ਨਾਮਜ਼ਦਗੀਆਂ ਰੱਦ ਕਰਨ ਦਾ ਕਾਰਨ 48 ਘੰਟਿਆਂ ਵਿੱਚ ਦੱਸੇ ਚੋਣ ਕਮਿਸ਼ਨ : ਹਾਈਕੋਰਟ ਦੇ ਸਖ਼ਤ ਹੁਕਮ
ਚੋਣ ਕਮਿਸ਼ਨ 48 ਘੰਟਿਆਂ ਦੇ ਅੰਦਰ ਕਾਰਨ ਸਪੱਸ਼ਟ ਕਰਦੇ ਹੋਏ ਸਪੀਕਿੰਗ ਆਰਡਰ ਜਾਰੀ ਕਰੇ।

ਚੰਡੀਗੜ੍ਹ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਨਿਗਮ ਅਤੇ ਕੌਂਸਲ ਚੋਣਾਂ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਅਹਿਮ ਅਤੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਜਿਨ੍ਹਾਂ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ, ਉਨ੍ਹਾਂ ਦੇ ਮਾਮਲੇ ਵਿੱਚ ਚੋਣ ਕਮਿਸ਼ਨ 48 ਘੰਟਿਆਂ ਦੇ ਅੰਦਰ ਕਾਰਨ ਸਪੱਸ਼ਟ ਕਰਦੇ ਹੋਏ ਸਪੀਕਿੰਗ ਆਰਡਰ ਜਾਰੀ ਕਰੇ।
ਹਾਈਕੋਰਟ ਨੇ ਇਸ ਦੇ ਨਾਲ ਇਹ ਵੀ ਆਦੇਸ਼ ਦਿੱਤਾ ਹੈ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਮਨਜ਼ੂਰ ਕੀਤੇ ਗਏ ਹਨ, ਉਨ੍ਹਾਂ ਦੀ ਪੂਰੀ ਅਤੇ ਅੰਤਿਮ ਸੂਚੀ ਅੱਜ ਦੇਰ ਰਾਤ ਤੱਕ ਸਾਰੀਆਂ ਲੋੜੀਂਦੀਆਂ ਜਾਣਕਾਰੀਆਂ ਸਮੇਤ ਅਧਿਕਾਰਕ ਤੌਰ ‘ਤੇ ਅਪਲੋਡ ਕੀਤੀ ਜਾਵੇ। ਅਦਾਲਤ ਨੇ ਚੋਣਾਂ ਨਾਲ ਜੁੜੀ ਇੱਕ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਇਹ ਨਿਰਦੇਸ਼ ਜਾਰੀ ਕੀਤੇ ਹਨ।
ਇਸ ਮਾਮਲੇ ਨਾਲ ਸੰਬੰਧਿਤ ਪਟੀਸ਼ਨ ਵਿੱਚ ਐਡਵੋਕੇਟ ਪਰਮਵੀਰ ਸਿੰਘ ਸੰਨੀ ਨੇ ਹਾਈਕੋਰਟ ਨੂੰ ਦੱਸਿਆ ਕਿ ਚੋਣ ਕਮਿਸ਼ਨ ਉਨ੍ਹਾਂ ਆਧਾਰਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦੇ ਰਿਹਾ, ਜਿਨ੍ਹਾਂ ਦੇ ਆਧਾਰ ‘ਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਕਈ ਉਮੀਦਵਾਰਾਂ ਦੇ ਕਾਗਜ਼ ਬਿਨਾਂ ਕੋਈ ਵਾਜਬ ਕਾਰਨ ਦੱਸੇ ਰੱਦ ਕਰ ਦਿੱਤੇ ਗਏ ਹਨ।
ਪਟੀਸ਼ਨ ਵਿੱਚ ਇਹ ਵੀ ਦਲੀਲ ਦਿੱਤੀ ਗਈ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਮਨਜ਼ੂਰ ਹੋਏ ਹਨ, ਉਨ੍ਹਾਂ ਦੀ ਅੰਤਿਮ ਸੂਚੀ ਵੀ ਸਮੇਂ ਸਿਰ ਜਨਤਕ ਨਹੀਂ ਕੀਤੀ ਜਾ ਰਹੀ। ਇਸ ਤੋਂ ਇਲਾਵਾ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰਾਂ ਵਿੱਚ ਦਿੱਤੀ ਗਈ ਜਾਣਕਾਰੀ ਵੀ ਆਮ ਲੋਕਾਂ ਲਈ ਅਪਲੋਡ ਨਹੀਂ ਕੀਤੀ ਜਾ ਰਹੀ, ਜਿਸ ਨਾਲ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।
ਹਾਈਕੋਰਟ ਨੇ ਪਟੀਸ਼ਨ ਵਿੱਚ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਲਈ ਸਪੱਸ਼ਟ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਦੀ ਨਾਮਜ਼ਦਗੀ ਰੱਦ ਕੀਤੀ ਜਾਂਦੀ ਹੈ ਤਾਂ ਉਸ ਨੂੰ ਉਸ ਦਾ ਸਪੱਸ਼ਟ ਕਾਰਨ ਲਿਖਤੀ ਰੂਪ ਵਿੱਚ ਦੱਸਣਾ ਲਾਜ਼ਮੀ ਹੈ, ਤਾਂ ਜੋ ਚੋਣ ਪ੍ਰਕਿਰਿਆ ‘ਤੇ ਲੋਕਾਂ ਦਾ ਭਰੋਸਾ ਬਣਿਆ ਰਹੇ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


