ਗਵਰਨਰ-ਸਰਕਾਰ ਵਿਵਾਦ ਵਿਚਾਲੇ ਸੁਪਰੀਮ ਕੋਰਟ ਦੀ ਟਿੱਪਣੀ, ਕਿਹਾ-“ਅਜਿਹੇ ਮਸਲੇ CM ਤੇ ਰਾਜਪਾਲ ਆਪਸ ‘ਚ ਸੁਲਝਾਉਣ”
ਨਵੀਂ ਦਿੱਲੀ, 6 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ‘ਤੇ ਅੱਜ ਸੁਣਵਾਈ ਕੀਤੀ ਗਈ। ਇਸ ਮੌਕੇ ਸੁਪਰੀਮ ਕੋਰਟ ਨੇ ਰਾਜਪਾਲ ਨੂੰ ਝਾੜ ਪਾਉਂਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਦੀ ਕਾਰਵਾਈ ਸੁਪਰੀਮ ਕੋਰਟ ਆਉਣ ਤੋਂ ਪਹਿਲਾਂ ਹੀ ਕਰ ਲਈ ਜਾਣੀ ਚਾਹੀਦੀ ਹੈ। ਰਾਜਪਾਲ ਵੱਲੋਂ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਸੁਪਰੀਮ ਕੋਰਟ ਤੱਕ ਪਹੁੰਚਣ ਤੋਂ ਰੋਕਣਾ ਚਾਹੀਦਾ ਹੈ। ਦੱਸ ਦੇਈਏ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦੇਣ ਵਿੱਚ ਕੀਤੀ ਗਈ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਸ ਮਾਮਲੇ ਦੀ ਸੁਣਵਾਈ ਕਰਦਿਆਂ ਚੀਫ ਜਸਟਿਸ ਨੇ ਕਿਹਾ ਕਿ ਰਾਜਪਾਲ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਹੀਂ ਹਨ। ਇਸਦੇ ਨਾਲ ਹੀ ਪੰਜਾਬ ਸਰਕਾਰ ਤੇ ਰਾਜਪਾਲ ਨੂੰ ਆਪਸ ਵਿੱਚ ਗੱਲਬਾਤ ਕਰਨ ਦੀ ਸਲਾਹ ਦਿੱਤੀ ਗਈ ਹੈ। ਤੇ ਕਿਹਾ ਗਿਆ ਹੈ ਕਿ ਅਜਿਹੇ ਮਾਮਲੇ CM ਤੇ ਰਾਜਪਾਲ ਆਪਸ ਵਿੱਚ ਹੀ ਸੁਲਝਾਉਣ। ਜਿਸ ਤੋਂ ਬਾਅਦ ਇਸ ਸੁਣਵਾਈ ਨੂੰ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਦੱਸ ਦੇਈਏ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਾਨ ਸਰਕਾਰ ਦੇ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਨੂੰ ਰਾਜਪਾਲ ਮਨਜ਼ੂਰੀ ਨਹੀਂ ਦੇ ਰਹੇ ਹਨ।