ਨਸ਼ੇ ਦੇ ਖਾਤਮੇ ਲਈ ਭਗਵੰਤ ਮਾਨ ਸਰਕਾਰ ਦਾ ਐਕਸ਼ਨ ਪਲਾਨ ਤਿਆਰ, ਜਾਣੋ ਨਵੀਂ ਅੱਪਡੇਟ
ਚੰਡੀਗੜ੍ਹ, 12 ਮਈ : – (ਪੰਜਾਬ ਡਾਇਰੀ) ਭਗਵੰਤ ਮਾਨ ਸਰਕਾਰ ਨੇ ਪੰਜਾਬ ‘ਚ ਨਸ਼ਿਆਂ ਖਿਲਾਫ ਐਕਸ਼ਨ ਪਲਾਨ ਤਿਆਰ ਕਰ ਲਿਆ ਹੈ। ਦੱਸ ਦੇਈਏ ਕਿ ਹੁਣ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੀਆਂ ਟੀਮਾਂ ਸੂਬੇ ਭਰ ਵਿੱਚ ਤਾਇਨਾਤ ਕੀਤੀਆਂ ਜਾ ਰਹੀਆਂ ਹਨ।
ਹਰ ਜ਼ਿਲ੍ਹੇ ਵਿੱਚ ਐਸਟੀਐਫ ਦੀਆਂ 2-2 ਟੀਮਾਂ ਤਾਇਨਾਤ ਕਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਸਰਹੱਦੀ ਖੇਤਰ ਵਿੱਚ 4-4 ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨੂੰ ਐਸਟੀਐਫ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਲਈ ਚੰਡੀਗੜ੍ਹ ਤਲਬ ਕੀਤਾ ਹੋਇਆ ਹੈ, ਜਿਸ ਦੀ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਚੱਲ ਰਹੀ ਹੈ।
ਪੰਜਾਬ ਵਿੱਚ ਡਰੱਗ ਮਾਫੀਆ ਇੱਕ ਵੱਡਾ ਮੁੱਦਾ ਹੈ। ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੁੱਦਾ ਬਣਾ ਕੇ ਸੱਤਾ ਹਾਸਲ ਕੀਤੀ। ਹਾਲਾਂਕਿ ਉਹ ਮਾਫੀਆ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕਰ ਸਕੇ ਸਨ ਅਤੇ ਹੁਣ ਆਮ ਆਦਮੀ ਪਾਰਟੀ ਨੇ ਇਸ ਨੂੰ ਮੁੱਦਾ ਬਣਾ ਸੱਤਾ ‘ਤੇ ਕਾਬਜ਼ ਹੋਈ ਹੈ। ਇਸ ਦੇ ਨਾਲ ਹੀ ਮਾਨ ਸਰਕਾਰ ਦੇ ਕਾਬਜ਼ ਹੋਂਦਿਆਂ ਸਾਰ ਕਈ ਲੋਕਾਂ ਦੀ ਨਸ਼ੇ ਨਾਲ ਮੌਤ ਦੀ ਖ਼ਬਰ ਵੀ ਸਾਹਮਣੇ ਆਈ ਹੈ।
ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਵੀ ਸਪੈਸ਼ਲ ਟਾਸਕ ਫੋਰਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਐਸਟੀਐਫ ਦੇ ਮੁਖੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਇਸ ਟੀਮ ਵਿੱਚ ਸ਼ਾਮਲ ਹੋਏ ਹਨ।
ਇਹ ਵੀ ਜਾਣਕਾਰੀ ਹਾਸਿਲ ਹੋਈ ਹੈ ਕਿ ਫੀਲਡ ਵਿੱਚ ਐਸਟੀਐਫ ਦੀਆਂ ਟੀਮਾਂ ਨੂੰ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਨਹੀਂ ਮਿਲ ਰਿਹਾ ਹੈ। ਜਿਸ ਨੂੰ ਮੁੱਖ ਰੱਖਦਿਆਂ ਅੱਜ ਮਾਨ ਨੇ ਐਸਐਸਪੀ ਅਤੇ ਡੀਸੀ ਦੀ ਮੀਟਿੰਗ ਸੱਦੀ ਹੈ।