੱਕੇ ਕਰਵਾਉਣਾ, ਘੱਟੋ ਘੱਟ ਉਜਰਤ 26000 ਰੁਪਏ ਕਰਵਾਉਣਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣਾ ਅਤੇ ਸਕੀਮ ਵਰਕਰਾਂ ਨੂੰ ਪੱਕੇ ਕਰਵਾਉਣਾ ਆਦਿ ਸ਼ਾਮਲ ਹਨ। ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਤੇ ਪੈਨਸ਼ਨਰ ਆਗੂ ਡਾ. ਪਰਮਿੰਦਰ ਸਿੰਘ, ਅਮਰਜੀਤ ਸਿੰਘ ਵਾਲੀਆ, ਬਿਸ਼ਨ ਦਾਸ ਅਰੋੜਾ, ਰਮੇਸ਼ ਢੈਪਈ, ਟੈਕਨੀਕਲ ਸਰਵਿਸ ਯੂਨੀਅਨ ਦੇ ਹਰਪ੍ਰੀਤ ਸਿੰਘ, ਕਿਰਨ ਪ੍ਰਕਾਸ਼ ਮਹਿਤਾ, ਹਰਚਰਨ ਸਿੰਘ ਸੰਧੂ ਕਰਮਚਾਰੀ ਦਲ ਤੇ ਪ੍ਰੀਤਮ ਸਿੰਘ ਧੂੜਕੋਟ ਆਦਿ ਸ਼ਾਮਲ ਸਨ।