ਗੁਰਦਾਸਪੁਰ ਐਨਕਾਊਂਟਰ ਮਾਮਲੇ ਵਿੱਚ ਹਾਈ ਕੋਰਟ ਦਾ ਵੱਡਾ ਫੈਸਲਾ, ਮਾਂ ਦੀ ਪਟੀਸ਼ਨ ‘ਤੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਨੋਟਿਸ ਜਾਰੀ
ਪਟੀਸ਼ਨ ਵਿੱਚ, ਰਣਜੀਤ ਸਿੰਘ ਦੀ ਮਾਂ ਨੇ ਦੋਸ਼ ਲਗਾਇਆ ਕਿ ਪੁਲਿਸ ਐਨਕਾਊਂਟਰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਮਨਮਾਨੀ ਸੀ। ਅਦਾਲਤ ਵਿੱਚ ਪੇਸ਼ ਹੋਏ ਵਕੀਲ ਰਵੀ ਜੋਸ਼ੀ ਨੇ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਲਈ ਪੁਲਿਸ ਅਧਿਕਾਰੀਆਂ ਤੋਂ ਵੱਖਰਾ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਜਾਵੇ ਜਾਂ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪੀ ਜਾਵੇ।

ਚੰਡੀਗੜ੍ਹ- ਗੁਰਦਾਸਪੁਰ ਜ਼ਿਲ੍ਹੇ ਵਿੱਚ 19 ਸਾਲਾ ਨੌਜਵਾਨ ਰਣਜੀਤ ਸਿੰਘ ਦੀ ਕਥਿਤ ਪੁਲਿਸ ਮੁਕਾਬਲੇ ਦੌਰਾਨ ਹੋਈ ਮੌਤ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਹੁਕਮ ਜਸਟਿਸ ਜੇ.ਐੱਸ. ਬੇਦੀ ਵੱਲੋਂ ਮ੍ਰਿਤਕ ਰਣਜੀਤ ਸਿੰਘ ਦੀ ਮਾਤਾ ਸੁਖਜਿੰਦਰ ਕੌਰ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤੇ ਗਏ ਹਨ।
ਪਟੀਸ਼ਨ ਵਿੱਚ ਰਣਜੀਤ ਸਿੰਘ ਦੀ ਮਾਤਾ ਨੇ ਦੋਸ਼ ਲਗਾਇਆ ਹੈ ਕਿ ਪੁਲਸ ਵੱਲੋਂ ਕੀਤਾ ਗਿਆ ਇਹ ਐਨਕਾਊਂਟਰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਮਨਮਾਨੀ ਕਾਰਵਾਈ ਹੈ। ਅਦਾਲਤ ਵਿੱਚ ਪੇਸ਼ ਹੋਏ ਵਕੀਲ ਰਵੀ ਜੋਸ਼ੀ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਲਈ ਪੁਲਿਸ ਅਧਿਕਾਰੀਆਂ ਤੋਂ ਵੱਖਰੀ ਇਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਜਾਵੇ ਜਾਂ ਫਿਰ ਇਹ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪੀ ਜਾਵੇ। ਪਰਿਵਾਰ ਵੱਲੋਂ ਇਹ ਵੀ ਅਪੀਲ ਕੀਤੀ ਗਈ ਹੈ ਕਿ ਜਾਂਚ ਕਿਸੇ ਮੌਜੂਦਾ ਜਾਂ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ, ਤਾਂ ਜੋ ਮਾਮਲੇ ਦੀ ਸੱਚਾਈ ਸਾਹਮਣੇ ਆ ਸਕੇ।
ਇਸ ਦੇ ਨਾਲ ਹੀ ਪੁਲਿਸ ਐਨਕਾਊਂਟਰ ਅਤੇ ਹਿਰਾਸਤ ਵਿੱਚ ਹੋ ਰਹੀਆਂ ਮੌਤਾਂ ਦੇ ਮਾਮਲਿਆਂ ਨੂੰ ਲੈ ਕੇ ਹਾਈਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਨਿਖਿਲ ਸਰਾਫ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ 2024 ਤੋਂ ਲੈ ਕੇ ਹੁਣ ਤੱਕ ਹੋਏ ਸਾਰੇ ਐਨਕਾਊਂਟਰ ਅਤੇ ਹਿਰਾਸਤੀ ਮੌਤਾਂ ਦੇ ਮਾਮਲਿਆਂ ਦੀ ਜਾਂਚ CBI ਤੋਂ ਕਰਵਾਈ ਜਾਵੇ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਮਾਮਲਿਆਂ ਵਿੱਚ ਦੋਸ਼ੀ ਪੁਲਿਸ ਹਿਰਾਸਤ ਤੋਂ ਭੱਜਣ ਦੀ ਗੱਲ ਕੀਤੀ ਗਈ ਹੈ, ਉਹਨਾਂ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਸੰਬੰਧਤ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਹੋਵੇ।
ਚੀਫ ਜਸਟਿਸ ਦੀ ਅਗਵਾਈ ਵਾਲੀ ਬੈਂਚ ਨੇ ਇਸ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਕੀ ਹੈ ਪੂਰਾ ਮਾਮਲਾ
ਦੱਸਣਯੋਗ ਹੈ ਕਿ ਗੁਰਦਾਸਪੁਰ ਦੇ ਆਦੀਆ ਪੁਲਿਸ ਚੌਂਕੀ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਦੋਸ਼ ਵਿੱਚ 19 ਸਾਲਾ ਰਣਜੀਤ ਸਿੰਘ ਨੂੰ ਪੁਲਿਸ ਨੇ ਐਨਕਾਊਂਟਰ ਵਿੱਚ ਮਾਰ ਦੇਣ ਦਾ ਦਾਅਵਾ ਕੀਤਾ ਸੀ। ਪੁਲਿਸ ਮੁਤਾਬਕ ਰਣਜੀਤ ਸਿੰਘ ਨੇ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ‘ਤੇ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਮਾਮਲੇ ਵਿੱਚ ਪੁਲਿਸ ਨੇ ਦੋ ਹੋਰ ਮੁਲਜ਼ਮਾਂ ਦਿਲਾਵਰ ਸਿੰਘ ਅਤੇ ਇੰਦਰਜੀਤ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਸ ਘਟਨਾ ਸਬੰਧੀ ਫਰਵਰੀ 2026 ਵਿੱਚ ਦੋਰਾਂਗਲਾ, ਬਹਿਰਾਮਪੁਰ ਅਤੇ ਪੁਰਾਣਾ ਸ਼ਾਲਾ ਥਾਣਿਆਂ ਵਿੱਚ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਭਾਰਤੀ ਨਿਆਂ ਸੰਹਿਤਾ (BNS) ਅਤੇ ਅਸਲਾ ਐਕਟ ਦੀਆਂ ਧਾਰਾਵਾਂ ਲਾਗੂ ਕੀਤੀਆਂ ਗਈਆਂ ਹਨ।
ਫਿਲਹਾਲ ਹਾਈਕੋਰਟ ਵੱਲੋਂ ਜਾਰੀ ਨੋਟਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ, ਪੁਲਿਸ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ ‘ਤੇ ਆਪਣਾ ਪੱਖ ਪੇਸ਼ ਕਰਨਾ ਪਵੇਗਾ।
-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


