ਜਿਲ੍ਹਾ ਪੱਧਰੀ ਵਿਸ਼ਵ ਮਲੇਰੀਆ ਦਿਵਸ ਮਨਾਇਆ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਦੇ ਤੌਰ ਤੇ ਹੋਏ ਸ਼ਾਮਲ
ਫ਼ਰੀਦਕੋਟ,25 ਅਪ੍ਰੈਲ – ਡਾਇਰੈਕਟਰ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫ਼ਰੀਦਕੋਟ ਡਾ ਸੰਜੇ ਕਪੂਰ ਦੀ ਯੋਗ ਅਗੁਵਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਫ਼ਰੀਦਕੋਟ ਵਿਖੇ ਜਿਲ੍ਹਾ ਪੱਧਰੀ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਪਹੁੰਚੇ। ਇਸ ਮੌਕੇ ਵੱਖ ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਅਤੇ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ।
ਇਸ ਮੌਕੇ ਸਮਾਰੋਹ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਸਰਦਾਰ ਗੁਰਦਿੱਤ ਸਿੰਘ ਸੇਖੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਨੂੰ ਮਲੇਰੀਆ ਮੁਕਤ ਕਰਨ ਲਈ ਸਿਹਤ ਵਿਭਾਗ ਦੇ ਉਪਰਾਲਿਆਂ ਦੇ ਨਾਲ-ਨਾਲ ਸਾਰਿਆਂ ਦੇ ਸਹਿਯੋਗ ਦੀ ਲੋਡ਼ ਹੈ l ਆਪਾਂ ਸਾਰਿਆਂ ਨੂੰ ਬਿਮਾਰੀ ਫੈਲਣ ਤੋਂ ਪਹਿਲਾਂ ਹੀ ਉਸਦੇ ਬਚਾਅ ਦੇ ਸਾਧਨਾਂ ਦੀ ਵਰਤੋਂ ਕਰ ਲੈਣੀ ਚਾਹੀਦੀ ਹੈ। ਜੇ ਆਪਾਂ ਸਿਹਤ ਵਿਭਾਗ ਵੱਲੋਂ ਦੱਸੇ ਗਏ ਬਚਾਅ ਦੇ ਸਾਧਨਾਂ ਦੀ ਵਰਤੋਂ ਅਮਲ ਵਿਚ ਨਹੀਂ ਵਰਤਦੇ ਤਾਂ ਸਿਹਤ ਤਾਂ ਖਰਾਬ ਹੁੰਦੀ ਹੀ ਹੈ ਨਾਲ ਨਾਲ ਆਰਥਿਕ ਨੁਕਸਾਨ ਵੀ ਹੁੰਦਾ ਹੈ।
ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾਕਟਰ ਸੰਜੇ ਕਪੂਰ ਨੇ ਕਿਹਾ ਕਿ ਸਿਹਤ ਵਿਭਾਗ ਮਲੇਰੀਏ ਦਾ ਖਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਲੇਰੀਆ ਰੋਕਥਾਮ ਲਈ ਲੋੜੀਂਦੀਆਂ ਦਵਾਈਆਂ ਦੇ ਪ੍ਰਬੰਧ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਲੱਮ ਏਰੀਆ ਝੁੱਗੀ ਝੌਂਪੜੀ ਅਤੇ ਭੱਠਿਆਂ, ਉਦਯੋਗਿਕ ਇਕਾਈਆਂ, ਉਸਾਰੀ ਅਧੀਨ ਇਮਾਰਤਾਂ ਵਿੱਚ ਰਹਿੰਦੀ ਲੇਬਰ ਦਾ ਸਰਵੇ ਵੀ ਕਰਵਾਇਆ ਜਾ ਰਿਹਾ ਹੈ ਅਤੇ ਬੁਖਾਰ ਵਾਲੇ ਕੇਸ ਲੱਭ ਕੇ ਮਲੇਰੀਆ ਟੈਸਟ ਕੀਤਾ ਜਾ ਰਿਹਾ ਹੈ l ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਵੀ ਇਸ ਮਲੇਰੀਆ ਖ਼ਾਤਮਾ ਕਰਨ ਵਿਚ ਯੋਗਦਾਨ ਦੇਣਾ ਚਾਹੀਦਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਹ ਟੀਚਾ ਹਾਂਸਲ ਕਰਨਾ ਔਖਾ ਹੈ l
ਜਿਲਾ ਐਪੀਡੀਮੋਲੋਜਿਸਟ ਡਾ ਹਿਮਾਂਸ਼ੂ ਗੁਪਤਾ ਨੇ ਪਾਵਰ ਪੁਆਇੰਟ ਪ੍ਰੈਜਨਟੇਸ਼ਨ ਰਾਹੀਂ ਜ਼ਿਲ੍ਹਾ ਫਰੀਦਕੋਟ ਵਿੱਚ ਮਲੇਰੀਆ ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਘਰਾਂ ਵਿੱਚ ਜਿੱਥੇ ਪਾਣੀ ਖਡ਼੍ਹਦਾ ਹੈ ਜਿਵੇਂ ਕਿ ਕੂਲਰ, ਗਮਲੇ , ਟੁੱਟੇ ਹੋਏ ਭਾਂਡੇ ਅਤੇ ਪੁਰਾਣੇ ਟਾਇਰ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ ਕਰਕੇ ਸੁਕਾਉਣਾ ਚਾਹੀਦਾ ਹੈ , ਤਾਂ ਕਿ ਮੱਛਰ ਦਾ ਲਾਰਵਾ ਪੈਦਾ ਹੋਣ ਤੋਂ ਰੋਕਿਆ ਜਾ ਸਕੇ l ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਲੇਰੀਆ ਦੇ ਟੈਸਟ ਅਤੇ ਦਵਾਈਆਂ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ। ਡਾਕਟਰ ਮੈਰੀ ਨੇ ਦੱਸਿਆ ਕਿ ਮਲੇਰੀਆ ਬੁਖਾਰ ਮਾਦਾ ਐਨਾਫ਼ਲੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਜੋ ਕਿ ਇੱਕ ਰੋਗੀ ਵਿਅਕਤੀ ਤੋਂ ਪੈਰਾਸਾਈਟ ਲੈ ਕੇ ਇਕ ਤੰਦਰੁਸਤ ਵਿਅਕਤੀ ਵਿੱਚ ਪਹੁੰਚਾਉਂਦੀ ਹੈ l ਇਸ ਲਈ ਸਿਹਤ ਵਿਭਾਗ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ।
ਜ਼ਿਲ੍ਹਾ ਮਾਸ ਮੀਡੀਆ ਅਫਸਰ ਮੀਨਾ ਕੁਮਾਰੀ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਲੇਰੀਆ ਤੋਂ ਬਚਾਅ ਲਈ ਮੱਛਰਦਾਨੀ ਦਾ ਪ੍ਰਯੋਗ, ਮੱਛਰ ਤੋਂ ਬਚਾਅ ਲਈ ਕਰੀਮਾਂ ਦੀ ਵਰਤੋਂ ਅਤੇ ਪੂਰੀਆਂ ਬਾਹਾਂ ਵਾਲੇ ਕੱਪਡ਼ੇ ਪਾਉਣੇ ਚਾਹੀਦੇ ਹਨ। ਇਕਦਮ ਤੇਜ਼ ਬੁਖਾਰ ਹੋਣ ਨਾਲ ਜਾਂ ਸਰੀਰ ਟੁੱਟਦਾ ਮਹਿਸੂਸ ਹੋਣ ਨਾਲ ਤੁਰੰਤ ਨੇੜਲੇ ਸਰਕਾਰੀ ਸਿਹਤ ਸੰਸਥਾ ਵਿਖੇ ਜਾ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ।
ਸਮਾਰੋਹ ਦੇ ਅੰਤ ਵਿੱਚ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਸਿਵਲ ਸਰਜਨ ਡਾਕਟਰ ਸੰਜੇ ਕਪੂਰ ਵੱਲੋਂ ਪੋਸਟਰ ਮੇਕਿੰਗ ਮੁਕਾਬਲੇ ਅਤੇ ਕੁਇਜ਼ ਕੰਪੀਟੀਸ਼ਨ ਵਿੱਚ ਜੇਤੂ ਵਿਦਿਆਰਥੀਆਂ ਨੂੰ ਟਰਾਫੀ ਦੇ ਕੇ ਸਨਮਾਨਤ ਕੀਤਾ।
ਸਿਵਲ ਹਸਪਤਾਲ ਫਰੀਦਕੋਟ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਚੰਦਰ ਸ਼ੇਖਰ ਅਤੇ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਬਰਾੜ ਵੱਲੋਂ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਗਏ। ਸਟੇਜ ਸੰਚਾਲਨ ਡਿਪਟੀ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ ਅਤੇ ਮੈਡਮ ਪੁਸ਼ਪਦੀਪ ਅੰਗਰੇਜ਼ੀ ਲੈਕਚਰਾਰ ਵੱਲੋਂ ਬਾਖੂਬੀ ਕੀਤਾ ਗਿਆ । ਸਮਾਰੋਹ ਨੂੰ ਸਫ਼ਲ ਬਣਾਉਣ ਵਿਚ ਸਕੂਲ ਅਧਿਆਪਕਾਂ ਅਤੇ ਮਲੇਰੀਆ ਵਿੰਗ ਦੇ ਸਾਰੇ ਮੁਲਾਜ਼ਮਾਂ ਦਾ ਸਹਿਯੋਗ ਰਿਹਾ।