ਗੁਰਪੁਰਬ ਯਾਤਰਾ ਦੌਰਾਨ ਪਾਕਿਸਤਾਨ ’ਚੋਂ ਤਿੰਨ ਪੰਜਾਬੀ ਸ਼ਰਧਾਲੂ ਗਾਇਬ
ਸ੍ਰੀ ਨਨਕਾਣਾ ਸਾਹਿਬ ਤੋਂ ਸ੍ਰੀ ਪੰਜਾ ਸਾਹਿਬ ਜਾਣ ਵੇਲੇ ਜਥੇ ’ਚੋਂ ਹੋਏ ਲਾਪਤਾ; 2339 ਸਿੱਖ ਯਾਤਰੀ ਗੁਰਪੁਰਬ ਮਨਾਉਣ ਪਹੁੰਚੇ ਸਨ ਪਾਕਿਸਤਾਨ

ਸ੍ਰੀ ਅੰਮ੍ਰਿਤਸਰ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਵਿੱਚੋਂ ਪੰਜਾਬ ਨਾਲ ਸਬੰਧਤ ਤਿੰਨ ਸ਼ਰਧਾਲੂਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਾਲ ਗੁਰਪੁਰਬ ਮਨਾਉਣ ਲਈ ਕੁੱਲ 2339 ਸ਼ਰਧਾਲੂ ਪਾਕਿਸਤਾਨ ਪਹੁੰਚੇ ਸਨ।
ਜਾਣਕਾਰੀ ਅਨੁਸਾਰ ਸ਼ਰਧਾਲੂਆਂ ਦਾ ਜਥਾ 22 ਤਾਰੀਖ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚਿਆ ਸੀ। ਲਾਪਤਾ ਹੋਏ ਤਿੰਨੋਂ ਸ਼ਰਧਾਲੂ 23 ਅਤੇ 24 ਤਾਰੀਖ ਨੂੰ ਨਨਕਾਣਾ ਸਾਹਿਬ ਵਿਖੇ ਮੌਜੂਦ ਸਨ। ਪਰ 25 ਤਾਰੀਖ ਦੀ ਸਵੇਰ ਜਦੋਂ ਜਥੇ ਨੇ ਸ੍ਰੀ ਪੰਜਾ ਸਾਹਿਬ ਲਈ ਰਵਾਨਾ ਹੋਣਾ ਸੀ, ਤਾਂ ਇਹ ਤਿੰਨੋਂ ਸ਼ਰਧਾਲੂ ਉੱਥੇ ਨਹੀਂ ਮਿਲੇ।
ਲਾਪਤਾ ਸ਼ਰਧਾਲੂਆਂ ਦੀ ਪਛਾਣ ਬਿਕਰ ਸਿੰਘ ਪੁੱਤਰ ਗੁਰਦਾਸ ਰਾਮ, ਵਾਸੀ ਖੋਖੇਵਾਲ, ਫਿਲੌਰ, ਜਲੰਧਰ; ਵਿਕਰਮਜੀਤ ਸਿੰਘ ਪੁੱਤਰ ਕੁੰਦਨ, ਵਾਸੀ ਗੁਰੂ ਨਾਨਕ ਕਾਲੋਨੀ, ਤਰਨਤਾਰਨ ਅਤੇ ਹਰਪ੍ਰੀਤ ਸਿੰਘ ਪੁੱਤਰ ਕੰਵਲਜੀਤ ਸਿੰਘ, ਵਾਸੀ ਸੁਲਤਾਨਵਿੰਡ, ਅੰਮ੍ਰਿਤਸਰ ਵਜੋਂ ਹੋਈ ਹੈ।
ਇਸ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਜਥੇ ਵਿੱਚੋਂ ਤਿੰਨ ਵਿਅਕਤੀ ਲਾਪਤਾ ਹਨ। ਉਨ੍ਹਾਂ ਕਿਹਾ ਕਿ ਸੰਭਵ ਹੈ ਕਿ ਇਹ ਸ਼ਰਧਾਲੂ ਆਪਣੀ ਮਰਜ਼ੀ ਨਾਲ ਕਿਤੇ ਗਏ ਹੋਣ।
ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੁੰਦਾ ਹੈ ਤਾਂ ਇਹ ਗਲਤ ਅਤੇ ਅਫ਼ਸੋਸਜਨਕ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਤਜਰਬਿਆਂ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਅਜਿਹੇ ਮਾਮਲਿਆਂ ਬਾਰੇ ਸੋਚ-ਵਿਚਾਰ ਕਰਨੀ ਚਾਹੀਦੀ ਹੈ।
-(ਜਗਬਾਣੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


