ਗ੍ਰਿਫ਼ਤਾਰੀ ਦੇ ਕਾਰਨ ਨਾ ਦੱਸਣਾ ਪੁਲਿਸ ਨੂੰ ਪਿਆ ਮਹਿੰਗਾ, ਕੋਰਟ ਨੇ ਅਕਾਲੀ ਆਗੂ ਦੀ ਗ੍ਰਿਫ਼ਤਾਰੀ ਰੱਦ ਕਰ ਤੁਰੰਤ ਰਿਹਾਈ ਦੇ ਕੀਤੇ ਹੁਕਮ
ਮਾਨਯੋਗ ਅਦਾਲਤ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਕਿਸੇ ਵੀ ਨਾਗਰਿਕ ਨੂੰ ਹਿਰਾਸਤ ਵਿੱਚ ਲੈਂਦੇ ਸਮੇਂ ਉਸ ਨੂੰ ਗ੍ਰਿਫ਼ਤਾਰੀ ਦੇ ਅਸਲ ਕਾਰਨ ਅਤੇ ਆਧਾਰ ਬਾਰੇ ਜਾਣੂ ਕਰਵਾਉਣਾ ਕਾਨੂੰਨੀ ਤੌਰ ‘ਤੇ ਲਾਜ਼ਮੀ ਹੁੰਦਾ ਹੈ, ਪਰ ਇਸ ਮਾਮਲੇ ਵਿੱਚ ਪੁਲਿਸ ਅਜਿਹਾ ਕਰਨ ਵਿੱਚ ਨਾਕਾਮ ਰਹੀ।

ਮੋਹਾਲੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਮੁੱਲਾਂਪੁਰ ਦਾਖਾ ਦੇ ਇੰਚਾਰਜ ਜਸਕਰਨਜੀਤ ਸਿੰਘ ਦੀ ਗ੍ਰਿਫ਼ਤਾਰੀ ਮਾਮਲੇ ਵਿੱਚ ਇੱਕ ਵੱਡਾ ਕਾਨੂੰਨੀ ਮੋੜ ਸਾਹਮਣੇ ਆਇਆ ਹੈ। ਅਦਾਲਤ ਨੇ ਪੁਲਿਸ ਦੀ ਕਾਰਵਾਈ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਅਕਾਲੀ ਆਗੂ ਨੂੰ ਤੁਰੰਤ ਜੇਲ੍ਹ ਤੋਂ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮਾਨਯੋਗ ਅਦਾਲਤ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਕਿਸੇ ਵੀ ਨਾਗਰਿਕ ਨੂੰ ਹਿਰਾਸਤ ਵਿੱਚ ਲੈਂਦੇ ਸਮੇਂ ਉਸ ਨੂੰ ਗ੍ਰਿਫ਼ਤਾਰੀ ਦੇ ਅਸਲ ਕਾਰਨ ਅਤੇ ਆਧਾਰ ਬਾਰੇ ਜਾਣੂ ਕਰਵਾਉਣਾ ਕਾਨੂੰਨੀ ਤੌਰ ‘ਤੇ ਲਾਜ਼ਮੀ ਹੁੰਦਾ ਹੈ, ਪਰ ਇਸ ਮਾਮਲੇ ਵਿੱਚ ਪੁਲਿਸ ਅਜਿਹਾ ਕਰਨ ਵਿੱਚ ਨਾਕਾਮ ਰਹੀ।
ਇਸ ਹਾਈ-ਪ੍ਰੋਫਾਈਲ ਮਾਮਲੇ ਦੀ ਸੁਣਵਾਈ ਦੌਰਾਨ ਬਚਾਓ ਪੱਖ ਦੇ ਵਕੀਲ ਐਚ.ਐਸ. ਧਨੋਆ ਨੇ ਅਦਾਲਤ ਅੱਗੇ ਦਲੀਲ ਦਿੱਤੀ ਕਿ ਥਾਣਾ ਮਟੌਰ ਪੁਲਿਸ ਵੱਲੋਂ ਜਸਕਰਨਜੀਤ ਸਿੰਘ ਨੂੰ ਲੁਧਿਆਣਾ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਪਰ ਪੁਲਿਸ ਨੇ ਗ੍ਰਿਫ਼ਤਾਰੀ ਸਮੇਂ ਨਾ ਤਾਂ ਉਨ੍ਹਾਂ ਨੂੰ ਇਹ ਦੱਸਿਆ ਕਿ ਕਿਹੜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਗ੍ਰਿਫ਼ਤਾਰੀ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਦਿੱਤੀ ਗਈ। ਇਸ ਮਾਮਲੇ ਸਬੰਧੀ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੁਲਿਸ ਦੀ ਇਸ ਕਾਰਵਾਈ ‘ਤੇ ਗੰਭੀਰ ਚਿੰਤਾ ਜਤਾਈ ਅਤੇ ਕਿਹਾ ਕਿ ਭਾਵੇਂ ਕਿਸੇ ਵਿਅਕਤੀ ‘ਤੇ ਲਗੇ ਦੋਸ਼ ਕਿੰਨੇ ਵੀ ਗੰਭੀਰ ਕਿਉਂ ਨਾ ਹੋਣ, ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਹਰ ਹਾਲਤ ਵਿੱਚ ਕਰਨੀ ਲਾਜ਼ਮੀ ਹੈ।
ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਮੁਲਜ਼ਮ ਨੂੰ ਗ੍ਰਿਫ਼ਤਾਰੀ ਦੇ ਕਾਰਨਾਂ ਬਾਰੇ ਨਾ ਦੱਸਣਾ ਉਸ ਦੇ ਸੰਵਿਧਾਨਕ ਅਤੇ ਮੌਲਿਕ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਕੋਰਟ ਨੇ ਇਹ ਵੀ ਕਿਹਾ ਕਿ ਕਿਸੇ ਵੀ ਜਾਂਚ ਏਜੰਸੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਮੰਨਿਆ ਜਾ ਸਕਦਾ ਅਤੇ ਹਰ ਕਾਰਵਾਈ ਸੰਵਿਧਾਨਕ ਦਾਇਰੇ ਵਿੱਚ ਰਹਿ ਕੇ ਹੀ ਕੀਤੀ ਜਾਣੀ ਚਾਹੀਦੀ ਹੈ।
ਪੁਲਿਸ ਵੱਲੋਂ ਕੀਤੀ ਗਈ ਇਸ ਪ੍ਰਸ਼ਾਸਨਿਕ ਚੂਕ ਅਤੇ ਕਾਨੂੰਨੀ ਪ੍ਰਕਿਰਿਆ ਦੀ ਅਣਦੇਖੀ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਨੇ ਜਸਕਰਨਜੀਤ ਸਿੰਘ ਦੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਗੈਰ-ਕਾਨੂੰਨੀ ਕਰਾਰ ਦੇ ਦਿੱਤਾ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ।
ਕੋਰਟ ਦੇ ਇਸ ਫੈਸਲੇ ਨੂੰ ਪੁਲਿਸ ਪ੍ਰਸ਼ਾਸਨ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਸ ਮਾਮਲੇ ਤੋਂ ਬਾਅਦ ਸਿਆਸੀ ਗਲਿਆਰਿਆਂ ਦੇ ਨਾਲ-ਨਾਲ ਕਾਨੂੰਨੀ ਮਾਹਿਰਾਂ ਵਿੱਚ ਵੀ ਪੁਲਿਸ ਦੀ ਕਾਰਵਾਈ ਅਤੇ ਗ੍ਰਿਫ਼ਤਾਰੀ ਪ੍ਰਕਿਰਿਆ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


