ਡੀਐਮ ਗਗਨਦੀਪ ਰੰਧਾਵਾ ਦੇ ਘਰ ਦੇ ਬਾਹਰ ਬਿਜਲੀ ਦੀਆਂ ਤਾਰਾਂ ਕੱਟਣ ਵਾਲੇ ਵਿਅਕਤੀ ਦੀ ਪੁਲਿਸ ਹਿਰਾਸਤ ਵਿੱਚ ਮੌਤ, ਪਰਿਵਾਰ ਨੇ ਲਗਾਏ ਗੰਭੀਰ ਦੋਸ਼
ਰਿਪੋਰਟਾਂ ਅਨੁਸਾਰ, ਪੁਲਿਸ ਨੇ ਮ੍ਰਿਤਕ ਡੀਐਮ ਗਗਨਦੀਪ ਰੰਧਾਵਾ ਦੇ ਘਰ ਦੇ ਬਾਹਰ ਬਿਜਲੀ ਦੀਆਂ ਤਾਰਾਂ ਕੱਟਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦਾ ਪੰਜ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਇਸ ਦੌਰਾਨ ਗੁਰਬਖਸ਼ ਸਿੰਘ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ।

ਸ੍ਰੀ ਅੰਮ੍ਰਿਤਸਰ ਸਾਹਿਬ- ਅੰਮ੍ਰਿਤਸਰ ਰਣਜੀਤ ਐਵਨਿਊ ਇਲਾਕੇ ਵਿੱਚ ਮ੍ਰਿਤਕ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਘਰ ਵਿੱਚ ਬਿਜਲੀ ਦੀਆਂ ਤਾਰਾਂ ਕੱਟਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਨੌਜਵਾਨ ਗੁਰਬਖਸ਼ ਸਿੰਘ ਦੀ ਪੁਲਿਸ ਕਸਟਡੀ ਦੌਰਾਨ ਮੌਤ ਹੋਣ ਨਾਲ ਮਾਮਲਾ ਗੰਭੀਰ ਬਣ ਗਿਆ ਹੈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹਨਾਂ ਵੱਲੋਂ ਪੁਲਿਸ ‘ਤੇ ਕਈ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ।
ਜਾਣਕਾਰੀ ਅਨੁਸਾਰ, ਮ੍ਰਿਤਕ ਡੀਐਮ ਗਗਨਦੀਪ ਰੰਧਾਵਾ ਦੇ ਘਰ ਦੇ ਬਾਹਰੋਂ ਬਿਜਲੀ ਦੀਆਂ ਤਾਰਾਂ ਕੱਟਣ ਦੇ ਮਾਮਲੇ ‘ਚ ਪੁਲਿਸ ਨੇ ਦੋ ਆਰੋਪੀਆਂ ਨੂੰ ਗ੍ਰਿਫਤਾਰ ਕਰਕੇ ਪੰਜ ਦਿਨ ਦਾ ਰਿਮਾਂਡ ਹਾਸਿਲ ਕੀਤਾ ਸੀ। ਇਸ ਦੌਰਾਨ ਗੁਰਬਖਸ਼ ਸਿੰਘ ਦੀ ਤਬੀਅਤ ਖਰਾਬ ਹੋ ਗਈ ਅਤੇ ਉਹਦੀ ਮੌਤ ਹੋ ਗਈ।
ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪੁਲਿਸ ਨੇ ਉਹਨਾਂ ਦੇ ਪੁੱਤਰ ਨੂੰ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸਦੀ ਮੌਤ ਹੋਈ। ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਬਾਰ-ਬਾਰ ਪੁਲਿਸ ਨੂੰ ਨੌਜਵਾਨ ਦਾ ਢੰਗ ਨਾਲ ਇਲਾਜ ਕਰਵਾਉਣ ਲਈ ਕਿਹਾ, ਇੱਥੋਂ ਤੱਕ ਕਿ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਵੀ ਗੱਲ ਕੀਤੀ, ਪਰ ਪੁਲਿਸ ਨੇ ਉਹਨਾਂ ਦੀ ਇੱਕ ਨਾ ਸੁਣੀ।
ਪਰਿਵਾਰ ਦਾ ਇਹ ਵੀ ਕਹਿਣਾ ਹੈ ਕਿ ਨੌਜਵਾਨ ਨੇ ਦਰਦ ਦੀ ਸ਼ਿਕਾਇਤ ਕੀਤੀ ਸੀ ਅਤੇ ਮੈਡੀਕਲ ਸਹੂਲਤਾਂ ਦੇਣ ਵਿੱਚ ਲਾਪਰਵਾਹੀ ਕੀਤੀ ਗਈ। ਉਹਨਾਂ ਨੇ ਇਹ ਵੀ ਦੋਸ਼ ਲਗਾਇਆ ਕਿ ਮੌਤ ਦੀ ਸੂਚਨਾ ਵੀ ਸਮੇਂ ‘ਤੇ ਨਹੀਂ ਦਿੱਤੀ ਗਈ ਅਤੇ ਮਾਮਲੇ ਨੂੰ ਛੁਪਾਉਣ ਦੀ ਕੋਸ਼ਿਸ਼ ਕੀਤੀ ਗਈ।
ਦੂਜੇ ਪਾਸੇ, ਥਾਣਾ ਰਣਜੀਤ ਐਵਨਿਊ ਦੇ ਥਾਣਾ ਮੁੱਖੀ ਰੋਬਿਨ ਹੰਸ ਨੇ ਦੱਸਿਆ ਕਿ ਨੌਜਵਾਨ ਦੀ ਤਬੀਅਤ ਖਰਾਬ ਹੋਣ ‘ਤੇ ਉਸਦਾ ਮੈਡੀਕਲ ਕਰਵਾਇਆ ਗਿਆ ਸੀ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋਈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੱਚਾਈ ਇਨਕੁਆਇਰੀ ਤੋਂ ਬਾਅਦ ਸਾਹਮਣੇ ਆਵੇਗੀ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


