ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ’ਚ ਤਿੰਨ ਦਿਨ ਗੂੰਜੇਗੀ ਗੁਰਬਾਣੀ
ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸਜਾਈਆਂ ਜਾਣਗੀਆਂ ਸ਼ੋਭਾ ਯਾਤਰਾਵਾਂ; ਖੁਰਾਲਗੜ੍ਹ ਵਿਖੇ ਹੋਵੇਗਾ ਮੁੱਖ ਸਮਾਗਮ, ਸੂਬੇ ਦੇ 13 ਹਜ਼ਾਰ ਪਿੰਡਾਂ ਤੱਕ ਪਹੁੰਚੇਗਾ ਗੁਰੂ ਜੀ ਦਾ ਸੰਦੇਸ਼

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ 4 ਤੋਂ 6 ਦਸੰਬਰ ਤੱਕ ਤਿੰਨ ਰੋਜ਼ਾ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਏ ਜਾਣਗੇ। ਸਮਾਗਮਾਂ ਦੀ ਲੜੀ ਤਹਿਤ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਖੁਰਾਲਗੜ੍ਹ ਵਿਖੇ ਪਹੁੰਚ ਕੇ ਸੰਪੰਨ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨਾਲ ਬੈਠਕ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਗੁਰੂ ਜੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚ ਸਕੇ।
ਅਖੰਡ ਪਾਠ ਸਾਹਿਬ ਨਾਲ ਹੋਵੇਗੀ ਤਿੰਨ ਰੋਜ਼ਾ ਸਮਾਗਮਾਂ ਦੀ ਸ਼ੁਰੂਆਤ
ਮੁੱਖ ਮੰਤਰੀ ਅਨੁਸਾਰ 4 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸਮਾਗਮਾਂ ਦਾ ਆਗਾਜ਼ ਹੋਵੇਗਾ। ਇਸ ਮੌਕੇ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਵਿਚਾਰਾਂ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਤੋਂ ਇਲਾਵਾ ਸੰਤ ਸੰਮੇਲਨ, ਕਥਾ-ਕੀਰਤਨ ਦਰਬਾਰ ਅਤੇ ਡਰੋਨ ਸ਼ੋਅ ਸਮੇਤ ਵੱਖ-ਵੱਖ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ।
5 ਦਸੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੌਰਾਨ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਵਿਚਾਰਧਾਰਾ ਬਾਰੇ ਵਿਸ਼ੇਸ਼ ਕਾਨਫਰੰਸ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਕਥਾ-ਕੀਰਤਨ ਦਰਬਾਰ, ਡਰੋਨ ਸ਼ੋਅ ਅਤੇ ਹੋਰ ਧਾਰਮਿਕ ਸਮਾਗਮ ਵੀ ਹੋਣਗੇ। 6 ਦਸੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਨਾਲ ਤਿੰਨ ਰੋਜ਼ਾ ਸਮਾਗਮਾਂ ਦੀ ਸਮਾਪਤੀ ਹੋਵੇਗੀ।
ਸਾਲ ਭਰ ਜਾਰੀ ਰਹੇਗੀ ਗੁਰੂ ਜੀ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਦੀ ਮੁਹਿੰਮ
ਮੁੱਖ ਮੰਤਰੀ ਨੇ ਦੱਸਿਆ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਤੀਵਿਧੀਆਂ ਸਿਰਫ਼ ਖੁਰਾਲਗੜ੍ਹ ਤੱਕ ਹੀ ਸੀਮਤ ਨਹੀਂ ਰਹਿਣਗੀਆਂ, ਸਗੋਂ ਪੂਰੇ ਸਾਲ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਦਾ ਮੁੱਖ ਮਕਸਦ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ।
ਇਸ ਤਹਿਤ ਸੈਮੀਨਾਰ, ਵਰਕਸ਼ਾਪਾਂ, ਕੀਰਤਨ ਸਮਾਗਮ ਅਤੇ ਸਕੂਲ ਪੱਧਰ ’ਤੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੇ 13 ਹਜ਼ਾਰ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ ਨਾਲ ਜੁੜੀਆਂ ਦਸਤਾਵੇਜ਼ੀ ਫ਼ਿਲਮਾਂ ਦਿਖਾਈਆਂ ਜਾਣਗੀਆਂ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਡਰੋਨ ਸ਼ੋਅ, ਮੈਰਾਥਨ, ਖੂਨਦਾਨ ਕੈਂਪ ਅਤੇ ਵਾਤਾਵਰਣ ਦੀ ਸੰਭਾਲ ਲਈ ਬੂਟੇ ਲਗਾਉਣ ਦੀਆਂ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਸਰਕਾਰ ਵੱਲੋਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸਮਾਗਮਾਂ ਦੀ ਤਿਆਰੀ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


