ਜਿਲ੍ਹੇ ਵਿੱਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਤਿਆਰ-ਡੀ.ਸੀ. ਫਰੀਦਕੋਟ
ਫਰੀਦਕੋਟ, 10 ਜੁਲਾਈ (ਪੰਜਾਬ ਡਾਇਰੀ)- ਜਿਲ੍ਹੇ ਵਿੱਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਤਿਆਰ ਹੈ ਤੇ ਜਿਲ੍ਹਾ ਪ੍ਰਸ਼ਾਸ਼ਨ, ਐਨ.ਡੀ.ਆਰ.ਐਫ ਦੀਆਂ ਟੀਮਾਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲਿਜਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਜੇ.ਸੀ.ਬੀ., ਐਨ.ਡੀ.ਆਰ.ਐਫ ਟੀਮਾਂ, ਪੈਟਰੋਲ ਪੰਪ ਆਦਿ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਜਿਲ੍ਹੇ ਦੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਤੇ ਹਾਜ਼ਰ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਾਵੀਂ ਮਦਦ ਜਿਵੇਂ ਕਿ ਹਰਾ ਚਾਰਾ, ਦਵਾਈਆਂ, ਰਾਸ਼ਨ ਆਦਿ ਲਈ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ 24 ਘੰਟੇ ਹੜ੍ਹ ਕੰਟਰੋਲ ਰੂਮ ਚਾਲੂ ਹੈ, ਜਿਸ ਦਾ ਨੰਬਰ 01639-250338 ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੋਬਾਇਲ ਨੰਬਰਾਂ 96464-80016 ਅਤੇ 90413-55996 ਤੇ ਕਿਸੇ ਵੀ ਸਮੇਂ ਪਾਣੀ ਦੇ ਪੱਧਰ ਦੇ ਵਾਧੇ ਦੀ ਫੋਟੋ ਅਤੇ ਸ਼ਿਕਾਇਤ ਵੱਟਸਅੱਪ ਕੀਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦੀ ਨਿਕਾਸੀ ਲਈ ਪ੍ਰਸ਼ਾਸਨ ਨੂੰ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਹਰ ਸਥਿਤੀ ਨਾਲ ਨਜਿੱਠਣ ਅਤੇ ਲੋਕਾਂ ਦੀ ਹਰ ਤਰ੍ਹਾਂ ਮਦਦ ਲਈ ਕਾਰਜਸ਼ੀਲ ਹੈ।