ਜਿਲ੍ਹਾ ਪੱਧਰੀ ਕਿਸਾਨ ਮੇਲਾ 9 ਅਪ੍ਰੈਲ ਨੂੰ-ਮੁੱਖ ਖੇਤੀਬਾੜੀ ਅਫਸਰ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ
ਮੇਲੇ ਦਾ ਉਦਘਾਟਨ ਡਾ.ਰੂਹੀ ਦੁੱਗ ਡਿਪਟੀ ਕਮਿਸ਼ਨਰ ਕਰਨਗੇ
ਫ਼ਰੀਦਕੋਟ, 6 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਉਣ ਦੀ ਮੁਹਿੰਮ ਤਹਿਤ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਦਫਤਰ ਮੁੱਖ ਖੇਤੀਬਾੜੀ ਅਫਸਰ ਫ਼ਰੀਦਕੋਟ ਵਿਖੇ ਕਿਸਾਨ ਮੇਲਾ ਅਤੇ ਪ੍ਰਦਰਸ਼ਨੀਆਂ ਮਿਤੀ 9 ਅਪ੍ਰੈਲ 2022, ਦਿਨ ਸ਼ਨੀਵਾਰ ਸਵੇਰੇ 9 ਵਜੇ ਲਗਾਈਆਂ ਜਾ ਰਹੀਆਂ ਹਨ। ਕਿਸਾਨ ਮੇਲੇ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਸਟਾਫ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਵੱਲੋਂ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇਸ ਮੇਲੇ ਵਿੱਚ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ, ਭੂਮੀ ਅਤੇ ਜਲ ਰੱਖਿਆ ਵਿਭਾਗ, ਮੱਛੀ ਪਾਲਣ, ਡੇਅਰੀ ਵਿਭਾਗ, ਸਹਿਕਾਰਤਾ ਵਿਭਾਗ, ਨਿੱਜੀ ਅਦਾਰੇ ਅਤੇ ਅਗਾਹ ਵਧੂ ਕਿਸਾਨਾਂ ਵੱਲੋਂ ਵੱਖ-ਵੱਖ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸ. ਕੁਲਤਾਰ ਸਿੰਘ ਸੰਧਵਾ ਸਪੀਕਰ ਵਿਧਾਨ ਸਭਾ, ਪੰਜਾਬਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਹਲਕਾ ਫਰੀਦਕੋਟ ਅਤੇ ਸ. ਅਮੋਲਕ ਸਿੰਘ, ਵਿਧਾਇਕ ਜੈਤੋ ਇਸ ਕੈਂਪ ਦੇ ਵਿਸ਼ੇਸ਼ ਮਹਿਮਾਨ ਹੋਣਗੇ। ਕੈਂਪ ਦਾ ਉਦਘਾਟਨ ਸ਼੍ਰੀਮਤੀ ਰੂਹੀ ਦੁੱਗ, ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਆਤਮਾ, ਫਰੀਦਕੋਟ ਕਰਨਗੇ ਅਤੇ ਕੈਂਪ ਦੀ ਪ੍ਰਧਾਨਗੀ ਇੰਜ: ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ, ਪੰਜਾਬ ਕਰਨਗੇ। ਮੁੱਖ ਖੇਤੀਬਾੜੀ ਅਫਸਰ ਨੇ ਨੌਜਵਾਨ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਅਪੀਲ ਕੀਤੀ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ। ਉਨ੍ਹਾਂ ਨੇ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਇਸ ਮੇਲੇ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾਵੇ ਅਤੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿੱਚੋਂ ਅਨਾਊਂਮੈਟਾਂ ਵੀ ਕਰਵਾਈਆਂ ਜਾਣ। ਉਨ੍ਹਾਂ ਸਮੂਹ ਸਰਪੰਚ ਸਹਿਬਾਨ ਅਤੇ ਅਗਾਂਹ ਵਧੂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਲੱਗ ਰਹੇ ਇਸ ਜਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸ਼ਾਮਿਲ ਹੋਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਸਮੂਹ ਸਟਾਫ ਨੇ ਵਿਸ਼ਵਾਸ ਦਿਵਾਇਆ ਕਿ ਇਸ ਮੇਲੇ ਵਿੱਚ ਵੱਧ ਤੋਂ ਵੱਧ ਕਿਸਾਨਾਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ।
ਜਿਲ੍ਹਾ ਪੱਧਰੀ ਕਿਸਾਨ ਮੇਲਾ 9 ਅਪ੍ਰੈਲ ਨੂੰ-ਮੁੱਖ ਖੇਤੀਬਾੜੀ ਅਫਸਰ
previous post