ਦਰਬਾਰ ਸਾਹਿਬ ਕੰਪਲੈਕਸ ‘ਚ ਬੇਅਦਬੀ ਦੀ ਕੋਸ਼ਿਸ਼ ਮਾਮਲੇ ‘ਚ ਨਵਾਂ ਖੁਲਾਸਾ, ਮੁਲਜ਼ਮ ਦੀ ਵੀਡੀਓ ਆਈ ਸਾਹਮਣੇ
ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਸ ਦਰਜ ਕਰ ਲਿਆ ਹੈ ਅਤੇ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਨਾਲ ਹੀ ਇਹ ਵੀ ਖੰਗਾਲਿਆ ਜਾ ਰਿਹਾ ਹੈ ਕਿ ਇਸ ਹਰਕਤ ਪਿੱਛੇ ਉਸ ਦੀ ਨਿੱਜੀ ਮਨਸ਼ਾ ਸੀ ਜਾਂ ਫਿਰ ਇਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੈ।

ਸ੍ਰੀ ਅੰਮ੍ਰਿਤਸਰ ਸਾਹਿਬ
ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਇੱਕ ਨਵਾਂ ਖੁਲਾਸਾ ਹੋਇਆ ਹੈ। ਇਸ ਘਟਨਾ ਦੇ ਦੋਸ਼ੀ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਉਹ ਦੱਸਦਾ ਨਜ਼ਰ ਆ ਰਿਹਾ ਹੈ ਕਿ ਅੰਬਾਲਾ ਵਿੱਚ ਉਸ ਦੀ ਗੱਡੀ ਦਾ ਚਲਾਨ ਕੱਟਿਆ ਗਿਆ ਸੀ। ਇਸ ਤੋਂ ਬਾਅਦ ਉਹ ਬੱਸ ਰਾਹੀਂ ਪਹਿਲਾਂ ਜਲੰਧਰ ਅਤੇ ਫਿਰ ਅੰਮ੍ਰਿਤਸਰ ਪਹੁੰਚਿਆ। ਮੁਲਜ਼ਮ ਦਾ ਕਹਿਣਾ ਹੈ ਕਿ ਉਹ ਇਕੱਲਾ ਹੀ ਆਇਆ ਸੀ। ਵੀਡੀਓ ਵਿੱਚ ਉਹ ਇਹ ਵੀ ਆਖਦਾ ਸੁਣਾਈ ਦੇ ਰਿਹਾ ਹੈ ਕਿ ਉਸ ਨੂੰ ਮੌਤ ਦਾ ਕੋਈ ਡਰ ਨਹੀਂ ਹੈ ਅਤੇ ਜੇਕਰ ਉਸ ਤੋਂ ਕੋਈ ਗਲਤੀ ਹੋਈ ਹੈ ਤਾਂ ਉਸ ਨੂੰ ਮਾਰ ਦਿੱਤਾ ਜਾਵੇ। ਮੁੱਢਲੀ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਦੋਸ਼ੀ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਸ ਦਰਜ ਕਰ ਲਿਆ ਹੈ ਅਤੇ ਉਸ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਨਾਲ ਹੀ ਇਹ ਵੀ ਖੰਗਾਲਿਆ ਜਾ ਰਿਹਾ ਹੈ ਕਿ ਇਸ ਹਰਕਤ ਪਿੱਛੇ ਉਸ ਦੀ ਨਿੱਜੀ ਮਨਸ਼ਾ ਸੀ ਜਾਂ ਫਿਰ ਇਹ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੈ।
ਕਿਵੇਂ ਵਾਪਰੀ ਇਹ ਪੂਰੀ ਘਟਨਾ
ਮਿਲੀ ਜਾਣਕਾਰੀ ਮੁਤਾਬਕ ਕਰੀਬ 35 ਸਾਲ ਦਾ ਇੱਕ ਵਿਅਕਤੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚਿਆ ਸੀ। ਸ਼ੁਰੂ ਵਿੱਚ ਉਸ ਨੇ ਆਮ ਸ਼ਰਧਾਲੂ ਵਾਂਗ ਦਰਸ਼ਨ ਕੀਤੇ ਅਤੇ ਨਤਮਸਤਕ ਹੋਇਆ, ਪਰ ਕੁਝ ਸਮੇਂ ਬਾਅਦ ਉਸ ਦੀਆਂ ਹਰਕਤਾਂ ਸ਼ੱਕੀ ਲੱਗਣ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਪਹੁੰਚ ਕੇ ਉਸ ਨੇ ਗੁਰੂ ਸਾਹਿਬ ਦੇ ਅੱਗੇ ਸੁਸ਼ੋਭਿਤ ਕੀਤੇ ਪਾਵਨ ਸ਼ਸਤਰਾਂ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਮੌਕੇ ‘ਤੇ ਡਿਊਟੀ ਨਿਭਾ ਰਹੇ ਸੇਵਾਦਾਰਾਂ ਨੇ ਫੁਰਤੀ ਦਿਖਾਉਂਦੇ ਹੋਏ ਉਸ ਨੂੰ ਤੁਰੰਤ ਕਾਬੂ ਕਰ ਲਿਆ ਅਤੇ ਇਸ ਸਬੰਧੀ ਸੁਰੱਖਿਆ ਕਰਮਚਾਰੀਆਂ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ।
-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


