ਦਫਤਰੀ ਕਾਮਿਆਂ ਨੇ ਅੱਜ ਸੱਤਵੇਂ ਦਿਨ ਸਮੁੱਚੇ ਪੰਜਾਬ ਦੇ ਦਫਤਰਾਂ ਵਿੱਚ ਦਫਤਰੀ ਕੰਮ ਠੱਪ ਕਰਕੇ ਦਫਤਰਾਂ ਸਾਹਮਣੇ ਕੀਤੀਆਂ ਗਈਆਂ ਰੋਸ ਰੈਲੀਆਂ
ਫ਼ਰੀਦਕੋਟ, 14 ਨਵੰਬਰ (ਪੰਜਾਬ ਡਾਇਰੀ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਅੱਜ ਲਗਾਤਾਰ ਸੱਤਵੇਂ ਦਿਨ ਵੀ ਪੰਜਾਬ ਦੇ ਮਨਿਸਟਰੀਅਲ ਮੁਲਾਜ਼ਮ ਵੱਲੋਂ ਕਲਮ ਛੋੜ ਹੜਤਾਲ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਕਰਕੇ ਸਮੁੱਚਾ ਦਫਤਰੀ ਕੰਮ ਠੱਪ ਕਰਕੇ ਦਫਤਰਾਂ ਦੇ ਸਾਹਮਣੇ ਰੋਸ ਰੈਲੀਆਂ ਕੀਤੀਆਂ ਗਈਆ| ਇਹਨਾਂ ਰੋਸ ਰੈਲੀਆਂ ਵਿੱਚ ਵੱਡੀ ਗਿਣਤੀ ਵਿੱਚ ਮਨਿਸਟੀਰੀਅਲ ਮੁਲਾਜ਼ਮਾ ਵੱਲੋਂ ਸ਼ਾਮਿਲ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨ ਜੈਨ ਜ਼ਿਲ੍ਹਾ ਜਨਰਲ ਸਕੱਤਰ, ਦੇਸ ਰਾਜ ਗੁਰਜਰ ਜ਼ਿਲ੍ਹਾ ਵਿੱਤ ਸਕੱਤਰ ਅਤੇ ਸੇਵਕ ਸਿੰਘ ਜਿਲਾ ਜਨਰਲ ਸਕੱਤਰ ਡੀ.ਸੀ ਦਫਤਰ ਨੇ ਦੱਸਿਆ ਕਿ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਗਵਾਈ ਵਿੱਚ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਮਿਤੀ 10-11-2023 ਚੱਲ ਰਹੀ ਕਲਮ ਛੋੜ ਹੜਤਾਲ ਵਿੱਚ ਮਿਤੀ 20-11-2023 ਤੱਕ ਦਾ ਵਾਧਾ ਕੀਤਾ ਗਿਆ ਹੈ।
ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕੋਈ ਵੀ ਕੈਬਨਿਟ ਮੰਤਰੀ ਕਿਸੇ ਵੀ ਜ਼ਿਲੇ ਵਿੱਚ ਸਰਕਾਰੀ ਪ੍ਰੋਗਰਾਮ ਵਿੱਚ ਆਉਂਦਾ ਹੈ ਤਾਂ ਉਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਜ਼ਾਹਰ ਕੀਤਾ ਜਾਵੇਗਾ| ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਵੱਲੋ ਵਿਸ਼ਾਲ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਸਰਕਾਰ ਨੇ ਪਿਛਲੇ ਸਮੇਂ ਹੋਈ ਮੀਟਿੰਗ ਵਿੱਚ ਮੰਨੀਆਂ ਮੰਗਾਂ ਦੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੇ ਅਤੇ ਨਾ ਹੀ ਵਾਅਦੇ ਮੁਤਾਬਕ ਜਥੇਬੰਦੀ ਨੂੰ ਦੁਬਾਰਾ ਮੀਟਿੰਗ ਲਈ ਸਮਾਂ ਦਿੱਤਾ ਹੈ| ਜਿਸ ਕਰਕੇ ਮਨਿਸਟੀਰੀਅਲ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ| ਇਹਨਾਂ ਰੈਲੀਆਂ ਨੂੰ ਸੰਬੋਧਿਤ ਕਰਦੇ ਹੋਏ ਬੁਲਾਰਿਆਂ ਨੇ ਦੱਸਿਆ ਕਿ ਮਿਤੀ 29.09.2023 ਨੂੰ ਕੈਬਨਿਟ ਸਬ ਕਮੇਟੀ ਦੇ ਦੋ ਸੀਨੀਅਰ ਮੰਤਰੀਆਂ ਸ਼੍ਰੀ ਅਮਨ ਅਰੋੜਾ ਅਤੇ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਜੀ ਅਤੇ ਵਿੱਤ ਵਿਭਾਗ, ਪ੍ਰਸੋਨਲ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਵਫਦ ਨਾਲ ਮੀਟਿੰਗ ਕੀਤੀ ਗਈ ਸੀ। ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ ਸੀ| ਜਿਸ ਕਰਕੇ ਸੂਬਾ ਬਾਡੀ ਵੱਲੋਂ ਮਿਤੀ 5-10-2023 ਤੋਂ ਦਿੱਤੇ ਗਏ ਕਲਮ ਛੋੜ ਹੜਤਾਲ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ|
ਸਰਕਾਰ ਨਾਲ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੱਪਲ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ, ਅਨੁਜ ਸ਼ਰਮਾ ਸੂਬਾ ਵਿੱਤ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਮੁੱਦੇ ਨੂੰ ਵਿਸਥਾਰ ਨਾਲ ਸੁਣਿਆ ਗਿਆ ਸੀ।ਮੁਲਾਜ਼ਮਾਂ ਦੇ ਜੀ.ਪੀ. ਫੰਡ ਖਾਤੇ ਖੋਲ੍ਹਣ ਸਬੰਧੀ ਸਹਿਮਤੀ ਪ੍ਰਗਟਾਈ ਸੀ ਅਤੇ SOP ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ ਅਤੇ ਜਲਦੀ ਪੁਰਾਣੀ ਪੈਨਸ਼ਨ ਸਬੰਧੀ ਸਪੱਸ਼ਟ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਸਟੈਨੋ ਦੀ ਤਰੱਕੀ ਲਈ ਤਜਵੀਜ਼ ਜਲਦ ਕੈਬਨਿਟ ਸਬ ਕਮੇਟੀ ਦੇ ਸਾਹਮਣੇ ਪੇਸ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ, ਪੇ ਕਮਿਸ਼ਨ ਦੀਆਂ ਤਰੁੱਟੀਆਂ ਨਾਲ ਸਬੰਧਤ ਮਸਲੇ ਸਰਕਾਰ ਵੱਲੋਂ ਗਠਿਤ ਅਨਾਮਲੀ ਕਮੇਟੀ ਨਾਲ ਵਿਚਾਰਨ ਲਈ ਜਥੇਬੰਦੀ ਨੂੰ ਕਿਹਾ ਗਿਆ ।
ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਸੀ ਕਿ ਕਮੇਟੀ ਨਾਲ ਤੁਰੰਤ ਮੀਟਿੰਗ ਕਰਵਾਈ ਜਾਵੇ, ਸੀਨੀਅਰ ਸਹਾਇਕ ਦੀਆਂ 25 ਪ੍ਰਤੀਸ਼ਤ ਸਿੱਧੀ ਭਰਤੀ ਦੀਆਂ ਪੋਸਟਾਂ ਖਤਮ ਕਰਕੇ 100 ਫੀਸਦੀ ਤਰੱਕੀ ਰਾਹੀਂ ਭਰਨ ਲਈ ਤਜਵੀਜ਼ ਪੇਸ਼ ਕਰਨ ਸਬੰਧੀ ਅਧਿਕਾਰੀਆਂ ਨੂੰ ਕਿਹਾ ਗਿਆ ਸੀ, ਸੀਨੀਅਰ ਸਹਾਇਕ ਤੋਂ ਸੁਪਰਡੈਂਟ ਗ੍ਰੇਡ-2 ਦੀ ਪ੍ਰਮੋਸ਼ਨ ਲਈ ਤਜਰਬਾ ਖਤਮ ਕਰਨ ਲਈ ਪ੍ਰਪੋਜਲ ਪੁੱਟ ਕਰਨ ਲਈ ਕਿਹਾ ਗਿਆ ਸੀ, ਤਰਸ ਦੇ ਅਧਾਰ ਤੇ ਭਰਤੀ ਹੋਏ ਕਲਰਕਾਂ ਨੂੰ ਟਾਈਪ ਟੈਸਟ ਤੋਂ ਛੋਟ ਦੇ ਕੇ 120 ਘੰਟੇ ਕੰਪਿਊਟਰ ਟ੍ਰੇਨਿੰਗ ਦਾ ਕੋਰਸ ਮੰਨਣ ਦਾ ਪੱਤਰ ਤੁਰੰਤ ਜਾਰੀ ਕਰਨ ਦੀ ਹਦਾਇਤ ਕੀਤੀ ਗਈ ਸੀ, ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਸਬੰਧੀ ਵਿਭਾਗਾਂ ਨੂੰ ਹਦਾਇਤ ਕਰਨ ਲਈ ਮੌਕੇ ਤੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਗਿਆ ਸੀ ਕਿ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ, ਅਸਾਮੀ ਖਾਲੀ ਹੋਣ ਤੋਂ ਇੱਕ ਮਹੀਨੇ ਦੇ ਅੰਦਰ ਅੰਦਰ ਹਰ ਹਾਲਤ ਵਿੱਚ ਤਰੱਕੀ ਰਾਹੀਂ ਭਰੀਆਂ ਜਾਣ|
ਸਰਕਾਰ ਵੱਲੋਂ ਸਾਰੀ ਕਾਰਵਾਈ ਮੁਕੰਮਲ ਕਰਕੇ ਜਥੇਬੰਦੀ ਨਾਲ 20 ਦਿਨਾਂ ਦੇ ਅੰਦਰ ਅੰਦਰ ਕੈਬਨਿਟ ਸਬ ਕਮੇਟੀ ਨਾਲ ਦੁਬਾਰਾ ਪੈਨਲ ਮੀਟਿੰਗ ਕਰਨ ਦਾ ਵਿਸ਼ਵਾਸ ਦਿੱਤਾ ਗਿਆ ਸੀ|ਸਰਕਾਰ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਨਾ ਤਾਂ ਮੀਟਿੰਗ ਦੀ ਪ੍ਰੋਸੀਡਿੰਗ ਜਾਰੀ ਕੀਤੀ ਗਈ ਅਤੇ ਨਾ ਹੀ ਮੰਨੀਆਂ ਗਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ ਅਤੇ ਨਾ ਹੀ ਜਥੇਬੰਦੀਆਂ ਨਾਲ ਦੁਬਾਰਾ ਪੈਨਲ ਮੀਟਿੰਗ ਕੀਤੀ ਗਈ ਹੈ| ਜਿਸ ਕਰਕੇ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਸਬੰਧੀ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕਰਨ ਲਈ ਮਜਬੂਰ ਹੋਣਾ ਪਿਆ| ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਰੀਕ ਸਿੰਘ ਸੰਧੂ ਪ੍ਰਧਾਨ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਦੱਸਿਆ ਗਿਆ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਇੱਕ ਪੰਦਰਵਾੜਾ ਮਨਵਾਉਣ ਦਾ ਐਲਾਨ ਕੀਤਾ ਗਿਆ, ਜਿਸ ਤਹਿਤ ਮਿਤੀ 23-10-2023 ਤੋਂ ਹਰ ਰੋਜ ਸਵੇਰੇ ਇੱਕ ਘੰਟੇ ਲਈ ਸਮਾਂ 9-00 ਤੋ 10-00 ਵਜੇ ਤੱਕ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਕਰਕੇ ਦਫਤਰੀ ਕੰਮ ਠੱਪ ਰੱਖਿਆ ਗਿਆ ਹੈ| ਮਿਤੀ 8-11-2023 ਤੋਂ ਪੰਜਾਬ ਦਾ ਸਮੁੱਚਾ ਮੁਲਾਜ਼ਮ ਕਲਮ ਛੋੜ/ਕੰਪਿਊਟਰ ਛੋੜ ਹੜਤਾਲ ਕੀਤੀ ਗਈ, ਜਿਸ ਸਬੰਧੀ ਸਮੁੱਚੇ ਪੰਜਾਬ ਦੀ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਵੱਖ ਵੱਖ ਦਫਤਰਾਂ ਵਿੱਚ ਜਾ ਕੇ ਰੋਸ ਰੈਲੀਆਂ ਕੀਤੀਆਂ ਗਈਆਂ ਅਤੇ ਇਹ ਵੀ ਕਿਹਾ ਗਿਆ ਕਿ ਪਬਲਿਕ ਨੂੰ ਹੋਣ ਵਾਲੀ ਖੱਜਲ ਖੁਆਰੀ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੈ|