ਨੀਟ ਮੁੜ ਪ੍ਰੀਖਿਆ ਤੋਂ ਪਹਿਲਾਂ ਕੇਂਦਰ ਦਾ ਵੱਡਾ ਫੈਸਲਾ, ਟੈਲੀਗ੍ਰਾਮ ਸੇਵਾ ਅਸਥਾਈ ਤੌਰ ‘ਤੇ ਕੀਤੀ ਬੰਦ
ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਪ੍ਰੀਖਿਆ ਨੂੰ ਨਿਰਪੱਖ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਵਿੱਚ ਮਦਦ ਮਿਲੇਗੀ।

ਦਿੱਲੀ
ਕੇਂਦਰ ਸਰਕਾਰ ਨੇ ਮੈਸੇਜਿੰਗ ਐਪ ਟੈਲੀਗ੍ਰਾਮ ਨੂੰ ਕੁਝ ਸਮੇਂ ਲਈ ਬਲਾਕ ਕਰਨ ਦਾ ਫੈਸਲਾ ਲਿਆ ਹੈ। ਇਹ ਕਦਮ ਨੀਟ (UG) 2026 ਦੀ ਮੁੜ ਪ੍ਰੀਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਵੀ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਪ੍ਰੀਖਿਆ ਨੂੰ ਨਿਰਪੱਖ ਅਤੇ ਸੁਰੱਖਿਅਤ ਢੰਗ ਨਾਲ ਕਰਵਾਉਣ ਵਿੱਚ ਮਦਦ ਮਿਲੇਗੀ।
ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ (MeitY) ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਭਾਰਤ ਵਿੱਚ ਟੈਲੀਗ੍ਰਾਮ ਦੀਆਂ ਸੇਵਾਵਾਂ ਨੂੰ 22 ਜੂਨ, 2026 ਤੱਕ ਅਸਥਾਈ ਤੌਰ ‘ਤੇ ਬਲਾਕ ਕੀਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ 21 ਜੂਨ ਨੂੰ ਹੋਣ ਵਾਲੀ ਨੀਟ (UG) 2026 ਦੀ ਮੁੜ ਪ੍ਰੀਖਿਆ ਦੀ ਸੁਰੱਖਿਆ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ।
ਐਨਟੀਏ ਨੇ ਪਾਬੰਦੀ ਪਿੱਛੇ ਦੱਸਿਆ ਇਹ ਵੱਡਾ ਕਾਰਨ
ਐਨਟੀਏ ਮੁਤਾਬਕ, ਟੈਲੀਗ੍ਰਾਮ ‘ਤੇ ਅਸਥਾਈ ਰੋਕ ਲਗਾਉਣ ਨਾਲ ਪ੍ਰਸ਼ਨ ਪੱਤਰਾਂ ਦੇ ਕਥਿਤ ਲੀਕ ਹੋਣ, ਅਫਵਾਹਾਂ ਅਤੇ ਪ੍ਰੀਖਿਆ ਨਾਲ ਜੁੜੀ ਗਲਤ ਜਾਣਕਾਰੀ ਦੇ ਪ੍ਰਸਾਰ ਨੂੰ ਰੋਕਣ ਵਿੱਚ ਮਦਦ ਮਿਲੇਗੀ। ਏਜੰਸੀ ਦਾ ਕਹਿਣਾ ਹੈ ਕਿ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਅਤੇ ਪਾਰਦਰਸ਼ਤਾ ਨੂੰ ਕਾਇਮ ਰੱਖਣਾ ਉਸਦੀ ਪਹਿਲੀ ਤਰਜੀਹ ਹੈ।
ਐਨਟੀਏ ਦੇ ਅਨੁਸਾਰ ਪਿਛਲੇ ਕੁਝ ਸਾਲਾਂ ਦੌਰਾਨ ਕਈ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸੋਸ਼ਲ ਮੀਡੀਆ ਅਤੇ ਮੈਸੇਜਿੰਗ ਪਲੇਟਫਾਰਮਾਂ ਰਾਹੀਂ ਗਲਤ ਜਾਣਕਾਰੀ ਅਤੇ ਪ੍ਰੀਖਿਆ ਸਮੱਗਰੀ ਦੇ ਕਥਿਤ ਪ੍ਰਸਾਰ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਲਈ ਇਸ ਵਾਰ ਇਹ ਫੈਸਲਾ ਇੱਕ ਸਾਵਧਾਨੀ ਭਰਿਆ ਕਦਮ ਮੰਨ ਕੇ ਲਿਆ ਗਿਆ ਹੈ। ਨਾਲ ਹੀ ਏਜੰਸੀ ਨੇ ਮੁੜ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਿਰਫ਼ ਅਧਿਕਾਰਤ ਵੈੱਬਸਾਈਟ ਅਤੇ ਸਰਕਾਰੀ ਜਾਣਕਾਰੀ ਸਰੋਤਾਂ ‘ਤੇ ਹੀ ਭਰੋਸਾ ਕਰਨ ਅਤੇ ਕਿਸੇ ਵੀ ਅਪੁਸ਼ਟ ਖ਼ਬਰ ਜਾਂ ਅਫਵਾਹ ਤੋਂ ਦੂਰ ਰਹਿਣ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


