ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 30 ਨਵੰਬਰ (ਡੇਲੀ ਪੋਸਟ ਪੰਜਾਬੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਲਾਲਾਬਾਦ ਦੇ ਐਮ.ਐਲ.ਏ ਜਗਦੀਪ ਕੰਬੋਜ ਗੋਲਡੀ ਨਾਲ ਆਏ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿੱਖੇ ਸਥਿਤ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਜਲਾਲਾਬਾਦ ਦੇ ਐਮ.ਐਲ.ਏ ਗੋਲਡੀ ਕੰਬੋਜ਼ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿੱਚ ਕੰਬੋਜ ਭਾਈਚਾਰਾ ਸਾਲ 1959 ਤੋਂ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਸ਼ਾਮਿਲ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿੱਚ ਇਕੱਲੀ ਕੰਬੋਜ਼ ਭਾਈਚਾਰੇ ਦੇ ਕਰਵਾਏ ਜਾ ਰਹੇ ਸਰਵੇ ਨੂੰ ਤੁਰੰਤ ਰੋਕਿਆ ਜਾਵੇ ਅਤੇ ਕੰਬੋਜ਼ ਜਾਤੀ ਨੂੰ ਪੱਛੜੀਆਂ ਸ਼੍ਰੇਣੀਆਂ ਦੀ ਲਿਸਟ ਵਿੱਚ ਪਹਿਲਾਂ ਦੀ ਤਰ੍ਹਾਂ ਹੀ ਬਰਕਰਾਰ ਰੱਖਿਆ ਜਾਵੇ। ਇਸ ਤੋਂ ਇਲਾਵਾ ਪਾਲਿਸੀ ਬਣਾਕੇ ਸੂਬੇ ਵਿੱਚ ਜਾਤੀਗਤ ਜਨਗਣਨਾ ਕਰਵਾਈ ਜਾਵੇ ਤਾਂ ਜੋ ਪੰਜਾਬ ਵਿੱਚ ਹਰ ਜਾਤੀ ਨੂੰ ਹਰ ਖੇਤਰ ਵਿੱਚ ਅਬਾਦੀ ਦੇ ਹਿਸਾਬ ਨਾਲ ਬਣਦੀ ਪ੍ਰਤੀਨਿਧਤਾ ਮਿਲ ਸਕੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੀਆਂ ਦਲੀਲਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।