ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਟਾਟਾ ਟਰੱਸਟ ਅਤੇ ਖੇਤੀਬਾੜੀ ਵਿਭਾਗ ਦੀ ਹੋਈ ਅਹਿਮ ਮੀਟਿੰਗ
ਫਰੀਦਕੋਟ 4 ਸਤੰਬਰ (ਪੰਜਾਬ ਡਾਇਰੀ)- ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਦੀ ਪ੍ਰਧਾਨਗੀ ਹੇਠ ਝੋਨੇ/ਬਾਸਮਤੀ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਟਾਟਾ ਟਰੱਸਟ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਦੀ ਅਹਿਮ ਮੀਟਿੰਗ ਹੋਈ।
ਇਸ ਵਿੱਚ ਡਾ. ਗਿੱਲ ਨੇ ਦੱਸਿਆ ਕਿ ਫਰੀਦਕੋਟ ਜਿਲ੍ਹੇ ਵਿੱਚ ਪਿਛਲੇ 5 ਸਾਲਾਂ ਦੌਰਾਨ ਤਕਰੀਬਨ 5400 ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀ ਮਸ਼ੀਨਰੀ ਸਬਸਿਡੀ ਤੇ ਦਿੱਤੀ ਜਾ ਚੁੱਕੀ ਹੈ ਅਤੇ ਇਸ ਸਾਲ ਵੀ ਸੀ.ਆਰ.ਐਮ ਅਤੇ ਸਮੈਮ ਸਕੀਮ ਅਧੀਨ ਨਿੱਜੀ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਖੇਤੀ ਮਸ਼ੀਨਰੀ ਤੇ ਸਬਸਿਡੀ ਦਿੱਤੀ ਜਾਣੀ ਹੈ।
ਆਰ.ਜੀ.ਆਰ ਸੈਲ (ਟਾਟਾ ਟਰੱਸਟ) ਦੇ ਏਰੀਆ ਮੈਨੇਜਰ ਸ੍ਰੀ ਹਰਮਨਦੀਪ ਸਿੰਘ ਨੇ ਦੱਸਿਆ ਕਿ ਟਾਟਾ ਟਰੱਸਟ ਵੀ ਪਰਾਲੀ ਦੀ ਸਾਂਭ ਸੰਭਾਲ ਲਈ ਕੰਮ ਕਰ ਰਹੀ ਹੈ ਅਤੇ ਇਨਾਂ ਵੱਲੋਂ ਵੀ ਜਿਲ੍ਹਾ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਨੂੰ ਅਡਾਪਟ ਕਰਕੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ ਦੇ ਪਲਾਟ, ਘੱਟ ਸਮਾਂ ਅਤੇ ਵੱਧ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੇ ਤੁਲਨਾਤਮਕ ਪਲਾਟ, ਇਨ-ਸੀਟੂ ਮੈਨੇਜਮੈਂਟ ਦੇ ਪਲਾਂਟ, ਨੁੱਕੜ ਨਾਟਕ ਤੇ ਕੈਂਪ ਆਦਿ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤੀ ਜਾ ਰਿਹਾ ਹੈ।
ਮੀਟਿੰਗ ਵਿੱਚ ਵਿਭਾਗ ਅਤੇ ਟਰੱਸਟ ਦੇ ਸਟਾਫ ਵੱਲੋਂ ਆਉਣ ਵਾਲੇ ਝੋਨੇ ਦੀ ਵਾਢੀ ਦੇ ਸੀਜਨ ਦੌਰਾਨ ਤਾਲਮੇਲ ਕਰਕੇ ਕੰਮ ਕਰਨ ਦਾ ਸੰਕਲਪ ਕੀਤਾ ਗਿਆ ਤਾਂ ਜ਼ੋ ਪਰਾਲੀ ਨੂੰ ਅੱਗ ਲਾਉਣ ਵਾਲੀ ਪ੍ਰਥਾ ਨੂੰ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਇੰਜੀਨੀਅਰ ਅਕਸ਼ਿਤ ਜੈਨ ਅਤੇ ਖੇਤੀਬਾੜੀ ਵਿਕਾਸ ਅਫਸਰ ਅਸ਼ਵਨੀ ਕੁਮਾਰ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ।