ਗ੍ਰਿਫ਼ਤਾਰੀ ਤੋਂ ਰਾਹਤ ਲਈ ਲਾਲਜੀਤ ਭੁੱਲਰ ਦੇ ਪਿਤਾ ਹਾਈ ਕੋਰਟ ਪਹੁੰਚੇ, ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ
ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ (PSWC) ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਸੁਖਦੇਵ ਸਿੰਘ ਭੁੱਲਰ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਚੰਡੀਗੜ੍ਹ
ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ (PSWC) ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਸੁਖਦੇਵ ਸਿੰਘ ਭੁੱਲਰ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਕੇਸ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰਤ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਇਹ ਸਟੇਟਸ ਰਿਪੋਰਟ 6 ਅਗਸਤ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਪੇਸ਼ ਕੀਤੀ ਜਾਵੇ।
ਇਹ ਮਾਮਲਾ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ 45 ਸਾਲਾ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨਾਲ ਸਬੰਧਤ ਹੈ। ਗਗਨਦੀਪ ਸਿੰਘ ਨੇ 21 ਮਾਰਚ ਨੂੰ ਅੰਮ੍ਰਿਤਸਰ ਸਥਿਤ ਆਪਣੀ ਰਿਹਾਇਸ਼ ‘ਤੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਨੇ ਅਗਾਊਂ ਜ਼ਮਾਨਤ ਲਈ ਅਦਾਲਤ ਦਾ ਰੁਖ਼ ਕੀਤਾ ਹੈ।
ਕੀ ਹੈ ਪੂਰਾ ਮਾਮਲਾ?
ਜਾਣਕਾਰੀ ਅਨੁਸਾਰ ਗਗਨਦੀਪ ਸਿੰਘ ਰੰਧਾਵਾ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਖੁਦਕੁਸ਼ੀ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਵੀਡੀਓ ਰਿਕਾਰਡ ਕਰਕੇ ਇੰਟਰਨੈੱਟ ‘ਤੇ ਸਾਂਝੀ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਕਈ ਗੰਭੀਰ ਦੋਸ਼ ਲਗਾਏ ਸਨ। ਵੀਡੀਓ ਵਿੱਚ ਉਨ੍ਹਾਂ ਨੇ ਦੱਸਿਆ ਸੀ ਕਿ ਉਹ ਜ਼ਹਿਰ ਨਿਗਲ ਚੁੱਕੇ ਹਨ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ‘ਤੇ ਗੰਭੀਰ ਇਲਜ਼ਾਮ ਲਗਾਏ ਸਨ। ਇਸ ਮਾਮਲੇ ਵਿੱਚ ਸੁਖਦੇਵ ਸਿੰਘ ਭੁੱਲਰ, ਪੀਏ ਦਿਲਬਾਗ ਸਿੰਘ ਅਤੇ ਕੁਝ ਹੋਰ ਵਿਅਕਤੀਆਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ।
ਜਾਂਚ ਮੁਤਾਬਕ ਵਿਭਾਗ ਨੂੰ ਇੱਕ ਗੋਦਾਮ ਲਈ ਜ਼ਮੀਨ ਅਲਾਟ ਕਰਨ ਦਾ ਪ੍ਰਸਤਾਵ ਮਿਲਿਆ ਸੀ। ਦੋਸ਼ ਹੈ ਕਿ ਗੋਦਾਮ ਦੀ ਅਲਾਟਮੈਂਟ ਕਰਵਾਉਣ ਲਈ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਮੈਨੇਜਰ ‘ਤੇ ਦਬਾਅ ਬਣਾਇਆ। ਇਹ ਵੀ ਇਲਜ਼ਾਮ ਲੱਗੇ ਕਿ ਉਹ ਗੋਦਾਮ ਦਾ ਟੈਂਡਰ ਆਪਣੇ ਪਿਤਾ ਦੇ ਨਾਮ ‘ਤੇ ਅਲਾਟ ਕਰਵਾਉਣਾ ਚਾਹੁੰਦੇ ਸਨ।
ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਲਾਲਜੀਤ ਭੁੱਲਰ ਖ਼ਿਲਾਫ਼ 59 ਦਿਨਾਂ ਦੀ ਜਾਂਚ ਤੋਂ ਬਾਅਦ ਪੁਲਿਸ ਵੱਲੋਂ 542 ਪੰਨਿਆਂ ਦੀ ਚਾਰਜਸ਼ੀਟ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ।
ਚਾਰਜਸ਼ੀਟ ਵਿੱਚ ਖੁਦਕੁਸ਼ੀ ਲਈ ਉਕਸਾਉਣ, ਮਾਨਸਿਕ ਤਸ਼ੱਦਦ ਅਤੇ ਬੇਇੱਜ਼ਤੀ ਕਰਨ ਵਰਗੇ ਦੋਸ਼ਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਗਨਦੀਪ ਰੰਧਾਵਾ ਦਾ ਇਲਾਜ ਕਰਨ ਵਾਲੇ ਡਾਕਟਰ ਦੀ ਰਿਪੋਰਟ ਵੀ ਇਸ ਵਿੱਚ ਸ਼ਾਮਲ ਕੀਤੀ ਗਈ ਹੈ। ਪੁਲਿਸ ਨੇ ਡਾਕਟਰ ਸਮੇਤ ਕਰੀਬ 50 ਗਵਾਹਾਂ ਨੂੰ ਚਾਰਜਸ਼ੀਟ ਦਾ ਹਿੱਸਾ ਬਣਾਇਆ ਹੈ। ਜਾਂਚ ਏਜੰਸੀ ਦਾ ਕਹਿਣਾ ਹੈ ਕਿ ਸਾਬਕਾ ਮੰਤਰੀ ਖ਼ਿਲਾਫ਼ ਲਗਾਏ ਗਏ ਦੋਸ਼ ਜਾਂਚ ਦੌਰਾਨ ਸਹੀ ਪਾਏ ਗਏ ਹਨ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


