ਦੋਸਾਂਝ ਕਲਾਂ ’ਚ ਕੰਧ ’ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ, ਮੂੰਹ ਢੱਕ ਕੇ ਆਏ ਲੋਕਾਂ ਦੀ CCTV ਰਾਹੀਂ ਭਾਲ
ਜਾਣਕਾਰੀ ਅਨੁਸਾਰ, ਪਿੰਡ ਵਿੱਚ ਇੱਕ ਵਿਅਕਤੀ ਦੇ ਘਰ ਦੀ ਬਾਹਰੀ ਕੰਧ ’ਤੇ ਸਪਰੇਅ ਪੇਂਟ ਨਾਲ ‘ਖਾਲਿਸਤਾਨ ਜ਼ਿੰਦਾਬਾਦ’ ਸਮੇਤ ਕੁਝ ਨਾਅਰੇ ਲਿਖੇ ਗਏ।

ਫਿਲੌਰ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ ਵਿੱਚ ਇੱਕ ਘਰ ਦੀ ਕੰਧ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਦਿਲਜੀਤ ਦੋਸਾਂਝ ਦੇ ਘਰ ਦੇ ਨੇੜੇ ਵਾਪਰੀ ਦੱਸੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ, ਪਿੰਡ ਵਿੱਚ ਇੱਕ ਵਿਅਕਤੀ ਦੇ ਘਰ ਦੀ ਬਾਹਰੀ ਕੰਧ ’ਤੇ ਸਪਰੇਅ ਪੇਂਟ ਨਾਲ ‘ਖਾਲਿਸਤਾਨ ਜ਼ਿੰਦਾਬਾਦ’ ਸਮੇਤ ਕੁਝ ਨਾਅਰੇ ਲਿਖੇ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਵਿੱਚ ਚਰਚਾ ਦਾ ਮਾਹੌਲ ਬਣ ਗਿਆ।
ਘਰ ਦੇ ਮਾਲਕ ਦੇ ਇੱਕ ਗੁਆਂਢੀ ਨੇ ਦੱਸਿਆ ਕਿ ਰਾਤ ਦੇ ਸਮੇਂ ਕਰੀਬ ਚਾਰ ਤੋਂ ਪੰਜ ਵਿਅਕਤੀ ਉੱਥੇ ਆਏ ਸਨ। ਉਨ੍ਹਾਂ ਨੇ ਆਪਣੇ ਚਿਹਰੇ ਢੱਕੇ ਹੋਏ ਸਨ ਅਤੇ ਕਥਿਤ ਤੌਰ ’ਤੇ ਸਪਰੇਅ ਦੀ ਵਰਤੋਂ ਕਰਕੇ ਕੰਧ ’ਤੇ ਨਾਅਰੇ ਲਿਖੇ। ਗੁਆਂਢੀ ਮੁਤਾਬਕ ਇਹ ਕੰਧ ਦਿਲਜੀਤ ਦੋਸਾਂਝ ਦੇ ਘਰ ਦੀ ਨਹੀਂ ਹੈ, ਬਲਕਿ ਉਨ੍ਹਾਂ ਦੇ ਘਰ ਤੋਂ ਲਗਭਗ 100 ਗਜ਼ ਦੂਰ ਸਥਿਤ ਹੈ। ਉਸ ਨੇ ਇਹ ਵੀ ਕਿਹਾ ਕਿ ਘਰ ਦੇ ਮਾਲਕ ਦਾ ਕਿਸੇ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।
ਘਟਨਾ ਸਾਹਮਣੇ ਆਉਣ ਤੋਂ ਬਾਅਦ ਪਿੰਡ ਦੀ ਪੰਚਾਇਤ ਨੇ ਕੰਧ ’ਤੇ ਲਿਖੇ ਨਾਅਰਿਆਂ ਨੂੰ ਹਟਵਾ ਦਿੱਤਾ। ਇਸ ਤੋਂ ਬਾਅਦ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ।
ਸੂਚਨਾ ਮਿਲਦੇ ਹੀ ਡੀਐਸਪੀ ਭਰਤ ਮਸੀਹ ਪੁਲਿਸ ਟੀਮ ਦੇ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਆਸ-ਪਾਸ ਲੱਗੇ CCTV ਕੈਮਰਿਆਂ ਦੀ ਰਿਕਾਰਡਿੰਗ ਵੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਰਾਤ ਸਮੇਂ ਉੱਥੇ ਆਏ ਵਿਅਕਤੀ ਕੌਣ ਸਨ ਅਤੇ ਉਹ ਕਿਹੜੇ ਰਸਤੇ ਰਾਹੀਂ ਆਏ ਤੇ ਵਾਪਸ ਗਏ।
ਡੀਐਸਪੀ ਭਰਤ ਮਸੀਹ ਮੁਤਾਬਕ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜਾਂਚ ਦੌਰਾਨ CCTV ਫੁਟੇਜ ਤੋਂ ਇਲਾਵਾ ਹੋਰ ਉਪਲਬਧ ਸਬੂਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀ ਵਿਅਕਤੀਆਂ ਦੀ ਪਛਾਣ ਹੋਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਹਿਲਾਂ ਵੀ ਦਿਲਜੀਤ ਦੇ ਪ੍ਰੋਗਰਾਮ ਦੌਰਾਨ ਸਾਹਮਣੇ ਆ ਚੁੱਕੀ ਹੈ ਅਜਿਹੀ ਘਟਨਾ
ਦਿਲਜੀਤ ਦੋਸਾਂਝ ਦੇ ਵਿਦੇਸ਼ਾਂ ਵਿੱਚ ਹੋਣ ਵਾਲੇ ਪ੍ਰੋਗਰਾਮ ਵੀ ਪਹਿਲਾਂ ਕੁਝ ਵਿਰੋਧ ਪ੍ਰਦਰਸ਼ਨਾਂ ਕਾਰਨ ਚਰਚਾ ਵਿੱਚ ਰਹੇ ਹਨ। ਇਸੇ ਸਾਲ ਸੈਨ ਫਰਾਂਸਿਸਕੋ ਵਿੱਚ ਹੋਏ ਉਨ੍ਹਾਂ ਦੇ ਇੱਕ ਲਾਈਵ ਕੰਸਰਟ ਦੌਰਾਨ ਇੱਕ ਪ੍ਰਦਰਸ਼ਨਕਾਰੀ ਸੁਰੱਖਿਆ ਪ੍ਰਬੰਧਾਂ ਨੂੰ ਪਾਰ ਕਰਕੇ ਝੰਡਾ ਲੈ ਕੇ ਸਟੇਜ ਤੱਕ ਪਹੁੰਚ ਗਿਆ ਸੀ।
ਘਟਨਾ ਤੋਂ ਬਾਅਦ ਵੈਨਿਊ ਦੇ ਸੁਰੱਖਿਆ ਕਰਮਚਾਰੀਆਂ ਅਤੇ ਸਥਾਨਕ ਪੁਲਿਸ ਨੇ ਤੁਰੰਤ ਦਖਲ ਦਿੰਦਿਆਂ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਸੀ। ਇਸ ਤੋਂ ਇਲਾਵਾ, ਦਿਲਜੀਤ ਦੇ ਕੁਝ ਪ੍ਰੋਗਰਾਮਾਂ ਨੂੰ ਲੈ ਕੇ ਵਿਰੋਧ ਅਤੇ ਉਨ੍ਹਾਂ ਨੂੰ ਰੋਕਣ ਸਬੰਧੀ ਧਮਕੀਆਂ ਦੀਆਂ ਖ਼ਬਰਾਂ ਵੀ ਪਹਿਲਾਂ ਸਾਹਮਣੇ ਆਉਂਦੀਆਂ ਰਹੀਆਂ ਹਨ।
ਫਿਲਹਾਲ ਦੋਸਾਂਝ ਕਲਾਂ ਵਿੱਚ ਕੰਧ ’ਤੇ ਲਿਖੇ ਨਾਅਰਿਆਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਜਾਰੀ ਹੈ ਅਤੇ CCTV ਫੁਟੇਜ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ


