ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਬਿੱਟੂ ਨੇ ਚੁੱਕੇ ਸਵਾਲ, ਪੁਰਾਣੇ ਵਰਕਰਾਂ ਦੀ ਅਣਦੇਖੀ ਦਾ ਲਾਇਆ ਦੋਸ਼
ਕਾਂਗਰਸ ਦੇ ਇਸ ਫ਼ੈਸਲੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਤੀਕਿਰਿਆ ਦਿੰਦਿਆਂ ਪਾਰਟੀ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਆਪਣੇ ਪੁਰਾਣੇ ਅਤੇ ਵਫ਼ਾਦਾਰ ਆਗੂਆਂ ਤੇ ਵਰਕਰਾਂ ਨੂੰ ਬਣਦਾ ਸਥਾਨ ਦੇਣ ਵਿੱਚ ਨਾਕਾਮ ਰਹੀ ਹੈ।

ਚੰਡੀਗੜ੍ਹ
ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਓਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਕਾਂਗਰਸ ਦੇ ਇਸ ਫ਼ੈਸਲੇ ’ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਤੀਕਿਰਿਆ ਦਿੰਦਿਆਂ ਪਾਰਟੀ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਆਪਣੇ ਪੁਰਾਣੇ ਅਤੇ ਵਫ਼ਾਦਾਰ ਆਗੂਆਂ ਤੇ ਵਰਕਰਾਂ ਨੂੰ ਬਣਦਾ ਸਥਾਨ ਦੇਣ ਵਿੱਚ ਨਾਕਾਮ ਰਹੀ ਹੈ।
ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪਿਛਲੇ ਸਿਆਸੀ ਰਿਕਾਰਡ ’ਤੇ ਨਜ਼ਰ ਮਾਰੀ ਜਾਵੇ ਤਾਂ ਅਹਿਮ ਚੋਣਾਂ ਤੋਂ ਪਹਿਲਾਂ ਕਈ ਅਜਿਹੇ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ, ਜਿਨ੍ਹਾਂ ਦਾ ਪਿਛੋਕੜ ਰਵਾਇਤੀ ਕਾਂਗਰਸੀ ਜਥੇਬੰਦੀ ਨਾਲ ਨਹੀਂ ਸੀ। ਉਨ੍ਹਾਂ ਮੁਤਾਬਕ, ਇਸ ਦੇ ਉਲਟ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਰਹੇ ਵਫ਼ਾਦਾਰ ਆਗੂ ਅਤੇ ਵਰਕਰ ਆਪਣੀ ਵਾਰੀ ਦੀ ਉਡੀਕ ਕਰਦੇ ਰਹਿ ਗਏ।
ਪਾਰਟੀ ਦੀ ਅੰਦਰੂਨੀ ਕਾਰਜਪ੍ਰਣਾਲੀ ’ਤੇ ਚੁੱਕੇ ਸਵਾਲ
ਬਿੱਟੂ ਨੇ ਕਿਹਾ ਕਿ ਜ਼ਮੀਨੀ ਪੱਧਰ ’ਤੇ ਸਾਲਾਂ ਤੱਕ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਪਾਰਟੀ ਹਾਈਕਮਾਂਡ ਤੋਂ ਮਾਣ-ਸਤਿਕਾਰ ਅਤੇ ਬਣਦੀ ਜ਼ਿੰਮੇਵਾਰੀ ਦੀ ਆਸ ਹੁੰਦੀ ਹੈ। ਪਰ ਉਨ੍ਹਾਂ ਦੇ ਦੋਸ਼ ਅਨੁਸਾਰ, ਕਾਂਗਰਸ ਵਿੱਚ ਵਫ਼ਾਦਾਰੀ ਨੂੰ ਤਰਜੀਹ ਦੇਣ ਦੀ ਬਜਾਏ ਸਿਆਸੀ ਸਹੂਲਤਾਂ, ਅੰਦਰੂਨੀ ਧੜੇਬੰਦੀ ਅਤੇ ਪਸੰਦੀਦਾ ਆਗੂਆਂ ਨੂੰ ਅੱਗੇ ਲਿਆਉਣ ਨੂੰ ਮਹੱਤਵ ਦਿੱਤਾ ਜਾਂਦਾ ਹੈ।
ਰਾਹੁਲ ਗਾਂਧੀ ਨੂੰ ਵੀ ਠਹਿਰਾਇਆ ਜ਼ਿੰਮੇਵਾਰ
ਕਾਂਗਰਸ ਵਿੱਚ ਆਪਣੇ ਪੁਰਾਣੇ ਸਿਆਸੀ ਸਫ਼ਰ ਦਾ ਜ਼ਿਕਰ ਕਰਦਿਆਂ ਬਿੱਟੂ ਨੇ ਕਿਹਾ ਕਿ ਪਾਰਟੀ ਦੀ ਕਥਿਤ ‘ਵਰਤੋ ਅਤੇ ਸੁੱਟੋ’ ਵਾਲੀ ਨੀਤੀ ਕਾਰਨ ਵਫ਼ਾਦਾਰ ਆਗੂਆਂ ਅਤੇ ਵਰਕਰਾਂ ਵਿੱਚ ਨਿਰਾਸ਼ਾ ਪੈਦਾ ਹੋ ਰਹੀ ਹੈ। ਉਨ੍ਹਾਂ ਇਸ ਸਥਿਤੀ ਲਈ ਰਾਹੁਲ ਗਾਂਧੀ ਨੂੰ ਜ਼ਿੰਮੇਵਾਰ ਠਹਿਰਾਇਆ।
ਬਿੱਟੂ ਨੇ ਕਿਹਾ ਕਿ ਉਹ ਇਸ ਸਿਆਸੀ ਸੱਭਿਆਚਾਰ ਨੂੰ ਪਹਿਲਾਂ ਹੀ ਸਮਝ ਚੁੱਕੇ ਸਨ ਅਤੇ ਇਸੇ ਕਾਰਨ ਉਨ੍ਹਾਂ ਨੇ ਸਮਾਂ ਰਹਿੰਦਿਆਂ ਆਪਣਾ ਵੱਖਰਾ ਰਸਤਾ ਚੁਣ ਲਿਆ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਪ੍ਰਤੀ ਵਫ਼ਾਦਾਰੀ ਦਾ ਸਨਮਾਨ ਹੋਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਦੇ ਸਵੈ-ਮਾਣ ਨੂੰ ਠੇਸ ਪਹੁੰਚਦੀ ਹੈ ਤਾਂ ਉਸ ਨੂੰ ਆਪਣਾ ਰਸਤਾ ਚੁਣਨ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਦੇ ਵਫ਼ਾਦਾਰ ਵਰਕਰਾਂ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ
ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਂਡ ਨੇ ਸਾਬਕਾ ਓਲੰਪੀਅਨ ਅਤੇ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ।
ਕਾਂਗਰਸ ਵੱਲੋਂ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਸ ਨਿਯੁਕਤੀ ਦਾ ਅਧਿਕਾਰਤ ਐਲਾਨ ਕੀਤਾ ਗਿਆ। ਪਾਰਟੀ ਅਨੁਸਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਰਗਟ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਇਹ ਜ਼ਿੰਮੇਵਾਰੀ ਸੌਂਪੀ ਹੈ। ਇਹ ਐਲਾਨ ਰਾਜਾ ਵੜਿੰਗ ਵੱਲੋਂ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪਣ ਤੋਂ ਕੁਝ ਸਮੇਂ ਬਾਅਦ ਹੋਇਆ। ਰਾਜਾ ਵੜਿੰਗ ਚਾਰ ਸਾਲ ਤੋਂ ਵੱਧ ਸਮੇਂ ਤੱਕ ਪੰਜਾਬ ਕਾਂਗਰਸ ਦੀ ਅਗਵਾਈ ਕਰਦੇ ਰਹੇ ਸਨ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


