ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ- ਡਿਪਟੀ ਕਮਿਸ਼ਨਰ ਬਣੇ
ਫਰੀਦਕੋਟ, 25 ਮਈ (ਪੰਜਾਬ ਡਾਇਰੀ)- 2012 ਬੈਚ ਦੇ ਆਈ.ਏ.ਐਸ ਅਧਿਕਾਰੀ ਵਿਨੀਤ ਕੁਮਾਰ ਨੇ ਪੁਲਿਸ ਦੀ ਟੁੱਕੜੀ ਵੱਲੋਂ ਪ੍ਰਭਾਵਸ਼ਾਲੀ ਗਾਰਡ ਆਫ ਆਨਰ ਤੋਂ ਬਾਅਦ ਬਤੌਰ ਡਿਪਟੀ ਕਮਿਸਨਰ ਫਰੀਦਕੋਟ ਦਾ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਐਸ.ਐਸ.ਪੀ. ਫਰੀਦਕੋਟ ਸ. ਹਰਜੀਤ ਸਿੰਘ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜ਼ਰ ਸਨ।
ਚਾਰਜ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡਿਪਟੀ ਕਮਿਸਨਰ ਸ੍ਰੀ ਵਿਨੀਤ ਕੁਮਾਰ ਨੇ ਆਪਣੇ ਦਫਤਰ ਵਿਖੇ ਜਿਲਾ ਫਰੀਦਕੋਟ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ/ਕਰਮਚਾਰੀਆਂ ਨਾਲ ਇੱਕ ਜਾਣ-ਪਛਾਣ ਮੀਟਿੰਗ ਕੀਤੀ।
ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡੀ.ਸੀ. ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਜਲਦੀ ਹੀ ਪਿੰਡਾਂ, ਵਾਰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾਵੇਗਾ। ਸ਼੍ਰੀ ਵਿਨੀਤ ਕੁਮਾਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਫ਼ਰੀਦਕੋਟ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਫ਼ਰੀਦਕੋਟ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਸ੍ਰੀ ਵਿਨੀਤ ਕੁਮਾਰ ਸਪੈਸ਼ਲ ਸਕੱਤਰ ਖੇਤੀਬਾੜੀ ਅਤੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਪੰਜਾਬ ਸਟੇਟ ਵੇਅਰ ਹਾਉਸਿੰਗ ਕਾਰਪੋਰੇਸ਼ਨ ਤੋਂ ਇਲਾਵਾ ਮੁਕਤਸਰ, ਫਿਰੋਜ਼ਪੁਰ, ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਪਾਲ ਸਿੰਘ, ਪੀ.ਸੀ.ਐਸ. ਮੈਡਮ ਤੁਸ਼ਿਤਾ ਗੁਲਾਟੀ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ. ਜੈਤੋ ਡਾ. ਨਿਰਮਲ ਓਸੇਪਚਨ, ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।