ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਹੁੰਦੀ ਹੈ ਮਜ਼ਦੂਰੀ ਅਤੇ ਪਾਣੀ ਦੀ ਬੱਚਤ-ਡਾ. ਗਿੱਲ
ਫਰੀਦਕੋਟ 25 ਅਪ੍ਰੈਲ – (ਗੁਰਮੀਤ ਸਿੰਘ ਬਰਾੜ) ਪੰਜਾਬ ਅੰਦਰ ਜਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਇਸ ਦੇ ਨਾਲ-ਨਾਲ ਜਮੀਨ ਦੇ ਭੌਤਿਕੀ ਗੁਣਾ ਅਤੇ ਉਪਤਾਦਿਕਤਾ ਵਿੱਚ ਵੀ ਨਿਘਾਰ ਆ ਰਿਹਾ ਹੈ, ਜਿਸ ਦਾ ਮੁੱਖ ਕਾਰਨ ਲਗਾਤਾਰ ਕੱਦੂ ਕਰਕੇ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕਰਨਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਰੀਦਕੋਟ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਜਿਲ੍ਹਾ ਫਰੀਦਕੋਟ ਵਿੱਚ 20 ਮਈ ਤੱਕ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸ਼ੋਸ਼ਲ ਮੀਡੀਆ ਅਤੇ ਪ੍ਰਚਾਰ ਵੈਨਾਂ ਰਾਹੀਂ ਵੀ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਪ੍ਰਦਰਸ਼ਨੀ ਪਲਾਂਟ ਵੀ ਬਿਜਾਏ ਜਾਣਗੇ ਅਤੇ ਜਿੰਨ੍ਹਾਂ ਕਿਸਾਨਾਂ ਵੱਲੋਂ ਪਿਛਲੇ 3-4 ਸਾਲਾਂ ਤੋਂ ਸਿੱਧੀ ਬਿਜਾਈ ਚ ਸਫਲਤਾ ਹਾਸਲ ਕੀਤੀ ਹੈ, ਉਨ੍ਹਾਂ ਦੇ ਤਜ਼ਰਬੇ ਵੀ ਕਿਸਾਨਾਂ ਨਾਲ ਸਾਂਝੇ ਕੀਤੇ ਜਾ ਰਹੇ ਹਨ।ਵੱਡੇ ਪੱਧਰ ਤੇ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਕਿਸਾਨਾਂ ਨੂੰ ਉਪਲੱਬਧ ਕਰਵਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੁਦਰਤੀ ਸੋਮਿਆਂ ਨੂੰ ਬਚਾਉਣ, 20 ਤੋਂ 30 ਫੀਸਦੀ ਪਾਣੀ ਦੀ ਬੱਚਤ ਕਰਨ ਅਤੇ 30 ਫੀਸਦੀ ਮਜ਼ਦੂਰੀ ਦੀ ਬੱਚਤ ਕਰਨ ਲਈ ਕਿਸਾਨ ਵੀਰ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ।
ਡਾ. ਗਿੱਲ ਵੱਲੋਂ ਦੱਸਿਆ ਗਿਆ ਕਿ ਝੋਨੇ ਦੀ ਸਿੱਧੀ ਬਿਜਾਈ ਹਲਕੀਆਂ ਜਮੀਨਾਂ ਵਿੱਚ ਨਹੀਂ ਕਰਨੀ ਚਾਹੀਦੀ, ਕਿਉਂਕਿ ਹਲਕੀਆਂ ਜਮੀਨਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਕਾਰਨ ਝੋਨੇ ਦੀ ਫਸਲ ਵਿੱਚ ਲੋਹੇ ਦੀ ਘਾਟ ਆ ਜਾਂਦੀ ਹੈ ਅਤੇ ਪੈਦਾਵਾਰ ਕਾਫੀ ਘੱਟ ਜਾਂਦੀ ਹੈ। ਸਿੱਧੀ ਬਿਜਾਈ ਦੀ ਸਫਲਤਾ ਲਈ ਜਰੂਰੀ ਹੈ ਕਿ ਖੇਤ ਨੂੰ ਲੇਜ਼ਰ ਕਰਾਹੇ ਨਾਲ ਪੱਧਰਾ ਕਰ ਲਿਆ ਜਾਵੇ ਤਾਂ ਜੋ ਪਾਣੀ ਇੱਕਸਾਰ ਲੱਗ ਸਕੇ, ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਪੀ.ਆਰ. 126/ਬਾਸਮਤੀ 1509 /ਬਾਸਮਤੀ 1121 ਦੀ ਬਿਜਾਈ ਕੀਤੀ ਜਾਵੇ ਅਤੇ ਬਿਜਾਈ ਜੂਨ ਦੇ ਪਹਿਲੇ ਪੰਦਰਵਾੜੇ ਦੌਰਾਨ ਕੀਤੀ ਜਾਵੇ।ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਅਤੇ ਬਾਸਮਤੀ ਦੀ ਬਿਜਾਈ ਜੂਨ ਦੇ ਦੂਜੇ ਪੰਦਰਵਾੜੇ ਦੌਰਾਨ ਕੀਤੀ ਜਾਵੇ। ਝੋਨੇ ਦੀ ਬਿਜਾਈ ਲਈ ਤਰ-ਵੱਤਰ ਤਕਨੀਕ ਵਰਤੀ ਜਾਵੇ ਅਤੇ ਬਿਜਾਈ ਕਰਨ ਤੋਂ ਪਹਿਲਾਂ ਦੋ ਰੌਣੀਆਂ ਜਰੂਰ ਕੀਤੀਆਂ ਜਾਣ।ਪਹਿਲਾ ਪਾਣੀ ਬਿਜਾਈ ਕਰਨ ਤੋਂ 21 ਦਿਨ ਬਾਅਦ ਲਾਇਆ ਜਾਵੇ।
ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਸਮੱਸਿਆ ਜਿਆਦਾ ਆਉਣ ਕਰਕੇ ਬਿਜਾਈ ਤੋਂ ਦੋ ਦਿਨਾਂ ਦੇ ਅੰਦਰ-ਅੰਦਰ ਇੱਕ ਲੀਟਰ ਪੈਂਡੀਮੈਥਾਲੀਨ ਪ੍ਰਤੀ ਏਕੜ ਨੂੰ 200 ਲੀਟਰ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ ਹੈ।ਉਨ੍ਹਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਇਸ ਤਕਨੀਕ ਬਾਰੇ ਵਧੇਰੇ ਜਾਣਕਾਰੀ ਲਈ ਉਹ ਆਪਣੇ ਹਲਕੇ ਨਾਲ ਸਬੰਧਿਤ ਬਲਾਕ ਖੇਤੀਬਾੜੀ ਅਫਸਰ ਜਾਂ ਖੇਤੀਬਾੜੀ ਵਿਕਾਸ ਅਫਸਰ/ਖੇਤੀਬਾੜੀ ਵਿਸਥਾਰ ਅਫਸਰ ਨਾਲ ਤਾਲਮੇਲ ਕਰ ਸਕਦੇ ਹਨ।