ਗੁਰਪ੍ਰੀਤ ਕੌਰ ਮਾਨ ਵੱਲੋਂ ਮਜੀਠੀਆ ਤੇ ਖਹਿਰਾ ਨੂੰ ਕਾਨੂੰਨੀ ਨੋਟਿਸ, 24 ਘੰਟਿਆਂ ’ਚ ਜਵਾਬ ਦੇਣ ਦੀ ਮੰਗ
ਨੋਟਿਸ ਰਾਹੀਂ ਦੋਵਾਂ ਨੂੰ ਕਥਿਤ ਬਿਆਨਾਂ ਅਤੇ ਦੋਸ਼ਾਂ ਲਈ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।

ਚੰਡੀਗੜ੍ਹ
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਨੋਟਿਸ ਰਾਹੀਂ ਦੋਵਾਂ ਨੂੰ ਕਥਿਤ ਬਿਆਨਾਂ ਅਤੇ ਦੋਸ਼ਾਂ ਲਈ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।
ਇਹ ਵਿਵਾਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਲਗਾਏ ਗਏ ਕਥਿਤ ਦੋਸ਼ਾਂ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਇਨ੍ਹਾਂ ਦੋਸ਼ਾਂ ਵਿੱਚ ਡਾ. ਗੁਰਪ੍ਰੀਤ ਕੌਰ ਮਾਨ ’ਤੇ ਇੱਕ ਬਲਾਤਕਾਰ ਮਾਮਲੇ ਨੂੰ ਪ੍ਰਭਾਵਿਤ ਕਰਨ ਲਈ ਪੈਸਿਆਂ ਦੀ ਮੰਗ ਕਰਨ ਦਾ ਦਾਅਵਾ ਕੀਤਾ ਗਿਆ ਸੀ। ਮਾਮਲੇ ਵਿੱਚ ਗੁਰ ਚਾਹਲ ਨੂੰ ਮੁੱਖ ਮੁਲਜ਼ਮ ਦੱਸਿਆ ਗਿਆ ਸੀ, ਜਦਕਿ ਇੱਕ ਵਪਾਰੀ ਖ਼ਿਲਾਫ਼ ਦਰਜ ਕੇਸ ਨੂੰ ਰੱਦ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਸੀ।
ਇਸ ਮਾਮਲੇ ਨੂੰ ਲੈ ਕੇ 2 ਸਤੰਬਰ ਨੂੰ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਇੱਕ ਕਥਿਤ ਆਡੀਓ-ਵੀਡੀਓ ਕਲਿੱਪ ਸਾਂਝੀ ਕੀਤੀ ਸੀ। ਮਜੀਠੀਆ ਨੇ ਦਾਅਵਾ ਕੀਤਾ ਸੀ ਕਿ ਕਲਿੱਪ ਵਿੱਚ ਮਾਮਲੇ ਨਾਲ ਜੁੜੇ ਕਥਿਤ ਵਿਚੋਲਿਆਂ ਅਤੇ ਡਾ. ਗੁਰਪ੍ਰੀਤ ਕੌਰ ਮਾਨ ਦੇ ਇੱਕ ਰਿਸ਼ਤੇਦਾਰ ਵਿਚਕਾਰ ਪੈਸਿਆਂ ਦੇ ਲੈਣ-ਦੇਣ ਸਬੰਧੀ ਗੱਲਬਾਤ ਮੌਜੂਦ ਹੈ।
ਇਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਵੀ ਕਾਨੂੰਨੀ ਨੋਟਿਸ ਮਿਲਣ ਦੀ ਪੁਸ਼ਟੀ ਕਰਦਿਆਂ ਆਪਣਾ ਪੱਖ ਰੱਖਿਆ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਨੋਟਿਸ ਪ੍ਰਾਪਤ ਹੋਇਆ ਹੈ, ਪਰ ਉਹ ਇਸ ਦਾ ਜਵਾਬ ਦੇਣ ਦੇ ਇੱਛੁਕ ਨਹੀਂ ਹਨ।
ਖਹਿਰਾ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਪਿੱਛੇ ਹਟਣ ਵਾਲੇ ਨਹੀਂ ਹਨ ਅਤੇ ਜੇਕਰ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਨਾ ਹੈ ਤਾਂ ਉਹ ਅਦਾਲਤ ਵਿੱਚ ਇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਸਰਕਾਰ ’ਤੇ ਵੀ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਖ਼ਿਲਾਫ਼ ਕੋਈ ਹੋਰ ਕਾਰਵਾਈ ਕਰਨੀ ਹੈ ਤਾਂ ਉਹ ਵੀ ਕੀਤੀ ਜਾ ਸਕਦੀ ਹੈ।
ਫਿਲਹਾਲ ਕਾਨੂੰਨੀ ਨੋਟਿਸ ਤੋਂ ਬਾਅਦ ਇਹ ਮਾਮਲਾ ਹੋਰ ਗਰਮਾਉਂਦਾ ਨਜ਼ਰ ਆ ਰਿਹਾ ਹੈ। ਇੱਕ ਪਾਸੇ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ, ਜਦਕਿ ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਅਤੇ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਬਿਆਨਾਂ ’ਤੇ ਕਾਇਮ ਰਹਿਣ ਦੇ ਸੰਕੇਤ ਦਿੱਤੇ ਜਾ ਰਹੇ ਹਨ।
-(ਏਬੀਪੀ ਸਾਂਝਾ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


