Tuesday, November 3, 2026
Google search engine
Homeਅਪਰਾਧਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਦੀ ਹਿਰਾਸਤ ਦੌਰਾਨ ਮੌਤ

ਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਦੀ ਹਿਰਾਸਤ ਦੌਰਾਨ ਮੌਤ

ਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਕੇਸ ’ਚ ਗ੍ਰਿਫ਼ਤਾਰ ਮੁਲਜ਼ਮ ਦੀ ਹਿਰਾਸਤ ਦੌਰਾਨ ਮੌਤ

ਗ੍ਰਿਫ਼ਤਾਰੀ ਤੋਂ 24 ਘੰਟਿਆਂ ਅੰਦਰ ਵਿਗੜੀ ਸਿਹਤ, ਲੁਧਿਆਣਾ ਦੇ ਹਸਪਤਾਲ ’ਚ ਤੋੜਿਆ ਦਮ; ਗੁਰਦੁਆਰੇ ’ਚ ਗੋਲੀਆਂ ਚਲਾਉਣ ਦੇ ਮਾਮਲੇ ਦੀ ਜਾਂਚ ਵਿਚਾਲੇ ਮੌਤ

ਜਗਰਾਓਂ: ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਹੋ ਗਈ ਹੈ। ਰਾਜ ਕੁਮਾਰ ਉਰਫ਼ ਰਾਜੂ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਨੇ ਆਖ਼ਰੀ ਸਾਹ ਲਿਆ। ਇਸ ਘਟਨਾ ਨੇ ਗੋਲੀਕਾਂਡ ਦੀ ਜਾਂਚ ਨੂੰ ਨਵੀਂ ਦਿਸ਼ਾ ਦੇ ਦਿੱਤੀ ਹੈ।

ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ ਮੁਲਜ਼ਮ, ਅਚਾਨਕ ਵਿਗੜੀ ਹਾਲਤ

ਜਾਣਕਾਰੀ ਅਨੁਸਾਰ, ਫਿਰੋਜ਼ਪੁਰ ਦੇ ਪਿੰਡ ਨੂਰਪੁਰ ਮਾਛੀਵਾੜਾ ਦਾ ਰਹਿਣ ਵਾਲਾ ਰਾਜੂ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਗੋਲੀਬਾਰੀ ਦੇ ਮਾਮਲੇ ਵਿੱਚ ਕਾਬੂ ਕੀਤਾ ਗਿਆ ਸੀ। ਸੋਮਵਾਰ ਰਾਤ ਉਸ ਦੀ ਸਿਹਤ ਵਿਗੜਨ ’ਤੇ ਉਸ ਨੂੰ ਪਹਿਲਾਂ ਸੁਧਾਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਲਿਜਾਇਆ ਗਿਆ। ਬਾਅਦ ਵਿੱਚ ਗੰਭੀਰ ਹਾਲਤ ਦੇ ਮੱਦੇਨਜ਼ਰ ਉਸ ਨੂੰ ਲੁਧਿਆਣਾ ਦੇ ਗਲੋਬਲ ਹਾਰਟ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਪਹਿਲਾਂ ਤੋਂ ਹੀ ਗੁਰਦਿਆਂ ਦੀ ਬਿਮਾਰੀ ਨਾਲ ਜੂਝ ਰਿਹਾ ਸੀ। ਹਾਲਾਂਕਿ, ਉਸ ਦੀ ਮੌਤ ਦੇ ਸਹੀ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਵੀਡੀਓਗ੍ਰਾਫ਼ੀ ਨਾਲ ਮੈਜਿਸਟਰੇਟ ਦੀ ਹਾਜ਼ਰੀ ’ਚ ਹੋਵੇਗਾ ਪੋਸਟਮਾਰਟਮ

ਮੁਲਜ਼ਮ ਦੀ ਮੌਤ ਸਬੰਧੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਕਾਨੂੰਨੀ ਪ੍ਰਕਿਰਿਆ ਅਨੁਸਾਰ ਮੈਜਿਸਟਰੇਟ ਦੀ ਮੌਜੂਦਗੀ ਵਿੱਚ ਵੀਡੀਓਗ੍ਰਾਫ਼ੀ ਕਰਵਾ ਕੇ ਪੋਸਟਮਾਰਟਮ ਕੀਤੇ ਜਾਣ ਦੀ ਤਿਆਰੀ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਜੇ ਤੱਕ ਕੋਈ ਵਿਸਥਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।

ਤੜਕਸਾਰ ਗੁਰਦੁਆਰੇ ਅੰਦਰ ਦਾਖ਼ਲ ਹੋ ਕੇ ਚਲਾਈਆਂ ਸਨ ਗੋਲੀਆਂ

ਜ਼ਿਕਰਯੋਗ ਹੈ ਕਿ 28 ਅਕਤੂਬਰ 2026 ਨੂੰ ਸਵੇਰੇ ਕਰੀਬ 3:10 ਵਜੇ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਮੰਜੀ ਸਾਹਿਬ ਰਾਜੋਆਣਾ ਕਲਾਂ ਪਹੁੰਚੇ ਸਨ। ਦੋਵੇਂ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਤੋਂ ਬਾਅਦ ਫਰਾਰ ਹੋ ਗਏ ਸਨ।

ਇਸ ਮਾਮਲੇ ਵਿੱਚ ਥਾਣਾ ਸੁਧਾਰ ਵਿਖੇ ਮੁਕੱਦਮਾ ਨੰਬਰ 165, ਮਿਤੀ 28-10-2026, ਧਾਰਾ 109 ਬੀ.ਐੱਨ.ਐੱਸ. ਅਤੇ ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਸੀ। ਸੀਸੀਟੀਵੀ ਫੁਟੇਜ, ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਮੁੱਖ ਸ਼ੂਟਰ ਰਾਜ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕੀਤਾ ਸੀ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨੂੰ ਬਲੈਕਮੇਲ ਕਰਨ ਦੇ ਮਕਸਦ ਨਾਲ ਫਾਇਰਿੰਗ ਕਰਵਾਉਣ ਦੀ ਗੱਲ ਸਾਹਮਣੇ ਆਈ ਸੀ। ਪੁਲਿਸ ਰਿਕਾਰਡ ਮੁਤਾਬਕ, ਮ੍ਰਿਤਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਸੱਤ ਅਪਰਾਧਿਕ ਮਾਮਲੇ ਦਰਜ ਸਨ।

-(ਪੀਟੀਸੀ ਨਿਊਜ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments